ਅਕਾਲੀ ਆਗੂ ਚੀਮਾ ਬੋਲੇ : ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼
ਲੁਧਿਆਣਾ/ਬਿਊਰੋ ਨਿਊਜ਼ : ਭਲਕੇ ਪੰਜਾਬ ਦੇ ਜ਼ਿਲ੍ਹਾ ਬਠਿੰਡਾ ਦੇ ਸਲਾਬਤਪੁਰਾ ’ਚ ਡੇਰਾ ਮੁਖੀ ਰਾਮ ਰਹੀਮ ਦਾ ਸਤਸੰਗ ਹੋਣ ਜਾ ਰਿਹਾ। ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖਦੀ ਹੋਈ ਨਜ਼ਰ ਆ ਰਹੀ ਹੈ। ਜਦਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡੇਰਾ ਮੁਖੀ ਖਿਲਾਫ਼ ਪਹਿਲਾਂ ਹੀ ਮੋਰਚਾ ਖੋਲ੍ਹਿਆ ਹੋਇਆ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਨੇ ਸਰਕਾਰਾਂ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਲਈ ਕੇਂਦਰ, ਹਰਿਆਣਾ ਅਤੇ ਪੰਜਾਬ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਡਾ. ਚੀਮਾ ਨੇ ਕਿਹਾ ਕਿ ਜਿਸ ਤਰ੍ਹਾਂ ਰਾਮ ਰਹੀਮ ’ਤੇ ਸਰਕਾਰਾਂ ਮਿਹਰਬਾਨ ਨਜ਼ਰ ਆ ਰਹੀਆਂ ਹਨ, ਕਿਤੇ ਨਾ ਕਿਤੇ ਇਹ ਸਿੱਧੇ ਤੌਰ ’ਤੇ ਕੋਰਟ ਵੱਲੋਂ ਸੁਣਾਏ ਗਏ ਫੈਸਲੇ ਨੂੰ ਵੀ ਇਕ ਚੁਣੌਤੀ ਹੈ। ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਹਰਿਆਣਾ ਸਰਕਾਰ ਉਨ੍ਹਾਂ ਨੂੰ ਹੀਰੋ ਬਣਾਉਣ ਲੱਗੀ ਹੋਈ। ਉਧਰ ਪੰਜਾਬ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਮੌਜੂਦਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਆਸਾਰਾਮ ਵਰਗਾ ਹੀ ਰਾਮ ਰਹੀਮ ਦਾ ਕੇਸ ਹੈ ਪ੍ਰੰਤੂ ਰਾਮ ਹਰੀਮ ’ਤੇ ਜ਼ਿਆਦਾ ਨਰਮੀ ਦਿਖਾਈ ਜਾ ਰਹੀ। ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਇਸ ਲਈ ਕੇਂਦਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਜ਼ਿੰਮੇਵਾਰ ਹੈ। ਧਿਆਨ ਰਹੇ ਕਿ ਭਲਕੇ 29 ਜਨਵਰੀ ਨੂੰ ਰਾਮ ਰਹੀਮ ਪੰਜਾਬ ਦੇ ਸਲਾਬਤਪੁਰਾ ’ਚ ਆਨਲਾਈਨ ਸਤਿਸੰਗ ਕਰਨਗੇ।