ਭਗਵੰਤ ਮਾਨ ਨੇ ਕਿਹਾ : ਪੰਜਾਬ ਸਰਕਾਰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕਰ ਰਹੀ ਹੈ ਕੰਮ
ਅੰਮਿ੍ਰਤਸਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ 400 ਨਵੇਂ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ। ਅੰਮਿ੍ਰਤਸਰ ’ਚ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨ ਤੋਂ ਬਾਅਦ ਵੱਖ-ਵੱਖ ਥਾਈਂ ਮੁਹੱਲਾ ਕਲੀਨਿਕਾਂ ਨੂੰ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 15 ਅਗਸਤ 2022 ਨੂੰ ਪਹਿਲੇ ਪੜਾਅ ਤਹਿਤ ਪੰਜਾਬ ਵਿੱਚ 100 ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਮੁਹੱਲਾ ਕਲੀਨਿਕਾਂ ਵਿੱਚ ਹੁਣ ਤਕ 10 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕਰ ਰਹੀ ਹੈ ਅਤੇ ਹੁਣ ਅਗਲਾ ਟੀਚਾ ਸਿੱਖਿਆ ਦੀ ਹਾਲਤ ਸੁਧਾਰਨਾ ਹੈ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਏਨਾ ਅੰਗਰੇਜ਼ਾਂ ਨੇ ਨਹੀਂ ਲੁੱਟਿਆ, ਜਿੰਨਾ ਆਪਣਿਆਂ ਨੇ ਲੁੱਟਿਆ ਹੈ ਅਤੇ ਹੁਣ ਆਮ ਆਦਮੀ ਪਾਰਟੀ ਇਹ ਲੁੱਟ ਬੰਦ ਕਰ ਰਹੀ ਹੈ।