ਪੰਜਾਬ ਵਿਧਾਨ ਸਭਾ ਦੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਅੰਮਿ੍ਰਤਸਰ (ਉਤਰੀ) ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਈਮੇਲ ਦੇ ਮਾਧਿਅਮ ਰਾਹੀਂ ਭੇਜਿਆ ਹੈ। ਹਾਲਾਂਕਿ ਫਿਲਹਾਲ ਇਹ ਅਸਤੀਫਾ ਮਨਜੂਰ ਨਹੀਂ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ। ਪਰ ਵਿਧਾਨ ਸਭਾ ਇਜਲਾਸ ਦੇ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਲੰਮੀ ਚਰਚਾ ਕਰਨ ਦੀ ਮੰਗ ਕੀਤੀ ਸੀ। ਨਾਲ ਹੀ ਚਰਚਾ ਦੇ ਲਈ ਪੂਰਾ ਦਿਨ ਨਿਰਧਾਰਤ ਕਰਨ ਦੀ ਅਪੀਲ ਵੀ ਕੀਤੀ ਸੀ। ਪਰ ਵਿਧਾਨ ਸਭਾ ਵਲੋਂ ਇਸ ਮੰਗ ਨੂੰ ਨਹੀਂ ਮੰਨਿਆ ਗਿਆ। ਭਰੋਸਾ ਕਮੇਟੀ ਨੇ ਪੰਜਾਬ ਦੇ ਚੀਫ ਸੈਕਟਰੀ ਅਤੇ ਡੀਜੀਪੀ ਨੂੰ ਮੌਖਿਕ ਰੂਪ ਨਾਲ ਤਲਬ ਕੀਤਾ ਸੀ। ਪਰ ਉਸੇ ਦਿਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਾਰੀਆਂ ਕਮੇਟੀਆਂ ਦੇ ਚੇਅਰਮੈਨਾਂ ਦੀ ਮੀਟਿੰਗ ਬੁਲਾਉਣ ਕਰਕੇ ਕੁੰਵਰ ਵਿਜੇ ਪ੍ਰਤਾਪ ਨੂੰ ਆਪਣੀ ਮੀਟਿੰਗ ਰੱਦ ਕਰਨੀ ਪਈ ਸੀ। ਮੰਨਿਆ ਜਾ ਰਿਹਾ ਹੈ ਕਿ ਇਸੇ ਨਰਾਜ਼ਗੀ ਦੇ ਚੱਲਦਿਆਂ ਕੁੰਵਰ ਵਿਜੇ ਪ੍ਰਤਾਪ ਨੇ ਆਪਣਾ ਅਸਤੀਫਾ ਭੇਜਿਆ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …