Breaking News
Home / ਪੰਜਾਬ / ਸਲਾਹਕਾਰ ਬੋਰਡ ਵੱਲੋਂ ਅਕਾਲੀ ਦਲ ਨੂੰ ਪੰਥ ਦੇ ਸ਼ੰਕੇ ਦੂਰ ਕਰਨ ਦੀ ਸਲਾਹ

ਸਲਾਹਕਾਰ ਬੋਰਡ ਵੱਲੋਂ ਅਕਾਲੀ ਦਲ ਨੂੰ ਪੰਥ ਦੇ ਸ਼ੰਕੇ ਦੂਰ ਕਰਨ ਦੀ ਸਲਾਹ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਨਵ-ਗਠਿਤ ‘ਪੰਥਕ ਸਲਾਹਕਾਰ ਬੋਰਡ’ ਨੇ ਪਾਰਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖਾਂ ਦੇ ਮਨਾਂ ਵਿੱਚੋਂ ਬਰਗਾੜੀ ਬੇਅਦਬੀ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ 328 ਸਰੂਪਾਂ ਸਬੰਧੀ ਸ਼ੰਕੇ ਦੂਰ ਕਰਨ ਦੀ ਸਲਾਹ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਪਾਰਟੀ ਨੂੰ ਦਰਪੇਸ਼ ਪੰਥਕ ਚੁਣੌਤੀਆਂ ਅਤੇ ਸਿੱਖ ਮਾਮਲਿਆਂ ‘ਤੇ ਚਰਚਾ ਕਰਦਿਆਂ ਪਾਰਟੀ ਆਗੂਆਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਿੱਖ ਕੌਮ ਦੋਵਾਂ ਮਾਮਲਿਆਂ ਲਈ ਅਕਾਲੀ ਦਲ ਦੇ ਆਗੂਆਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਨੂੰ ਜ਼ਿੰਮੇਵਾਰ ਮੰਨਦੀ ਹੈ, ਇਸ ਸਬੰਧੀ ਸਿੱਖ ਮਨਾਂ ‘ਚ ਉਪਜੇ ਸ਼ੰਕੇ ਦੂਰ ਕਰਨਾ ਜ਼ਰੂਰੀ ਹੈ।
ਪਾਰਟੀ ਸੂਤਰਾਂ ਅਨੁਸਾਰ ਅਕਾਲੀ ਦਲ ਦੇ ਪੁਰਾਣੇ ਆਗੂਆਂ ਨੇ ਇਨ੍ਹਾਂ ਦੋਵਾਂ ਮਸਲਿਆਂ ‘ਚ ਸਿੱਖਾਂ ਨੂੰ ਕੋਈ ਖਾਸ ਉਜ਼ਰ ਨਾ ਹੋਣ ਦੀ ਵਕਾਲਤ ਕੀਤੀ, ਜਦੋਂ ਕਿ ਬਾਬਾ ਬੂਟਾ ਸਿੰਘ, ਦਿੱਲੀ ਦੇ ਸਿੱਖ ਆਗੂ ਪਰਮਜੀਤ ਸਿੰਘ ਸਰਨਾ, ਬਾਬਾ ਟੇਕ ਸਿੰਘ ਧਨੌਲਾ ਅਤੇ ਭਾਈ ਰਾਮ ਸਿੰਘ ਨੇ ਸਪੱਸ਼ਟ ਤੌਰ ‘ਤੇ ਸਿੱਖ ਕੌਮ ਵੱਲੋਂ ਅਕਾਲੀ ਆਗੂਆਂ ਨੂੰ ਕਟਿਹਰੇ ‘ਚ ਖੜ੍ਹਾ ਕਰਨ ਦੀ ਗੱਲ ਕਹੀ।
ਬਾਬਾ ਬੂਟਾ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮਾਮਲਾ ਬੇਹੱਦ ਗੰਭੀਰ ਹੈ ਅਤੇ ਜਿੰਨੀ ਜਲਦੀ ਇਸ ਦਾ ਨਿਬੇੜਾ ਹੋਵੇ, ਅਕਾਲੀ ਦਲ ਲਈ ਉਨਾ ਹੀ ਚੰਗਾ ਹੈ। ਅਮਰਜੀਤ ਸਿੰਘ ਚਾਵਲਾ ਅਤੇ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਬੇਅਦਬੀ ਦੇ ਮਾਮਲੇ ‘ਤੇ ਅਕਾਲੀ ਦਲ ਦੇ ਆਗੂਆਂ ਖਿਲਾਫ ਝੂਠੇ ਦੋਸ਼ ਲਗਾਏ ਜਾ ਰਹੇ ਹਨ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਮੁਹਾਲੀ ਵਿੱਚ ਲੱਗੇ ਕੌਮੀ ਮੋਰਚੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ ਕਿਉਂਕਿ ਇਸ ਮੋਰਚੇ ਨੂੰ ਆਮ ਸਿੱਖਾਂ ਦੀ ਹਮਾਇਤ ਮਿਲ ਰਹੀ ਹੈ। ਇਸ ਮੀਟਿੰਗ ਦੌਰਾਨ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਝੂਠੇ ਦੋਸ਼ਾਂ ਦੇ ਜਵਾਬ ਲਈ ਹਮਲਾਵਾਰ ਰੁਖ਼ ਅਖਤਿਆਰ ਕਰਨਾ ਚਾਹੀਦਾ ਹੈ। ਕਮੇਟੀ ਮੈਂਬਰਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੂੰ ਸੋਸ਼ਲ ਮੀਡੀਆ ‘ਤੇ ਹੁੰਦੇ ਭੰਡੀ ਪ੍ਰਚਾਰ ਦਾ ਵੀ ਜਵਾਬ ਤੱਥਾਂ ਸਮੇਤ ਦੇਣਾ ਚਾਹੀਦਾ ਹੈ।

Check Also

ਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ

ਚੋਣ ਕਮਿਸ਼ਨ ਨੇ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ …