Breaking News
Home / ਪੰਜਾਬ / ਭਗਵੰਤ ਮਾਨ ਨੇ ਜੀ-20 ਸੰਮੇਲਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਭਗਵੰਤ ਮਾਨ ਨੇ ਜੀ-20 ਸੰਮੇਲਨ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

15 ਤੋਂ 17 ਮਾਰਚ ਅਤੇ 22 ਤੇ 23 ਜੂਨ ਨੂੰ ਹੋਣਗੇ ਦੋ ਸੈਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿਚ ਹੋਣ ਵਾਲੇ ਜੀ-20 ਸੰਮੇਲਨ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਕੱਤਰੇਤ ਵਿਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜੀ-20 ਸਮਾਗਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੰਜਾਬ ਵਿੱਚ 15, 16 ਤੇ 17 ਮਾਰਚ ਨੂੰ ਸਿੱਖਿਆ ਅਤੇ 22 ਤੇ 23 ਜੂਨ ਨੂੰ ਕਿਰਤ ਦੇ ਮੁੱਦੇ ‘ਤੇ ਦੋ ਸੈਸ਼ਨ ਹੋਣਗੇ। ਇਹ ਦੋਵੇਂ ਸੈਸ਼ਨ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਹੋ ਰਹੇ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਸੰਮੇਲਨ ਪੰਜਾਬ ਨੂੰ ਵਪਾਰ ਪੱਖੋਂ ਸਭ ਤੋਂ ਤਰਜੀਹੀ ਸਥਾਨ ਵਜੋਂ ਵਿਸ਼ਵ ਭਰ ਵਿੱਚ ਉਭਾਰੇਗਾ ਅਤੇ ਇਸ ਨਾਲ ਸਰਕਾਰ ਨੂੰ ਨਵੇਂ ਕਾਰੋਬਾਰਾਂ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਪ੍ਰਾਪਤੀਆਂ ਦੱਸਣ ਦਾ ਮੌਕਾ ਵੀ ਮਿਲੇਗਾ। ਇਸ ਸੰਮੇਲਨ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਵੱਧ ਤੋਂ ਵੱਧ ਨਿਵੇਸ਼ ਖਿੱਚਿਆ ਜਾ ਸਕਦਾ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਅੰਮ੍ਰਿਤਸਰ ਦੇ ਬੁਨਿਆਦੀ ਢਾਂਚੇ ਦਾ ਸੁਧਾਰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ। ਇਥੇ ਜੋ ਵੀ ਕੰਮ ਕੀਤਾ ਜਾਵੇ, ਉਹ ਉੱਚ ਮਿਆਰ ਦਾ ਹੋਵੇ।
ਭਗਵੰਤ ਮਾਨ ਨੇ ਕਿਹਾ ਕਿ ਬੁਨਿਆਦੀ ਢਾਂਚੇ ਦਾ ਨਵੀਨੀਕਰਨ ਤੇ ਵਿਕਾਸ ਸ਼ਹਿਰ ਵਾਸੀਆਂ ਲਈ ਲੰਮੇ ਸਮੇਂ ਤੱਕ ਲਾਭਦਾਇਕ ਰਹੇਗਾ। ਇਸ ਮੌਕੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ.ਟੀ.ਓ., ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਡੀ.ਜੀ.ਪੀ. ਗੌਰਵ ਯਾਦਵ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਸੁਨਾਮ ’ਚ ਮਨਰੇਗਾ ਮਜ਼ਦੂਰਾਂ ’ਤੇ ਜਾ ਚੜ੍ਹਿਆ ਟਰੱਕ-4 ਮੌਤਾਂ

ਦੁਪਹਿਰ ਦਾ ਖਾਣਾ ਖਾ ਰਹੇ ਮਨਰੇਗਾ ਮਜ਼ਦੂਰਾਂ ਨੂੰ ਟਰੱਕ ਨੇ ਦਰੜਿਆ ਸੁਨਾਮ/ਬਿਊਰੋ ਨਿਊਜ਼ ਸੁਨਾਮ ਵਿਚ …