ਕੋਸ਼ਿਆਰੀ ਤੋਂ ਬਾਅਦ ਕੈਪਟਨ ਅਮਰਿੰਦਰ ਨੂੰ ਰਾਜਪਾਲ ਅਹੁਦੇ ਦੀ ਜ਼ਿੰਮੇਵਾਰੀ ਦੇਣ ਸਬੰਧੀ ਚਰਚਾਵਾਂ ਤੇਜ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਹਾਰਾਸ਼ਟਰ ਦੇ ਅਗਲੇ ਰਾਜਪਾਲ ਬਣ ਸਕਦੇ ਹਨ। ਇਸ ਨੂੰ ਲੈ ਕੇ ਸਿਆਸੀ ਤੌਰ ’ਤੇ ਪੰਜਾਬ ਵਿਚ ਖੂਬ ਚਰਚਾਵਾਂ ਚੱਲ ਰਹੀਆਂ ਹਨ। ਕੈਪਟਨ ਅਮਰਿੰਦਰ ਕੁਝ ਸਮਾਂ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਏ ਹਨ। ਮਹਾਰਾਸ਼ਟਰ ਦੇ ਮੌਜੂਦਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਅਹੁਦਾ ਛੱਡਣ ਦੀ ਪੇਸ਼ਕਸ਼ ਕਰ ਚੁੱਕੇ ਹਨ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਫੌਜ ਵਿਚੋਂ ਰਿਟਾਇਰਡ ਕੈਪਟਨ ਅਮਰਿੰਦਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਗੇ ਰਿਸ਼ਤੇ ਹਨ ਅਤੇ ਹਾਲ ਹੀ ਵਿਚ ਭਾਜਪਾ ਦੀ 83 ਮੈਂਬਰੀ ਰਾਸ਼ਟਰੀ ਕਾਰਜਕਾਰਨੀ ਵਿਚ ਵੀ ਕੈਪਟਨ ਅਮਰਿੰਦਰ ਨੂੰ ਸ਼ਾਮਲ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਪਹਿਲਾਂ ਉਪ ਰਾਸ਼ਟਰਪਤੀ ਅਹੁਦੇ ਲਈ ਵੀ ਚਰਚਾ ਵਿਚ ਆਇਆ ਸੀ, ਹਾਲਾਂਕਿ ਬਾਅਦ ਵਿਚ ਇਸ ਅਹੁਦੇ ’ਤੇ ਜਗਦੀਪ ਧਨਖੜ ਨੂੰ ਭਾਜਪਾ ਨੇ ਉਮੀਦਵਾਰ ਬਣਾ ਦਿੱਤਾ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਲੋਂ ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਬਣੇ ਹਨ ਅਤੇ ਹੁਣ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ।