‘ਆਪ’ ਸਰਕਾਰ ਭਿ੍ਰਸ਼ਟਾਚਾਰ ਦੇ ਮਾਮਲਿਆਂ ’ਚ ਲਗਾਤਾਰ ਕਰ ਰਹੀ ਹੈ ਜਾਂਚ
ਫਰੀਦਕੋਟ/ਬਿਊਰੋ ਨਿਊਜ਼
ਵਿਜੀਲੈਂਸ ਵਿਭਾਗ ਨੇ ਪਿਛਲੇ ਦਿਨੀਂ ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਪੁੱਛ-ਪੜਤਾਲ ਲਈ ਸੱਦਿਆ ਸੀ, ਜਿਸ ਮਗਰੋਂ ਕਾਂਗਰਸੀ ਅਤੇ ਅਕਾਲੀ ਆਗੂਆਂ ਵਿੱਚ ਤਲਖੀ ਵੀ ਦੇਖੀ ਗਈ। ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਆਰੋਪ ਲਾਇਆ ਕਿ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਥਿਤ ਵੱਡੇ ਪੱਧਰ ’ਤੇ ਸਰਕਾਰੀ ਫੰਡਾਂ ਦਾ ਦੁਰਉਪਯੋਗ ਕੀਤਾ ਹੈ ਅਤੇ ਕਥਿਤ ਤੌਰ ’ਤੇ ਗੈਰਕਾਨੂੰਨੀ ਤਰੀਕੇ ਨਾਲ ਮਾਈਨਿੰਗ ਕਰਕੇ ਮੋਟੀ ਕਮਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਸ਼ਲਦੀਪ ਢਿੱਲੋਂ ਨੇ ਪੰਜਾਬ ਵਿਚ ਕਾਂਗਰਸ ਸਰਕਾਰ ਸਮੇਂ ਵੱਡੇ ਆਰਥਿਕ ਲਾਭ ਲਏ ਹਨ। ਇਸ ਲਈ ਉਨ੍ਹਾਂ ਖਿਲਾਫ ਤੁਰੰਤ ਪਰਚਾ ਹੋਣਾ ਚਾਹੀਦਾ ਹੈ। ਦੂਜੇ ਪਾਸੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਅਕਾਲੀਆਂ ਵੱਲੋਂ ਲਾਏ ਆਰੋਪਾਂ ਤੋਂ ਬਾਅਦ ਸਪੱਸ਼ਟ ਕੀਤਾ ਕਿ ਵਿਜੀਲੈਂਸ ਦੀ ਪੜਤਾਲ ਦਾ ਉਹ ਸਵਾਗਤ ਕਰਦੇ ਹਨ ਅਤੇ ਮੰਗ ਕਰਦੇ ਹਨ ਕਿ ਸਾਰੇ ਸਿਆਸੀ ਆਗੂਆਂ ਦੀ ਪੜਤਾਲ ਹੋਣੀ ਚਾਹੀਦੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ 50 ਸਾਲਾਂ ਤੋਂ ਸਿਆਸਤ ਵਿੱਚ ਹੈ। ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਆਪਣੀ ਸਾਰੀ ਜਾਇਦਾਦ ਦੇ ਵੇਰਵੇ ਆਪਣੇ ਨਾਮਜ਼ਦਗੀ ਪੱਤਰਾਂ ਵਿੱਚ ਪਹਿਲਾਂ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਰੋਪ ਲਾਉਣ ਵਾਲੇ ਅਕਾਲੀ ਆਗੂ ਨੇ ਟਰਾਂਸਪੋਰਟਰ ਹੁੰਦਿਆਂ ਕਥਿਤ ਤੌਰ ’ਤੇ ਲੱਖਾਂ ਰੁਪਏ ਦਾ ਟੈਕਸ ਚੋਰੀ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪੰਜਾਬ ਵਿਚ ਕਾਂਗਰਸੀ ਅਤੇ ਅਕਾਲੀ ਆਗੂਆਂ ਖਿਲਾਫ ਭਿ੍ਰਸ਼ਟਾਚਾਰ ਅਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਸਬੰਧੀ ਲਗਾਤਾਰ ਜਾਂਚ ਕਰ ਰਹੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …