144 ਪੁਸਤਕਾਂ ਲਿਖ ਚੁੱਕੇ ਹਨ ਡਾ. ਜੱਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਸਰਕਾਰ ਵਲੋਂ ਪੰਜਾਬ ਦੇ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਨੂੰ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿਚ ਪਦਮਸ੍ਰੀ ਪੁਰਸਕਾਰ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ 74ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ਦੇ ਅਵਸਰ ’ਤੇ ਪਦਮ ਸਨਮਾਨ 2023 ਦੀ ਸੂਚੀ ਨੂੰ ਮਨਜੂਰੀ ਦਿੱਤੀ ਗਈ ਹੈ। ਇਹ ਪੁਰਸਕਾਰ ਹਰ ਸਾਲ ਮਾਰਚ ਜਾਂ ਅਪ੍ਰੈਲ ’ਚ ਰਾਸ਼ਟਰਪਤੀ ਭਵਨ ਵਿਖੇ ਹੋਣ ਵਾਲੇ ਸਮਾਗਮ ਦੌਰਾਨ ਪ੍ਰਦਾਨ ਕੀਤੇ ਜਾਂਦੇ ਹਨ। ਪਦਮਸ੍ਰੀ ਹਾਸਲ ਕਰਨ ਵਾਲੀਆਂ ਸ਼ਖ਼ਸੀਅਤਾਂ ਵਿੱਚ ਪੰਜਾਬ ਤੋਂ ਉੱਘੇ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਸਾਹਿਤ ਤੇ ਸਿੱਖਿਆ ਦੇ ਖੇਤਰ ਵਿਚ ਇਹ ਮਾਣਮੱਤਾ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਡਾ. ਜੱਗੀ ਪੰਜਾਬੀ ਤੇ ਹਿੰਦੀ ਸਾਹਿਤ ਜਗਤ ਅਤੇ ਵਿਸ਼ੇਸ਼ ਤੌਰ ’ਤੇ ਗੁਰਮਤਿ ਸਾਹਿਤ ਦੇ ਉੱਘੇ ਵਿਦਵਾਨ ਹਨ। ਉਨ੍ਹਾਂ ਨੇ ਆਪਣੇ ਜੀਵਨ ਦਾ 70 ਸਾਲ ਤੋਂ ਜ਼ਿਆਦਾ ਸਮਾਂ ਪੰਜਾਬੀ, ਹਿੰਦੀ ਸਾਹਿਤ ਅਤੇ ਗੁਰਮਤਿ ਸਾਹਿਤ ਦੀ ਸੇਵਾ ਲਈ ਸਮਰਪਿਤ ਕੀਤਾ ਹੈ। ਡਾ. ਰਤਨ ਸਿੰਘ ਜੱਗੀ 95 ਸਾਲਾਂ ਦੀ ਉਮਰ ਵਿਚ ਵੀ ਸਮਾਜ ਨੂੰ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਡਾ. ਜੱਗੀ ਹੁਣ ਤੱਕ ਕਰੀਬ 144 ਪੁਸਤਕਾਂ ਲਿਖ ਚੁੱਕੇ ਹਨ। ਦੱਸਣਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਡਾ. ਰਤਨ ਸਿੰਘ ਜੱਗੀ ਹੋਰਾਂ ਨੂੰ ਲਾਈਫ ਫੈਲੋਸ਼ਿਪ ਪ੍ਰਦਾਨ ਕੀਤੀ ਗਈ ਹੈ।