Breaking News
Home / ਪੰਜਾਬ / ਪੰਜਾਬ ਭਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸੰਗਰੂਰ ਵਿੱਚ ਸੂਬਾਈ ਰੈਲੀ

ਪੰਜਾਬ ਭਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸੰਗਰੂਰ ਵਿੱਚ ਸੂਬਾਈ ਰੈਲੀ

ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ
ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੱਦੇ ‘ਤੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਸੂਬਾਈ ਰੈਲੀ ਕੀਤੀ। ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਕੱਚੇ, ਆਊਟਸੋਰਸ, ਠੇਕਾ ਆਧਾਰਿਤ ਮੁਲਾਜ਼ਮਾਂ, ਸਕੀਮ ਵਰਕਰਾਂ, ਰੈਗੂਲਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਰੈਲੀ ਦੀ ਪ੍ਰਧਾਨਗੀ ਰਣਜੀਤ ਸਿੰਘ ਰਾਣਵਾਂ, ਜਗਦੀਸ਼ ਚਾਹਲ, ਦਰਸ਼ਨ ਸਿੰਘ ਲੁਬਾਣਾ, ਗੁਰਪ੍ਰੀਤ ਸਿੰਘ ਗਡੀਵਿੰਡ, ਅਮਰਜੀਤ ਕੌਰ ਰਣਸਿੰਘ ਵਾਲਾ ਤੇ ਸੁਰਿੰਦਰ ਪੁਆਰੀ ਆਦਿ ਵਲੋਂ ਕੀਤੀ ਗਈ। ਇਸ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਕਨਫੈਡਰੇਸ਼ਨ ਦੇ ਕੌਮੀ ਚੇਅਰਮੈਨ ਐੱਮਐੱਲ ਸਹਿਗਲ ਅਤੇ ਪੰਜਾਬ ਏਟਕ ਦੇ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਮਾਨ ਸਰਕਾਰ ਵੀ ਪਿਛਲੀਆਂ ਸੂਬਾਈ ਸਰਕਾਰਾਂ ਅਤੇ ਕੇਂਦਰ ਸਰਕਾਰ ਵਾਂਗ ਸਰਮਾਏਦਾਰਾਂ ਦਾ ਪੱਖ ਪੂਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਾਲੇ ਤੱਕ ਹਰੇਕ ਕਿਰਤੀ ਨੂੰ ਘੱਟੋ-ਘੱਟ 26000 ਰੁਪਏ ਮਹੀਨਾ ਮਿਹਨਤਾਨਾ ਦੇਣ ਤੋਂ ਮੂੰਹ ਮੋੜੀ ਬੈਠੀ ਹੈ। ਮੁਲਾਜ਼ਮ ਆਗੂ ਹਰਭਜਨ ਸਿੰਘ ਪਿਲਖਣੀ, ਡਾਕਟਰ ਐੱਨਕੇ ਕਲਸੀ, ਗੁਰਪ੍ਰੀਤ ਸਿੰਘ ਮਾੜੀਮੇਘਾ, ਉੱਤਮ ਸਿੰਘ ਬਾਗੜੀ, ਜਸਵਿੰਦਰ ਪਾਲ ਉੱਘੀ ਤੇ ਜਗਮੋਹਨ ਨੌਲੱਖਾ ਆਦਿ ਨੇ ਆਰੋਪ ਲਾਇਆ ਕਿ ‘ਆਪ’ ਸਰਕਾਰ ਵੱਲੋਂ ਲਗਾਤਾਰ ਦਸ ਮਹੀਨਿਆਂ ਤੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੁਲਾਜ਼ਮਾਂ ਨੇ ਪੈਨਸ਼ਨਰ ਫਰੰਟ ਵੱਲੋਂ 15 ਫਰਵਰੀ ਨੂੰ ਜ਼ਿਲ੍ਹਾ ਪੱਧਰ ‘ਤੇ ਹੋ ਰਹੀਆਂ ਰੈਲੀਆਂ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਵੀ ਫੈਸਲਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਪ੍ਰਤੀਨਿਧ ਤਹਿਸੀਲਦਾਰ ਨੇ ਰੈਲੀ ਵਿੱਚ ਪਹੁੰਚ ਕੇ ਮੰਗ ਪੱਤਰ ਪ੍ਰਾਪਤ ਕੀਤਾ ਅਤੇ 22 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਮੀਟਿੰਗ ਕਰਵਾਉਣ ਦਾ ਪੱਤਰ ਆਗੂਆਂ ਨੂੰ ਦਿੱਤਾ।

Check Also

ਚਰਨਜੀਤ ਸਿੰਘ ਚੰਨੀ ਦੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਚਰਚਾ ਦਾ ਵਿਸ਼ਾ ਬਣੀ  

ਸੰਤ ਸੀਚੇਵਾਲ ‘ਆਪ’ ਦੇ ਰਾਜ ਸਭਾ ਮੈਂਬਰ ਅਤੇ ਚੰਨੀ ਹਨ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ …