ਸੂਬਾ ਕਾਰਜਕਾਰਨੀ ਦੀ ਮੀਟਿੰਗ ਦੌਰਾਨ ਮਤਾ ਕੀਤਾ ਪਾਸ
ਕਿਹਾ : ‘ਸਰਕਾਰ ਬਣਨ ‘ਤੇ ਸੂਬੇ ਨੂੰ ਨਸ਼ਾ ਤੇ ਭ੍ਰਿਸ਼ਟਾਚਾਰ ਮੁਕਤ ਤੇ ਖੁਸ਼ਹਾਲ ਬਣਾਇਆ ਜਾਵੇਗਾ’
ਅੰਮ੍ਰਿਤਸਰ : ਪੰਜਾਬ ਭਾਜਪਾ ਦੀ ਕਾਰਜਕਾਰਨੀ ਨੇ ਇਕ ਮਤਾ ਪਾਸ ਕਰਕੇ ਆਖਿਆ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਵਾਸਤੇ ਵਾਧੂ ਦਰਿਆਈ ਪਾਣੀ ਨਹੀਂ ਹੈ। ਇਸ ਦੌਰਾਨ ਐਲਾਨ ਕੀਤਾ ਗਿਆ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਨੂੰ ਨਸ਼ਾ ਤੇ ਭ੍ਰਿਸ਼ਟਾਚਾਰ ਮੁਕਤ ਅਤੇ ਖੁਸ਼ਹਾਲ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਭਾਜਪਾ ਦੀ ਕਾਰਜਕਾਰਨੀ ਦੀ ਦੋ ਦਿਨਾ ਮੀਟਿੰਗ ਅੰਮ੍ਰਿਤਸਰ ‘ਚ ਸਮਾਪਤ ਹੋ ਗਈ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਮਤਾ ਪਾਸ ਕਰਕੇ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਸੂਬੇ ਦੇ ਦਰਿਆਈ ਪਾਣੀਆਂ ਨੂੰ ਦੂਜੇ ਰਾਜਾਂ ਨਾਲ ਵੰਡਿਆ ਨਹੀਂ ਜਾ ਸਕਦਾ ਹੈ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਭਾਜਪਾ ਨੇ ਅਧਿਕਾਰਤ ਤੌਰ ‘ਤੇ ਦਰਿਆਈ ਪਾਣੀਆਂ ਬਾਰੇ ਸਪੱਸ਼ਟ ਸਟੈਂਡ ਲਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਇਕ ਵਿਆਪਕ ਯੋਜਨਾ ਉਲੀਕੀ ਗਈ ਹੈ, ਜਿਸ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਯਾਤਰਾ ਵੀ ਕੱਢੀ ਜਾਵੇਗੀ। ਸੂਬਾ ਇਕਾਈ ‘ਚ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਸ਼ਮੂਲੀਅਤ ਨਾਲ ਕੁਝ ਭਾਜਪਾ ਆਗੂਆਂ ਵੱਲੋਂ ਅਣਗੌਲਿਆ ਮਹਿਸੂਸ ਕੀਤੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਹੁਣ 23 ਤੋਂ 117 ਵਿਧਾਨ ਸਭਾ ਹਲਕਿਆਂ ਵੱਲ ਵਧ ਰਹੀ ਹੈ। ਹਰ ਹਲਕੇ ਵਿੱਚ ਪਾਰਟੀ ਨੇ ਆਪਣੀ ਹੋਂਦ ਬਣਾਉਣੀ ਹੈ।
ਇਸ ਲਈ ਭਾਜਪਾ ਨੂੰ ਹੋਰ ਵੀ ਹਮਖਿਆਲੀ ਆਗੂਆਂ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੀ ਤਾਂ ਸੂਬੇ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ। ਇਹ ਭ੍ਰਿਸ਼ਟਾਚਾਰ ਮੁਕਤ ਅਤੇ ਖੁਸ਼ਹਾਲ ਪੰਜਾਬ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕ ‘ਆਪ’ ਸਰਕਾਰ ਤੋਂ ਕੁਝ ਹੀ ਮਹੀਨਿਆਂ ਵਿੱਚ ਤੰਗ ਆ ਚੁੱਕੇ ਹਨ ਅਤੇ ਉਹ ਜਾਣ ਚੁੱਕੇ ਹਨ ਕਿ ਸੂਬੇ ਦਾ ਸਰਬਪੱਖੀ ਵਿਕਾਸ ਸਿਰਫ਼ ਭਾਜਪਾ ਹੀ ਕਰ ਸਕਦੀ ਹੈ। ਜਾਣਕਾਰੀ ਮੁਤਾਬਕ ਭਾਜਪਾ ਵੱਲੋਂ ਪਾਰਟੀ ਵਿਚ ਸ਼ਾਮਲ ਹੋ ਰਹੇ ਕਾਂਗਰਸੀ ਅਤੇ ਹੋਰ ਆਗੂਆਂ ਨੂੰ ਦਿਹਾਤੀ ਖੇਤਰ ਵਿੱਚ ਆਧਾਰ ਮਜ਼ਬੂਤ ਕਰਨ ਲਈ ਵਰਤਿਆ ਜਾਵੇਗਾ। ਭਾਜਪਾ ਆਗੂਆਂ ਨੇ ਸਪੱਸ਼ਟ ਕੀਤਾ ਕਿ ਪਾਰਟੀ ਸੂਬੇ ਦੇ 13 ਸੰਸਦੀ ਹਲਕਿਆਂ ਤੋਂ ਆਪਣੇ ਉਮੀਦਵਾਰ ਉਤਾਰੇਗੀ ਅਤੇ ਉਹ ਪੂਰੇ ਦਮਖ਼ਮ ਨਾਲ ਚੋਣ ਲੜੇਗੀ। ਇਸ ਸਬੰਧ ਵਿਚ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਹੋਰ ਆਗੂ ਵੀ ਸੂਬੇ ਦੇ ਹਰ ਵਿਧਾਨ ਸਭਾ ਹਲਕੇ ਦਾ ਦੌਰਾ ਕਰਨਗੇ। ਮੀਟਿੰਗ ਦੀ ਸ਼ੁਰੂਆਤ ਵਿੱਚ ਪੰਜਾਬ ਦੀਆਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦਾ ਮੀਟਿੰਗ ਦੇ ਤੀਸਰੇ ਸੈਸ਼ਨ ਵਿੱਚ ਪੁੱਜਣ ‘ਤੇ ਸਵਾਗਤ ਕੀਤਾ ਗਿਆ। ਆਪਣੇ ਸੰਬੋਧਨ ਦੌਰਾਨ ਵਿਜੈ ਰੂਪਾਨੀ ਨੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਉਤਸ਼ਾਹਿਤ ਕਰਦਿਆਂ ਸਥਾਨਕ ਅਤੇ ਲੋਕ ਸਭਾ ਚੋਣਾਂ ਲਈ ਮੈਦਾਨ ‘ਚ ਨਿੱਤਰਨ ਲਈ ਪ੍ਰੇਰਿਆ।
ਲੋਕ ਸਭਾ ਚੋਣਾਂ ਆਪਣੇ ਦਮ ‘ਤੇ ਲੜਾਂਗੇ: ਅਸ਼ਵਨੀ ਸ਼ਰਮਾ
ਅੰਮ੍ਰਿਤਸਰ : ਭਾਜਪਾ ਪੰਜਾਬ ਵਿੱਚ ਲੋਕ ਸਭਾ ਅਤੇ ਨਿਗਮ ਚੋਣਾਂ ਆਪਣੇ ਬਲਬੂਤੇ ਲੜੇਗੀ। ਭਾਜਪਾ ਨੇ ਭਵਿੱਖ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਦੀ ਸੰਭਾਵਨਾ ਤੋਂ ਸਾਫ ਨਾਂਹ ਕਰ ਦਿੱਤੀ ਹੈ। ਇਹ ਦਾਅਵਾ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤਾ ਹੈ। ਅਸ਼ਵਨੀ ਸ਼ਰਮਾ ਨੇ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਦੱਸਿਆ ਕਿ ਮੀਟਿੰਗ ਵਿਚ ਸੰਗਠਨ ਨੂੰ ਬਿਹਤਰ ਬਣਾਉਣ ਦੀ ਰਣਨੀਤੀ ਬਾਰੇ ਵਿਚਾਰ ਚਰਚਾ ਕੀਤੀ ਗਈ ਹੈ। ਮੌਜੂਦਾ ‘ਆਪ’ ਸਰਕਾਰ ਨੂੰ ਲੋਕ ਮੁੱਦਿਆਂ ਪ੍ਰਤੀ ਕਿਵੇਂ ਜਵਾਬਦੇਹ ਬਣਾਉਣਾ ਹੈ, ਇਸ ਬਾਰੇ ਵੀ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਅਗਾਮੀ ਲੋਕ ਸਭਾ ਚੋਣਾਂ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਆਪਣੇ ਬਲਬੂਤੇ ‘ਤੇ ਲੜੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਭਾਜਪਾ ਸਿਰਫ ਕੁਝ ਸੀਟਾਂ ‘ਤੇ ਚੋਣਾਂ ਲੜਦੀ ਸੀ, ਪਰ ਹੁਣ ਭਾਜਪਾ ਦੀ ਹੋਂਦ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਮਜ਼ਬੂਤ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਨਾਲ ਨਹੁੰ-ਮਾਸ ਦਾ ਰਿਸ਼ਤਾ ਮੁੜ ਕਾਇਮ ਹੋਣ ਦੀ ਸੰਭਾਵਨਾ ਬਾਰੇ ਉਨ੍ਹਾਂ ਕਿਹਾ ਕਿ ਹੁਣ ਇਹ ਸਵਾਲ ਦੀ ਹੋਂਦ ਖਤਮ ਹੋ ਚੁੱਕੀ ਹੈ।
ਪਿਛਲੀਆਂ ਲੋਕ ਸਭਾ ਚੋਣਾਂ ਨਾਲੋਂ ਵੱਧ ਸੀਟਾਂ ਜਿੱਤੇਗੀ ਭਾਜਪਾ : ਸ਼ੇਖਾਵਤ
ਬਠਿੰਡਾ : ਸਾਲ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਜੋਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਨੇ ਬਠਿੰਡਾ ਦਾ ਦੌਰਾ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਕੇਂਦਰੀ ਮੰਤਰੀ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਭਾਰਤੀ ਜਨਤਾ ਪਾਰਟੀ 2019 ਦੀਆਂ ਲੋਕ ਸਭਾ ਚੋਣਾਂ ਨਾਲੋਂ ਵੱਧ ਸੀਟਾਂ ਜਿੱਤ ਕੇ ਕੇਂਦਰ ਵਿੱਚ ਮੁੜ ਤੋਂ ਸਰਕਾਰ ਬਣਾਵੇਗੀ।
ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀ ਸਮਝ ਚੁੱਕੇ ਹਨ ਕਿ ਸਿਰਫ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ, ਜਿਹੜੀ ਸੂਬੇ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਕਰਕੇ ਖੁਸ਼ਹਾਲ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਾਰੀ ਬਹੁਮਤ ਨਾਲ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਪਰ ‘ਆਪ’ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਰਕੇ ਹੁਣ ਭਾਜਪਾ ਪੰਜਾਬੀਆਂ ਦੀ ਪਸੰਦੀਦਾ ਪਾਰਟੀ ਹੈ। ਸ਼ੇਖਾਵਤ ਨੇ ਐੱਸਵਾਈਐੱਲ ਦੇ ਮੁੱਦੇ ‘ਤੇ ਗੱਲ ਕਰਦਿਆਂ ਕਿਹਾ ਕਿ ਦੋਵੇਂ ਸੂਬਿਆਂ ਨਾਲ ਬੈਠਕ ਮਗਰੋਂ ਉਨ੍ਹਾਂ ਦੋਵੇਂ ਸੂਬਿਆਂ ਦੀ ਅਸਹਿਮਤੀ ਦੀ ਰਿਪੋਰਟ ਬਣਾ ਕੇ ਭੇਜ ਦਿੱਤੀ ਹੈ। ਉਨ੍ਹਾਂ ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਲਈ ਅਧਿਕਾਰੀਆਂਨਾਲ ਮੀਟਿੰਗ ਵੀ ਕੀਤੀ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬੀ ਭਾਜਪਾ ਨੂੰ ਜਿਤਾਉਣ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਅਗਾਮੀ ਲੋਕ ਸਭਾ ਚੋਣਾਂ ‘ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ।
ਸ਼ੇਖਾਵਤ ਦੀ ਫੇਰੀ ਦੌਰਾਨ ਮਨਪ੍ਰੀਤ ਬਾਦਲ ਰਹੇ ਗੈਰਹਾਜ਼ਰ
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖ਼ਾਵਤ ਦੀ ਬਠਿੰਡਾ ਫੇਰੀ ਮੌਕੇ ਮਨਪ੍ਰੀਤ ਸਿੰਘ ਬਾਦਲ ਮੀਟਿੰਗ ‘ਚੋਂ ਗੈਰਹਾਜ਼ਰ ਰਹੇ। ਇਸ ਬਾਰੇ ਸ਼ੇਖ਼ਾਵਤ ਨੇ ਕਿਹਾ ਕਿ ਪਰਿਵਾਰ ਦੇ ਸਾਰੇ ਮੈਂਬਰ ਮੌਜੂਦ ਹਨ, ਜੇਕਰ ਉਹ ਨਹੀਂ ਆਏ ਤਾਂ ਕੋਈ ਗੱਲ ਨਹੀਂ। ਪਾਰਟੀ ਵਿੱਚ ਉਹ ਨਵੇਂ ਹਨ ਅਤੇ ਜਲਦੀ ਹੀ ਪਾਰਟੀ ਸੱਭਿਆਚਾਰ ਬਾਰੇ ਜਾਣ ਜਾਣਗੇ।