Breaking News
Home / ਪੰਜਾਬ / ਕੁਲਤਾਰ ਸਿੰਘ ਸੰਧਵਾਂ ਨੇ ਮੁਹੱਲਾ ਕਲੀਨਿਕ ਖੋਲ੍ਹਣ ਨੂੰ ਦੱਸਿਆ ਇਤਿਹਾਸਕ ਕਦਮ

ਕੁਲਤਾਰ ਸਿੰਘ ਸੰਧਵਾਂ ਨੇ ਮੁਹੱਲਾ ਕਲੀਨਿਕ ਖੋਲ੍ਹਣ ਨੂੰ ਦੱਸਿਆ ਇਤਿਹਾਸਕ ਕਦਮ

ਵਿਰੋਧੀਆਂ ਵਲੋਂ ਕੀਤੀ ਜਾ ਰਹੀ ਨੁਕਤਾਚੀਨੀ ਨੂੰ ਦੱਸਿਆ ਫਜ਼ੂਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਗਵੰਤ ਮਾਨ ਸਰਕਾਰ ਵਲੋਂ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਇਤਿਹਾਸਕ ਕਦਮ ਦੱਸਿਆ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਵਿਚ 500 ਮੁਹੱਲਾ ਕਲੀਨਿਕ ਖੋਲ੍ਹ ਦਿੱਤੇ ਗਏ ਹਨ। ਇਨ੍ਹਾਂ ਵਿਚੋਂ 100 ਮੁਹੱਲਾ ਕਲੀਨਿਕ 15 ਅਗਸਤ 2022 ਨੂੰ ਖੋਲ੍ਹੇ ਗਏ ਸਨ ਅਤੇ 400 ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਪਿਛਲੇ ਦਿਨੀਂ ਅੰਮਿ੍ਰਤਸਰ ਤੋਂ ਉਦਘਾਟਨ ਕਰਕੇ ਕੀਤੀ ਗਈ ਹੈ। ਇਨ੍ਹਾਂ ਮੁਹੱਲਾ ਕਲੀਨਿਕਾਂ ’ਤੇ ਵਿਰੋਧੀ ਧਿਰਾਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਆਗੂਆਂ ਵਲੋਂ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ। ਇਸਦੇ ਚੱਲਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਵਿਰੋਧੀ ਧਿਰਾਂ ਦੇ ਆਗੂਆਂ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਫਜੂਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇਕ ਇਨਕਲਾਬੀ ਕਦਮ ਹੈ ਅਤੇ ਭਗਵੰਤ ਮਾਨ ਸਰਕਾਰ ਸਿਹਤ ਸਬੰਧੀ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਇਕ ਵਿਲੱਖਣ ਯੋਜਨਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਹੀ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸੂਬੇ ਦੇ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਮੋਹਾਲੀ ਵਿਖੇ ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਖੋਲ੍ਹਿਆ ਜਾ ਰਿਹਾ ਹੈ, ਇਸ ’ਤੇ ਕਰੀਬ 375 ਕਰੋੜ ਰੁਪਏ ਦੀ ਲਾਗਤ ਆਉਣ ਦੀ ਉਮੀਦ ਹੈ। ਇਸੇ ਤਰ੍ਹਾਂ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਵੀ ਕ੍ਰਮਵਾਰ 422 ਕਰੋੜ ਅਤੇ 412 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ।

Check Also

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ …