ਸ੍ਰੀਨਗਰ ਰੈਲੀ ਵਿਚ ਸ਼ਾਮਲ ਹੋ ਸਕਦੇ ਹਨ ਨਵਜੋਤ ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੀ ਲੀਡਰਸ਼ਿਪ ਵਿਚ ਹੁਣ ਥੋੜ੍ਹੀ ਬੇਚੈਨੀ ਚੱਲ ਰਹੀ ਹੈ। ਇਸਦਾ ਕਾਰਨ ਇਹ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚੋਂ ਬਾਹਰ ਆਉਣਾ। ਧਿਆਨ ਰਹੇ ਕਿ ਰੋਡ ਰੇਜ਼ ਦੇ ਮਾਮਲੇ ਇਕ ਸਾਲ ਦੀ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਆਉਂਦੀ 26 ਜਨਵਰੀ ਨੂੰ ਜੇਲ੍ਹ ਵਿਚੋਂ ਰਿਹਾਅ ਹੋ ਸਕਦੇ ਹਨ। ਉਧਰ ਦੂਜੇ ਪਾਸੇ ਰਾਹੁਲ ਗਾਂਧੀ ਦੀ ‘ਭਾਰਤ ਜੋੜੋ’ ਯਾਤਰਾ ਲਈ ਨਵਜੋਤ ਸਿੱਧੂ ਨੂੰ ਸੱਦਾ ਮਿਲ ਚੁੱਕਾ ਹੈ ਅਤੇ ਇਹ ਯਾਤਰਾ ਹੁਣ ਜੰਮੂ ਕਸ਼ਮੀਰ ਵਿਚ ਚੱਲ ਰਹੀ ਹੈ, ਜਿਸਦਾ ਸਮਾਪਤੀ ਸਮਾਰੋਹ 30 ਜਨਵਰੀ ਨੂੰ ਜੰਮੂ ਕਸ਼ਮੀਰ ਵਿਚ ਹੀ ਹੋਣਾ ਹੈ। ਇਸੇ ਦੌਰਾਨ ਕਾਂਗਰਸ ਦੀ ਸ੍ਰੀਨਗਰ ਵਿਚ ਹੋ ਰਹੀ ਰੈਲੀ ਲਈ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਵਿਚ ਵੱਡੀ ਜ਼ਿੰਮੇਵਾਰੀ ਦੇਣ ਦੀ ਗੱਲ ਵੀ ਆਖੀ ਸੀ। ਇਹ ਤਾਂ ਹੁਣ ਨਵਜੋਤ ਸਿੰਘ ਸਿੱਧੂ ਦੇ ਜੇਲ੍ਹ ਵਿਚੋਂ ਬਾਹਰ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਨਵਜੋਤ ਸਿੱਧੂ ਨੂੰ ਪਾਰਟੀ ਵਿਚ ਕਿਹੜੀ ਜ਼ਿੰਮੇਵਾਰੀ ਮਿਲਦੀ ਹੈ। ਅਜੇ ਤੱਕ ਤਾਂ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਸੋਚਣ ਲਈ ਮਜ਼ਬੂਰ ਹੋ ਰਹੇ ਹਨ। ਸਭ ਤੋਂ ਅਹਿਮ ਗੱਲ ਇਹ ਵੀ ਹੈ ਕਿ ਮਨਪ੍ਰੀਤ ਸਿੰਘ ਬਾਦਲ, ਜੋ ਪਿਛਲੇ ਦਿਨੀਂ ਭਾਜਪਾ ਵਿਚ ਸ਼ਾਮਲ ਹੋ ਗਏ ਸਨ, ਉਨ੍ਹਾਂ ਨੇ ਵੀ ਭਾਜਪਾ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਨਵਜੋਤ ਸਿੱਧੂ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਸੀ।

