Breaking News
Home / ਮੁੱਖ ਲੇਖ / ਨਵੇਂ ਸਿਆਸੀ ਸਮੀਕਰਣਾਂ ਦਾ ਵਰ੍ਹਾ ਹੋ ਨਿਬੜਿਆ -2022

ਨਵੇਂ ਸਿਆਸੀ ਸਮੀਕਰਣਾਂ ਦਾ ਵਰ੍ਹਾ ਹੋ ਨਿਬੜਿਆ -2022

ਗੁਰਮੀਤ ਸਿੰਘ ਪਲਾਹੀ
ਸਾਲ 2022 ਲੰਘ ਗਿਆ ਹੈ। ਇਹ ਵਰ੍ਹਾ ਭਾਰਤ, ਜਿੱਥੇ ਹਰ ਦੂਜੇ-ਚੌਥੇ ਮਹੀਨੇ ਕੋਈ ਨਾ ਕੋਈ ਚੋਣ ਸੰਗਰਾਮ ਮੱਚਿਆ ਹੀ ਰਹਿੰਦਾ ਹੈ, ਲਈ ਬਹੁਤ ਅਹਿਮ ਇਸ ਕਰਕੇ ਵੀ ਰਿਹਾ ਕਿ ਇਹ ਦੇਸ਼ ਦੀਆਂ 2024 ਦੀਆਂ ਲੋਕ ਸਭਾ ਚੋਣਾਂ ਦਾ ਚੋਣ ਸੈਮੀਫਾਈਨਲ ਗਿਣਿਆ ਗਿਆ।
ਫਰਵਰੀ – ਮਾਰਚ 2022 ਵਿਚ ਪੰਜ ਰਾਜਾਂ ਉਤਰ ਪ੍ਰਦੇਸ਼, ਉਤਰਾਖੰਡ, ਮਣੀਪੁਰ, ਗੋਆ ਅਤੇ ਪੰਜਾਬ ਦੀਆਂ 690 ਸੀਟਾਂ ਲਈ ਵਿਧਾਨ ਸਭਾ ਚੋਣਾਂ ਸੰਪਨ ਹੋਈਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਹਨਾਂ ਦੀ ਪਾਰਟੀ ਭਾਜਪਾ ਦੇ ਆਗੂਆਂ ਨੇ ਅੱਡੀ ਚੋਟੀ ਦਾ ਜ਼ੋਰ ਲਾਇਆ ਚੋਣਾਂ ਜਿੱਤਣ ਲਈ ਅਤੇ ਉਤਰ ਪ੍ਰਦੇਸ਼ ਜਿਸ ਨੂੰ ਜਿੱਤਣਾ ਉਹਨਾਂ ਲਈ ਇੱਜ਼ਤ ਦਾ ਸਵਾਲ ਬਣਾਇਆ ਸੀ , ਭਾਜਪਾ ਨੇ ਜਿੱਤ ਲਿਆ। ਹਾਲਾਂਕਿ ਕਿਸਾਨ ਮੋਰਚੇ ਕਾਰਨ ਉਸਦਾ ਵੱਡਾ ਸਿਆਸੀ ਨੁਕਸਾਨ ਹੋਇਆ, ਪਰ ਇਸਦੀ ਭਰਪਾਈ ਭਾਜਪਾ ਨੇ ਫਿਰਕੂ ਧਰੁਵੀਕਰਨ ਨਾਲ ਕਰਨ ਦਾ ਯਤਨ ਕੀਤਾ। ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਆਪਣਾ ਝੰਡਾ ਗੱਡ ਲਿਆ ਤੇ ਕਾਂਗਰਸ ਨੂੰ ਪੰਜਾਬ ਤੋਂ ਰੁਖਸਤ ਕਰ ਦਿੱਤਾ। ਭਾਰਤ ਦੇ ਰਾਸ਼ਟਰਪਤੀ ਦੀ ਚੋਣ ਵਿਚ ਭਾਜਪਾ ਨੇ ਆਪਣਾ ਉਮੀਦਵਾਰ ਖੜ੍ਹਾ ਕਰਕੇ, ਵਿਰੋਧੀ ਧਿਰ ਦੇ ਕੁਝ ਵਿਧਾਇਕ, ਲੋਕ ਸਭਾ ਮੈਂਬਰ ਵੀ ਆਪਣੇ ਪਾਲੇ ਵਿਚ ਕਰ ਲਏ ਅਤੇ ਇੱਕ ਆਦਿਵਾਸੀ ਨੇਤਾ ਦਰੋਪਦੀ ਮੁਰਮੂ ਨੂੰ ਰਾਸ਼ਟਰਪਤੀ ਦੇ ਅਹੁਦੇ ‘ਤੇ ਬਿਠਾ ਲਿਆ ਅਤੇ ਇਹ ਸਿੱਧ ਕਰਨ ਦਾ ਯਤਨ ਕੀਤਾ ਕਿ ਭਾਜਪਾ, ਗਰੀਬ ਲੋਕਾਂ, ਆਦਿਵਾਸੀਆਂ ਦਾ ਪੂਰਾ ਸਨਮਾਨ ਕਰਦੀ ਹੈ ਅਤੇ ਉਹਨਾਂ ਨੂੰ ਦੇਸ਼ ਦੀ ਸਿਆਸਤ ਵਿੱਚ ਪੂਰਾ ਮਾਣ-ਤਾਣ ਦਿੰਦੀ ਹੈ।
ਅਗਸਤ 2022 ਵਿਚ ਭਾਜਪਾ ਨੇ ਉਪ ਰਾਸ਼ਟਰਪਤੀ ਦੀ ਚੋਣ ਜਿੱਤ ਲਈ। ਰਾਜਸਥਾਨ ਦੇ ਨੇਤਾ ਜਗਦੀਸ਼ ਧਨਖੜ, ਜੋ ਪੱਛਮੀ ਬੰਗਾਲ ਦੇ ਰਾਜਪਾਲ ਸਨ, ਨੂੰ ਪੱਛਮੀ ਬੰਗਾਲ ਤ੍ਰਿਣਮੂਲ ਕਾਂਗਰਸ ਸਰਕਾਰ ਨੂੰ ਪ੍ਰੇਸ਼ਾਨ ਕਰਨ ਲਈ ਦਿੱਤੇ ਯੋਗਦਾਨ ਵਜੋਂ ਦੇਸ਼ ਦਾ ਉਪ ਰਾਸ਼ਟਰਪਤੀ ਬਣਾ ਦਿੱਤਾ। ਨਵੰਬਰ -ਦਸੰਬਰ 2022 ਵਿਚ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਭਾਜਪਾ ਨੇ ਚੋਣਾਂ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਅਤੇ ਗੁਜਰਾਤ ਵਿਚ ਰਿਕਾਰਡ ਤੋੜ ਜਿੱਤ ਪ੍ਰਾਪਤ ਕਰਕੇ, ਇਹ ਦਰਸਾਉਣ ਦਾ ਯਤਨ ਕੀਤਾ ਕਿ ਉਹ ਦੇਸ਼ ਦੀ ਇਹੋ ਜਿਹੀ ਪਾਰਟੀ ਹੈ ਜਿਹੜੀ ਹਿੰਦੂਤਵ ਦੇ ਅਜੰਡੇ ਨੂੰ ਗੁਜਰਾਤ ਵਾਂਗ ਪੂਰੇ ਦੇਸ਼ ‘ਚ ਲਾਗੂ ਕਰ ਸਕਦੀ ਹੈ ਅਤੇ ਇਕ ਵਿਸ਼ੇਸ਼ ਵਰਗ ਵਲੋਂ ਭਾਜਪਾ ਦੀ ਇਸ ਸੋਚ ਨੂੰ ਗੁਜਰਾਤ ਵਿੱਚ ਪੂਰਾ ਹੁੰਗਾਰਾ ਦਿੱਤਾ ਗਿਆ।
ਗੁਜਰਾਤ ਵਿਚ ਭਾਜਪਾ 182 ਵਿਧਾਨ ਸਭਾ ਸੀਟਾਂ ਉਤੇ ਜੇਤੂ ਰਹੀ। ਕਾਂਗਰਸ 17 ਸੀਟਾਂ ਤਕ ਸਿਮਟ ਗਈ। ਭਾਜਪਾ ਨੇ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਉਤਰਾਖੰਡ, ਗੋਆ, ਮਨੀਪੁਰ ਵਿਚ ਵੀ ਜਿੱਤ ਪ੍ਰਾਪਤ ਕੀਤੀ ਅਤੇ ਆਪਣੀਆਂ ਵਜਾਰਤਾਂ ਬਣਾਈਆਂ। ਪਰ ਇੱਕ ਨਿਵੇਕਲੀ ਗੱਲ ਇਹ ਵਾਪਰੀ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਪਹਿਲੀ ਵਾਰ ਚੋਣ ਲੜ ਕੇ 13 ਫੀਸਦੀ ਵੋਟਾਂ ਲੈ ਗਈ ਅਤੇ ਹਿਮਾਚਲ, ਗੁਜਰਾਤ ਵਿਚ ਚੋਣਾਂ ਲੜ ਕੇ ਇਕ ਰਾਸ਼ਟਰੀ ਸਿਆਸੀ ਪਾਰਟੀ ਬਣਨ ਦੀ ਦਾਅਵੇਦਾਰ ਬਣ ਗਈ। ਭਾਵੇਂ ਕਿ ਹਿਮਾਚਲ ਅਤੇ ਗੁਜਰਾਤ ਵਿੱਚ ਚੰਗੀ ਕਾਰਗੁਜਾਰੀ ਤਾਂ ‘ਆਪ’ ਨਹੀਂ ਕਰ ਸਕੀ ਪਰ ਦਿੱਲੀ ਕਾਰਪੋਰੇਸ਼ਨ ਦੀਆਂ ਚੋਣਾਂ ਵਿਚ ਉਸ ਵਲੋਂ ਭਾਜਪਾ ਨੂੰ ਤਕੜੀ ਹਾਰ ਦਿੱਤੀ ਗਈ।
ਇਥੇ ਇਕ ਅਦੁੱਤੀ ਘਟਨਾ ਇਹ ਵਾਪਰੀ ਕਿ ਕਾਂਗਰਸ ਪਾਰਟੀ ਦੇ ਜਿੱਤੇ ਹੋਏ ਤਿੰਨੇ ਕੌਂਸਲਰ ‘ਆਪ’ ਵਿਚ ਸ਼ਾਮਲ ਕਰ ਲਏ ਹਨ, ਇਸ ਡਰੋਂ ਕਿ ਭਾਜਪਾ ‘ਆਪ’ ਦੇ ਕੌਂਸਲਰ ਨਾ ਤੋੜ ਲਵੇ ਅਤੇ ‘ਆਪ’ ਕੌਂਸਲਰਾਂ ਦੀ ਗਿਣਤੀ ਨਾ ਘੱਟ ਜਾਵੇ ਕਿਉਂਕਿ ਭਾਜਪਾ ਹਰ ਹੀਲੇ, ਹਰ ਸੂਬੇ ਵਿਚ ਆਪਣੀ ਵਜ਼ਾਰਤ ਬਨਾਉਣਾ ਚਾਹੁੰਦੀ ਹੈ ਅਤੇ ਹਰ ਸੰਸਥਾ ‘ਤੇ ਕਬਜ਼ਾ ਚਾਹੁੰਦੀ ਹੈ। ਪਰ ਲੋਕ ਰੋਹ ਤੇ ਇਹਨਾਂ ਹਲਕਿਆਂ ਵਿਚ ਕਾਂਗਰਸ ਦੇ ਵਿਰੋਧ ਮੁਜ਼ਾਹਰਿਆਂ ਕਾਰਨ ਇਹਨਾਂ ਕੌਂਸਲਰਾਂ ਨੂੰ ਮੁੜ ਕਾਂਗਰਸ ਵਿਚ ਮੁਆਫੀ ਮੰਗ ਕੇ ਆਉਣਾ ਪਿਆ। ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੋਂ ਹਕੂਮਤ ਖੋਹ ਲਈ। ਇਹਨਾਂ ਸਭ ਕੁਝ ਦੇ ਵਿਚਕਾਰ ਗੋਦੀ ਮੀਡੀਆ ਨੇ ਨਰਿੰਦਰ ਮੋਦੀ ਦੀ ਗੁਜਰਾਤ ਜਿੱਤ ਨੂੰ ਹੀ ਅਹਿਮ ਦੱਸਿਆ ਅਤੇ 2024 ਵਿਚ ਪ੍ਰਧਾਨ ਮੰਤਰੀ ਬਣਨ ਦਾ ਰਸਤਾ ਸਾਫ ਹੋਣ ਨੂੰ ਵੱਡੀ ਪੱਧਰ ਉੱਤੇ ਪ੍ਰਚਾਰਿਆ। ਖਾਲੀ ਹੋਈਆਂ ਲੋਕ ਸਭਾ, ਵਿਧਾਨ ਸਭਾ ਸੀਟਾਂ ਉਤੇ ਸਾਲ 2022 ਵਿਚ ਉਪ ਚੋਣ ਹੋਈ, ਉਸ ਵਿਚ ਭਾਜਪਾ ਦੀ ਕਾਰਗੁਜ਼ਾਰੀ ਚੰਗੀ ਨਹੀਂ ਰਹੀ, ਸਮਾਜਵਾਦੀ ਪਾਰਟੀ ਯੂ.ਪੀ. ਵਿਚ ਲੋਕ ਸਭਾ ਚੋਣ ਜਿੱਤ ਗਈ, ਕੁਲ ਮਿਲਾ ਕੇ 28 ਵਿਧਾਨ ਸਭਾ ਦੀਆਂ ਉਪ ਚੋਣਾਂ ਵਿਚ ਭਾਜਪਾ 12 ਸੀਟਾਂ ਜਿੱਤ ਸਕੀ। ਮਹਾਰਾਸ਼ਟਰ ਦੀਆਂ 2 ਵਿਧਾਨ ਸਭਾ ਸੀਟਾਂ ਲਈ ਉਪ ਚੋਣ ਵਿਚ ਉਸ ਨੂੰ ਕਰਾਰੀ ਹਾਰ ਹੋਈ, ਜਿਥੇ ਉਸਨੇ ਰਾਜ ਪਲਟਾ ਕਰਵਾਇਆ ਸੀ। ਜਦਕਿ ਲੋਕ ਸਭਾ ਦੀਆਂ 5 ਸੀਟਾਂ ‘ਤੇ ਉਪ ਚੋਣਾਂ ਵਿਚ ਉਸਦੇ ਹਿੱਸੇ 2 ਸੀਟਾਂ ਆਈਆਂ ਹਨ। ਜਦਕਿ ਲੋਕ ਸਭਾ ਉਪ ਚੋਣਾਂ ਵਿਚ ਇੱਕ ਸੀਟ ਪੱਛਮੀ ਬੰਗਾਲ ਦੀ ਤ੍ਰਿਣਮੂਲ ਕਾਂਗਰਸ, ਇੱਕ ਸਮਾਜਵਾਦੀ ਪਾਰਟੀ ਯੂ.ਪੀ. ਵਿਚ, ਪੰਜਾਬ ਦੀ ਇਕ ਲੋਕ ਸਭਾ ਸੀਟ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਿੱਸੇ ਆਈ। ਭਾਜਪਾ ਆਂਧਰਾ ਪ੍ਰਦੇਸ਼, ਅਸਾਮ, ਹਰਿਆਣਾ, ਉੜੀਸਾ, ਉਤਰਾਖੰਡ ਵਿਚ ਇੱਕ ਇੱਕ ਵਿਧਾਨ ਸਭਾ ਸੀਟ ਅਤੇ ਯੂ.ਪੀ. ਵਿਚ ਦੋ, ਬਿਹਾਰ ‘ਚ ਦੋ, ਤ੍ਰਿਪੁਰਾ ਵਿਚ ਤਿੰਨ ਵਿਧਾਨ ਸਭਾ ਸੀਟਾਂ ਉਪ ਚੋਣਾਂ ਵਿਚ ਜਿੱਤੀ। ਇਸੇ ਤਰ੍ਹਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਝਾਰਖੰਡ, ਕੇਰਲਾ, ਮਹਾਰਾਸ਼ਟਰ, ਰਾਜਸਥਾਨ, ਤ੍ਰਿਪੁਰਾ ਵਿਚ ਇੱਕ-ਇੱਕ ਅਤੇ ਛੱਤੀਸਗੜ੍ਹ ਵਿੱਚ ਦੋ ਸੀਟਾਂ ‘ਤੇ ਜੇਤੂ ਰਹੀ ਜਦਕਿ ਆਪ ਦਿੱਲੀ ਦੀ ਇੱਕ ਸੀਟ ਜਿੱਤੀ, ਮਹਾਰਾਸ਼ਟਰ ਵਿਚ ਸ਼ਿਵ ਸੈਨਾ ਇੱਕ, ਉੜੀਸਾ ਵਿਚ ਬੀਜੂ ਪਟਨਾਇਕ ਜਨਤਾ ਦਲ ਦੋ, ਤਿਲੰਗਾਨਾ ਵਿਚ ਭਾਰਤੀ ਰਾਸ਼ਟਰ ਸੰਮਤੀ ਇੱਕ, ਯੂ.ਪੀ. ਰਾਸ਼ਟਰੀ ਲੋਕ ਦਲ ਇੱਕ ਅਤੇ ਪੱਛਮੀ ਬੰਗਾਲ ਵਿਚ ਤ੍ਰਿਣਮੂਲ ਕਾਂਗਰਸ ਇੱਕ ਸੀਟ ‘ਤੇ ਜੇਤੂ ਹੋਈ।
ਭਾਜਪਾ ਦੀ ਪੂਰੇ ਦੇਸ਼ ਵਿਚ ਵਿਰੋਧੀਆਂ ਨੂੰ ਨੁਕਰੇ ਲਾਉਣ ਲਈ ਹਰ ਹਰਬਾ ਵਰਤਣ ਦੀ ਇੱਕ ਵੱਡੀ ਮਿਸਾਲ ਇਹ ਦੇਖਣ ਨੂੰ ਮਿਲੀ ਕਿ ਭਾਜਪਾ ਨੇ ਸ਼ਿਵ ਸੈਨਾ ਨਾਲ ਸ਼ਰੀਕਬਾਜ਼ੀ ਵਿਚ ਬਦਲਾਖੋਰੀ ਕਰਦਿਆਂ, ਸ਼ਿਵ ਸੈਨਾ ਵਿੱਚ ਫੁੱਟ ਪਵਾ ਦਿੱਤੀ ਅਤੇ ਏਕਨਾਥ ਸ਼ਿੰਦੇ ਨੂੰ ਭਾਜਪਾ ਦੀ ਹਮਾਇਤ ਨਾਲ ਗੱਦੀ ਸੌਂਪ ਦਿੱਤੀ।
ਦੇਸ਼ ਦੀਆਂ ਪਹਿਲੀਆਂ 2014 ਅਤੇ 2019 ਵਾਲੀਆਂ ਲੋਕ ਸਭਾ ਚੋਣਾਂ ਨਰਿੰਦਰ ਮੋਦੀ ਦੇ ਨਾਮ ਉੱਤੇ ਲੜੀਆਂ ਗਈਆਂ ਸਨ, ਪਰ ਹੁਣ ਐਤਕਾਂ ਵੀ ਗੁਜਾਰਤ, ਹਿਮਾਚਲ , ਉੱਤਰਪ੍ਰਦੇਸ਼ ਅਤੇ ਹੋਰ ਸੂਬਿਆਂ ਵਿਚ ਵੀ ਮੋਦੀ ਦੀ ਸ਼ਖ਼ਸੀਅਤ ਅਤੇ ਕਾਰਗੁਜ਼ਾਰੀ ਨੂੰ ਉਭਾਰ ਕੇ ਚੋਣਾਂ ਲੜੀਆਂ ਗਈਆਂ ਜਾਂ ਅੱਗੋਂ ਲੜੀਆਂ ਜਾਣਗੀਆਂ, ਭਾਵੇਂ ਕਿ ਦੇਸ਼ ਇਹਨਾਂ 8 ਵਰ੍ਹਿਆਂ ਵਿਚ ਕੰਗਾਲ ਹੋਇਆ ਹੈ, ਆਰਥਿਕ ਪੱਖੋਂ ਕਮਜ਼ੋਰ ਹੋਇਆ ਹੈ, ਲੋਕਤੰਤਰ ਦਾ ਦੇਸ਼ ਵਿਚ ਘਾਣ ਹੋਇਆ ਹੈ, ਮਨੁੱਖੀ ਅਧਿਕਾਰਾਂ ਦਾ ਹਨਨ ਹੋਇਆ ਹੈ, ਸੂਬਿਆਂ ਦੇ ਅਧਿਕਾਰ ਸੀਮਤ ਕਰਨ ਦਾ ਯਤਨ ਹੋਇਆ ਹੈ ਅਤੇ ਇੱਥੇ ਹੀ ਬਸ ਨਹੀਂ, ਦੇਸ਼ ਵਿਚ ਫਿਰਕੂ ਪਾੜਾ ਵਧਾਉਣ ਅਤੇ ਹਿੰਦੀ, ਹਿੰਦੂ, ਹਿੰਦੋਸਤਾਨ ਦੀ ਨੀਤੀ ਨੂੰ ਲਾਗੂ ਕਰਨ, ਇਸ ਨੂੰ ਪ੍ਰਚਾਰਨ ਲਈ ਅੱਡੀ ਚੋਟੀ ਦਾ ਜ਼ੋਰ ਮੌਜੂਦਾ ਹਾਕਮਾਂ ਵਲੋਂ ਲਗਾਇਆ ਗਿਆ ਹੈ। ਦੇਸ਼ ਵਿੱਚ ਲੋਕ-ਹਿਤੈਸ਼ੀ ਲੋਕਾਂ ਦੀ ਕਿੰਤੂ -ਪਰੰਤੂ ਵਾਲੀ ਆਵਾਜ਼ ਨੂੰ ਪ੍ਰੈਸ ਮੀਡੀਆ, ਇਲੈਕਟ੍ਰੋਨਿਕ ਮੀਡੀਆ ਵਿਚ ਬੰਦ ਕਰਨ ਦਾ ਯਤਨ ਲਗਾਤਾਰ ਦੇਸ਼ ਦੇ ਹਾਕਮ ਕਰ ਰਹੇ ਹਨ। ਵਿਰੋਧੀ ਵਿਚਾਰਾਂ ਵਾਲੇ ਲੋਕ ਜੇਲ੍ਹਾਂ ਵਿਚ ਡੱਕੇ ਜਾ ਰਹੇ ਹਨ।
ਸਾਲ 2022 ਵਿਚ ਸਿਆਸੀ ਤਿਕੜਮਬਾਜੀ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ। ਬਿਹਾਰ ਵਿਚ ਮੁੱਖ ਮੰਤਰੀ ਨਤੀਸ਼ ਕੁਮਾਰ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ ਅਤੇ ਲਾਲੂ ਪ੍ਰਸ਼ਾਦ ਯਾਦਵ ਦੀ ਪਾਰਟੀ ਨਾਲ ਸਾਂਝ ਪਾ ਕੇ ਮੁੜ ਮੁੱਖ ਮੰਤਰੀ ਬਣ ਗਿਆ। ਪੰਜਾਬ ਵਿਚ ਭਾਜਪਾ ਨੂੰ ਮਜ਼ਬੂਤ ਕਰਨ ਅਤੇ ਆਮ ਆਦਮੀ ਪਾਰਟੀ ਦਾ ਰਾਜ ਖ਼ਤਮ ਕਰਨ, ਭਾਜਪਾ ਵਲੋਂ ਕਾਂਗਰਸ ਅਤੇ ਹੋਰ ਪਾਰਟੀਆਂ ਦੇ ਨੇਤਾਵਾਂ ਨੂੰ ਲਗਾਤਾਰ ਭਾਜਪਾ ਵਿਚ ਸ਼ਾਮਲ ਕਰਕੇ ਉੱਚ ਅਹੁਦੇ ਬਖ਼ਸ਼ੇ ਜਾ ਰਹੇ ਹਨ, ਜਿਹਨਾਂ ਵਿਚ ਸਾਬਕਾ ਕਾਂਗਰਸੀ ਪ੍ਰਧਾਨ ਸੁਨੀਲ ਜਾਖੜ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਉੱਘੇ ਨੇਤਾ ਸ਼ਾਮਲ ਸਨ।
ਸਿਆਸੀ ਤੌਰ ‘ਤੇ ਝੰਜੋੜੀ ਗਈ ਅਤੇ ਪੱਛੜੀ ਕਾਂਗਰਸ ਨੂੰ ਕੋਈ ਰਸਤਾ ਨਹੀਂ ਸੀ ਮਿਲ ਰਿਹਾ, ਪਰ ‘ਭਾਰਤ ਜੋੜੋ ਯਾਤਰਾ’ ਕਾਂਗਰਸੀ ਮੁਹਿੰਮ ਨੇ ਕਾਂਗਰਸ ਵਿਚ ਥੋੜ੍ਹਾ ਉਤਸ਼ਾਹ ਅਤੇ ਸਾਹ ਸਤ ਪੈਦਾ ਕੀਤਾ ਹੈ। ਪੰਜਾਬ ਚੋਣਾਂ ਹਾਰਨ ਅਤੇ ਮੁੜ ਗੁਜਰਾਤ ਵਿਚ ਬੁਰੀ ਹਾਰ ਨੇ ਕਾਂਗਰਸ ਨੂੰ ਹਿਮਾਚਲ ਚੋਣਾਂ ਵਿਚ ਹੋਈ ਜਿੱਤ ਨੇ ਥੋੜ੍ਹੀ ਰਾਹਤ ਦਿੱਤੀ ਹੈ। ਪਰ ਪੂਰੇ ਦੇਸ਼ ਵਿਚ ਜਿਥੇ ਕਿਧਰੇ ਵੀ ਕਾਂਗਰਸ ਹਾਕਮ ਧਿਰ ਵਜੋਂ ਵਿਚਰ ਰਹੀ ਹੈ, ਉਥੇ ਪਾਟੋਧਾੜ ਹੈ। ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਕਾਂਗਰਸ ਸੁਚੱਜੀ ਲੀਡਰਸ਼ਿਪ ਦੀ ਅਣਹੋਂਦ ਕਾਰਨ ਪੂਰੇ ਦੇਸ਼ ਵਿੱਚ ਬੁਰੀ ਤਰ੍ਹਾਂ ਵਿਖ਼ਰ ਰਹੀ ਹੈ। ਰਾਜਸਥਾਨ ਵਿਚ ਅੰਦਰਲੀ ਉਥਲ-ਪੁਥਲ ਨੇ ਕਾਂਗਰਸੀਆਂ ਨੂੰ ਝੰਜੋੜ ਦਿੱਤਾ ਹੈ।
ਭਾਵੇਂ ਕਿ ਦੇਸ਼ ਦੀਆਂ ਵਿਰੋਧੀ ਪਾਰਟੀਆਂ ਵਲੋਂ ਸਾਂਝਾ ਫਰੰਟ ਬਣਾ ਕੇ ‘ਭਾਜਪਾ’ ਸਰਕਾਰ ਵਿਰੁੱਧ 2024 ਵਿਚ ਮੈਦਾਨ ‘ਚ ਆਉਣ ਦਾ ਯਤਨ ਹੋ ਰਿਹਾ ਹੈ, ਪਰ ਸਾਂਝੇ ਫਰੰਟ ਦੀ ਰੂਪ ਰੇਖਾ ਕਿਹੋ ਜਿਹੀ ਹੋਵੇਗੀ, ਪ੍ਰਧਾਨ ਮੰਤਰੀ ਦਾ ਉਮੀਦਵਾਰ ਕੌਣ ਹੋਏਗਾ, ਮੁੱਖ ਵਿਰੋਧੀ ਪਾਰਟੀ ਕਿਹੜੀ ਹੋਵੇਗੀ, ਇਸ ਬਾਰੇ ਭੰਬਲਭੂਸਾ ਜਾਰੀ ਹੈ। ਬਿਹਾਰ ਦਾ ਮੁੱਖ ਮੰਤਰੀ ਨਤੀਸ਼ ਕੁਮਾਰ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਕਾਂਗਰਸ ਦਾ ਰਾਹੁਲ ਗਾਂਧੀ, ਮਹਾਰਸ਼ਾਟਰ ਦਾ ਸ਼ਰਦ ਪਵਾਰ ਅਤੇ ਆਮ ਆਦਮੀ ਪਾਰਟੀ ਦਾ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਆਦਿ ਇਹੋ ਜਿਹੇ ਨਾਮ ਹਨ, ਜਿਹੜੇ ਦੇਸ਼ ਦੀ ਵਾਗਡੋਰ ਸੰਭਾਲਣ ਦੇ ਯਤਨ ਵਿਚ ਹਨ, ਪਰ ਉਹ ਭਾਜਪਾ ਦੇ ਚੋਣ ਪ੍ਰਚਾਰ, ਗੋਦੀ ਮੀਡੀਆ, ਕਾਰਪੋਰੇਟ ਘਰਾਣਿਆਂ ਦਾ ਕੀ ਕਰਨਗੇ, ਜਿਹੜੇ ਹਰ ਹੀਲੇ ਨਰਿੰਦਰ ਮੋਦੀ ਨੂੰ ਮੁੜ ਪ੍ਰਧਾਨ ਮੰਤਰੀ ਦੀ ਗੱਦੀ ਉਤੇ ਬਿਠਾਉਣ ਲਈ 2024 ਦੀਆਂ ਚੋਣਾਂ ਲਈ ਹੁਣੇ ਤੋਂ ਹੀ ਤਿਆਰੀਆਂ ਕਰੀ ਬੈਠੇ ਹਨ।
ਉਂਜ ਸਾਲ 2022 ਦਾ ਸਿਆਸੀ ਮਾਹੌਲ ਬਹੁਤ ਗਰਮ ਰਿਹਾ ਹੈ। “ਆਇਆ ਰਾਮ ਗਿਆ ਰਾਮ” ਦੀ ਸਿਆਸਤ ਭਾਰੂ ਰਹੀ। ਬਿਨਾ ਸ਼ੱਕ 2022 ਵਿਚ ਇੱਕ ਸਿਆਸੀ ਧਿਰ ਨੇ ਲੋਕਾਂ ਦੇ ਜਜ਼ਬਿਆਂ ਨੂੰ ਭੜਕਾ ਆਪਣੇ ਹਿੱਤ ਸਾਧਣ ਦਾ ਯਤਨ ਕੀਤਾ ਪਰ ਲੋਕਾਂ ਨੇ ਕੁਝ ਥਾਈਂ ਸੰਘਰਸ਼ ਕਰਕੇ, ਕੁਝ ਥਾਈਂ ਚੋਣਾਂ ਰਾਹੀਂ ਮੌਕਾਪ੍ਰਸਤ, ਸਵਾਰਥੀ ਹਾਕਮਾਂ ਨੂੰ ਇਹ ਸੰਦੇਸ਼ ਦਿੱਤਾ ਕਿ ਦੇਸ਼ ਕਿਸੇ ਵਿਸ਼ੇਸ਼ ਪਾਰਟੀ, ਕਿਸੇ ਵੱਡੇ ਨੇਤਾ ਜਾਂ ਕਿਸੇ ਚੌਧਰੀ ਦੀ ਜਗੀਰ ਨਹੀਂ ਹੈ ਅਤੇ ਦੇਸ਼ ਨੂੰ ਕਾਰਪੋਰੇਟਾਂ ਦਾ ਗਲਬਾ ਅਤੇ ਡਿਕਟੇਟਰਸ਼ਿਪ ਪਸੰਦ ਨਹੀਂ ਹੈ।

 

Check Also

ਆਲਮੀ ਮੇਲਾ ਹੈ ਵਿਸਾਖੀ

ਤਲਵਿੰਦਰ ਸਿੰਘ ਬੁੱਟਰ ਵਿਸਾਖੀ ਦਾ ਸਬੰਧ ਸਿਰਫ਼ ਪੰਜਾਬ ਜਾਂ ਸਿੱਖ ਇਤਿਹਾਸ ਨਾਲ ਹੀ ਨਹੀਂ ਜੁੜਿਆ …