ਕੌਮੀ ਘੱਟ ਗਿਣਤੀ ਕਮਿਸ਼ਨ ਨੇ ਐਕਟ ਲਾਗੂ ਕਰਨ ਲਈ ਸੂਬਿਆਂ ਨੂੰ ਪੱਤਰ ਲਿਖਿਆ
ਨਵੀਂ ਦਿੱਲੀ : ਘੱਟ ਗਿਣਤੀਆਂ ਬਾਰੇ ਕੌਮੀ ਕਮਿਸ਼ਨ ਨੇ ਸੂਬਾ ਸਰਕਾਰਾਂ ਨੂੰ ਪੱਤਰ ਲਿਖ ਕੇ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਕਿਹਾ ਹੈ। ਸਾਰੀਆਂ ਸੂਬਾ ਸਰਕਾਰਾਂ ਨੂੰ ਕਿਹਾ ਗਿਆ ਹੈ ਕਿ ਉਹ ਐਕਟ ਤਹਿਤ ਸਿੱਖਾਂ ਲਈ ਵਿਆਹ ਰਜਿਸਟਰੇਸ਼ਨ ਦੇ ਨਿਯਮ ਤੈਅ ਕਰਨ। ਕਮਿਸ਼ਨ ਦੇ ਚੇਅਰਪਰਸਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ ਆਨੰਦ ਮੈਰਿਜ ਐਕਟ ਲਾਗੂ ਨਾ ਹੋਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ ਜਿਸ ਕਾਰਨ ਸਿੱਖਾਂ ਨੂੰ ਆਪਣੇ ਵਿਆਹ ਰਜਿਸਟਰ ਕਰਾਉਣ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, ”ਐਕਟ 1909 ‘ਚ ਪਾਸ ਹੋਇਆ ਸੀ ਪਰ ਕੋਈ ਵੀ ਨੇਮ ਲਾਗੂ ਨਹੀਂ ਕੀਤਾ ਗਿਆ ਹੈ। ਸਾਲ 2012 ‘ਚ ਇਸ ‘ਚ ਕਾਰਜ ਸ਼ਬਦ ਜੋੜ ਕੇ ਸੋਧ ਕੀਤੀ ਗਈ ਹੈ।” ਕਮਿਸ਼ਨ ਨੇ ਬਿਆਨ ‘ਚ ਕਿਹਾ ਕਿ ਪੰਜਾਬ ‘ਚ ਸਰਕਾਰ ਨੇ ਕਦੇ ਵੀ ਨੇਮ ਨਹੀਂ ਬਣਾਏ ਹਨ। ਲਾਲਪੁਰਾ ਨੇ ਕਿਹਾ ਕਿ ਕੇਰਲਾ, ਦਿੱਲੀ ਅਤੇ ਮੱਧ ਪ੍ਰਦੇਸ਼ ਦੀਆਂ ਸਰਕਾਰਾਂ ਨੇ ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਨੋਟੀਫਿਕੇਸ਼ਨ ਅਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਪਿਛਲੇ ਸਾਲ 14 ਦਸੰਬਰ ਨੂੰ ਸਾਰੇ ਸੂਬਿਆਂ ਨੂੰ ਪੱਤਰ ਲਿਖ ਕੇ ਐਕਟ ਅਧਿਸੂਚਿਤ ਕਰਨ ਲਈ ਕਿਹਾ ਹੈ। ਕਮਿਸ਼ਨ ਦੇ ਕੌਮੀ ਦਫ਼ਤਰ ਸੀਜੀਓ ਕੰਪਲੈਕਸ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਲਾਲਪੁਰਾ ਨੇ ਕਿਹਾ ਕਿ ਲਤੀਫਪੁਰਾ (ਜਲੰਧਰ) ਉਜਾੜੇ ਬਾਰੇ ਵੀ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਜਾਵੇਗੀ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …