ਭਗਵੰਤ ਮਾਨ ਨੂੰ ਵੀ ਅਜ਼ਾਦ ਢੰਗ ਨਾਲ ਸਰਕਾਰ ਚਲਾਉਣ ਦੀ ਦਿੱਤੀ ਸਲਾਹ
ਹੁਸ਼ਿਆਰਪੁਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਆਸੀ ਨਿਸ਼ਾਨੇ ‘ਤੇ ਲੈਂਦਿਆਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਹੁਸ਼ਿਆਰਪੁਰ ‘ਚ ਕਿਹਾ ਕਿ ਉਨ੍ਹਾਂ ਨੂੰ ਕਿਸੇ ਦੇ ਰਿਮੋਟ ਕੰਟਰੋਲ ਹੇਠ ਨਹੀਂ ਰਹਿਣਾ ਚਾਹੀਦਾ ਅਤੇ ਉਨ੍ਹਾਂ ਆਜ਼ਾਦ ਢੰਗ ਨਾਲ ਸਰਕਾਰ ਚਲਾਉਣੀ ਚਾਹੀਦੀ ਹੈ। ਰਾਹੁਲ ਗਾਂਧੀ ਨੇ ਆਪਣੀ ਭਾਰਤ ਜੋੜੋ ਯਾਤਰਾ ਦੌਰਾਨ ਇੱਥੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਪੰਜਾਬ ਤੋਂ ਚਲਾਇਆ ਜਾਣਾ ਚਾਹੀਦਾ ਹੈ। ਇਸ ਨੂੰ ਦਿੱਲੀ ਤੋਂ ਨਹੀਂ ਚਲਾਇਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਹੋ। ਪੰਜਾਬ ਨੂੰ ਪੰਜਾਬ ਤੋਂ ਹੀ ਚਲਾਇਆ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੂੰ ਕੇਜਰੀਵਾਲ ਜੀ ਅਤੇ ਦਿੱਲੀ ਦੇ ਦਬਾਅ ਹੇਠ ਨਹੀਂ ਆਉਣਾ ਚਾਹੀਦਾ। ਤੁਹਾਨੂੰ ਆਜ਼ਾਦ ਢੰਗ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਕਿਸੇ ਦੇ ਰਿਮੋਟ ਕੰਟਰੋਲ ਹੇਠ ਨਹੀਂ ਆਉਣਾ ਚਾਹੀਦਾ।
ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੂੰ ਵਿਰੋਧੀ ਧਿਰਾਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਨ੍ਹਾਂ ਵੱਲੋਂ ਆਰੋਪ ਲਾਇਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਸਾਰੇ ਵੱਡੇ ਫ਼ੈਸਲੇ ਦਿੱਲੀ ‘ਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਏ ਜਾ ਰਹੇ ਹਨ। ਰਾਹੁਲ ਨੇ ਕਿਹਾ ਕਿ ਯਾਤਰਾ ਨੂੰ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਆਰੋਪ ਲਗਾਇਆ ਕਿ ਦੇਸ਼ ‘ਚ ਨਫਰਤ ਤੇ ਡਰ ਫੈਲਾਇਆ ਜਾ ਰਿਹਾ ਹੈ ਅਤੇ ਭਰਾ ਨੂੰ ਭਰਾ ਖਿਲਾਫ ਖੜ੍ਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਬੇਰੁਜ਼ਗਾਰੀ ਤੇ ਮਹਿੰਗਾਈ ਦੇ ਮੁੱਦੇ ‘ਤੇ ਵੀ ਭਾਜਪਾ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੀ ਯਾਤਰਾ ਨਫਰਤ ਦੇ ਬਾਜ਼ਾਰ ‘ਚ ਪਿਆਰ ਦੀਆਂ ਦੁਕਾਨਾਂ ਖੋਲ੍ਹ ਰਹੀ ਹੈ।
Check Also
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ
ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …