ਜੀ-20 ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਜੂਨ ਮਹੀਨੇ ਜਾ ਸਕਦੇ ਹਨ ਅਮਰੀਕਾ
ਵਾਸ਼ਿੰਗਟਨ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਾਲ ਜੂਨ ਜਾਂ ਜੁਲਾਈ ਮਹੀਨੇ ਅਮਰੀਕਾ ਦਾ ਦੌਰਾ ਕਰ ਸਕਦੇ ਹਨ। ਮੀਡੀਆ ਦੀ ਰਿਪੋਰਟ ਮੁਤਾਬਕ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਨਰਿੰਦਰ ਮੋਦੀ ਨੂੰ ਅਮਰੀਕਾ ਦੀ ਯਾਤਰਾ ਲਈ ਸੱਦਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤ ਨੇ ਇਸ ਸੱਦੇ ਨੂੰ ਸਵੀਕਾਰ ਵੀ ਕਰ ਲਿਆ ਹੈ। ਫਿਲਹਾਲ ਦੋਵੇਂ ਦੇਸ਼ਾਂ ਦੇ ਅਧਿਕਾਰੀ ਦੌਰੇ ਦੀ ਤਰੀਕ ਤੈਅ ਕਰ ਰਹੇ ਹਨ। ਜਾਣਕਾਰੀ ਮੁਤਾਬਕ ਇਸ ਸਾਲ ਜੀ-20 ਦੀ ਮੀਟਿੰਗ ਤੋਂ ਪਹਿਲਾਂ ਪੀਐਮ ਮੋਦੀ ਅਮਰੀਕਾ ਜਾ ਸਕਦੇ ਹਨ। ਇਸ ਮਾਮਲੇ ਬਾਰੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਵਾਰ ਭਾਰਤ ਜੀ-20 ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਸਬੰਧੀ ਸਿਖਰ ਸੰਮੇਲਨ ਸਤੰਬਰ ਮਹੀਨੇ ਵਿਚ ਹੋਣਾ ਹੈ। ਇਸ ਵਿਚ ਜੋਅ ਬਾਈਡਨ ਸਣੇ ਦੁਨੀਆ ਭਰ ਦੇ ਵੱਡੇ ਆਗੂ ਸ਼ਾਮਲ ਹੋਣਗੇ। ਇਸ ਤੋਂ ਬਾਅਦ ਨਰਿੰਦਰ ਮੋਦੀ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਰੁਝ ਜਾਣਗੇ। ਮੀਡੀਆ ਰਿਪੋਰਟਾਂ ਤੋਂ ਹੀ ਜਾਣਕਾਰੀ ਮਿਲੀ ਹੈ ਕਿ ਜੂਨ ਅਤੇ ਜੁਲਾਈ ਦੇ ਦੌਰਾਨ ਅਮਰੀਕੀ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਚੱਲੇਗੀ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ ਆਪਣੀ ਯਾਤਰਾ ਦੌਰਾਨ ਅਮਰੀਕੀ ਸੰਸਦ ਦੇ ਸੰਯੁਕਤ ਇਜਲਾਸ ਨੂੰ ਵੀ ਸੰਬੋਧਨ ਕਰਨਗੇ। ਧਿਆਨ ਰਹੇ ਕਿ ਪੀਐਮ ਮੋਦੀ ਦੀ ਜੋਅ ਬਾਈਡਨ ਦੇ ਕਾਰਜਕਾਲ ਵਿਚ ਇਹ ਅਮਰੀਕਾ ਦੀ ਦੂਜੀ ਯਾਤਰਾ ਹੋਵੇਗੀ। ਇਸ ਤੋਂ ਪਹਿਲਾਂ ਮੋਦੀ ਸਤੰਬਰ 2021 ਵਿਚ ਵਾਸ਼ਿੰਗਟਨ ਗਏ ਸਨ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …