-11.9 C
Toronto
Friday, January 23, 2026
spot_img
Homeਪੰਜਾਬਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲਵੇ ਲਾਈਨਾਂ ਉਤੇ ਮੁਜ਼ਾਹਰੇ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਰੇਲਵੇ ਲਾਈਨਾਂ ਉਤੇ ਮੁਜ਼ਾਹਰੇ

ਕੇਂਦਰ ਸਰਕਾਰ ‘ਤੇ ਵਾਅਦਾ ਖਿਲਾਫੀ ਦਾ ਲਾਇਆ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੀ ਸਮਾਪਤੀ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਪਿਛਲੇ ਦਿਨੀਂ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਤਿੰਨ ਘੰਟੇ ਰੇਲਵੇ ਲਾਈਨਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤੇ ਗਏ। ਇਹ ਰੋਸ ਪ੍ਰਦਰਸ਼ਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਰੀ ਰਹੇ। ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਮੋਰਚੇ ਦੀ ਸਮਾਪਤੀ ਵੇਲੇ ਲਿਖਤੀ ਭਰੋਸੇ ਦੇ ਬਾਵਜੂਦ ਕੇਂਦਰ ਨੇ ਐੱਮਐੱਸਪੀ ਦੀ ਗਾਰੰਟੀ ਲਈ ਕਾਨੂੰਨ ਨਹੀਂ ਬਣਾਇਆ, ਕਿਸਾਨਾਂ ਮਜ਼ਦੂਰਾਂ ਖਿਲਾਫ ਦਿੱਲੀ ਸਣੇ ਦੇਸ਼ ਭਰ ‘ਚ ਦਰਜ ਕੀਤੇ ਕੇਸ ਵਾਪਸ ਨਹੀਂ ਲਏ ਗਏ।
ਜ਼ਿਲ੍ਹਾ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਰੇਲ ਫਾਟਕ ‘ਤੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਅੰਦੋਲਨ ਸਮੇਂ ਕਿਸਾਨ ਜਥੇਬੰਦੀਆਂ ਨਾਲ ਕੀਤੇ ਵਾਅਦੇ ਛੇਤੀ ਪੂਰੇ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਕੇ ਉਸ ਨੂੰ ਬਣਦੀ ਸਜ਼ਾ ਦਿੱਤੀ ਜਾਵੇ ਅਤੇ ਬੇਕਸੂਰ ਕਿਸਾਨ ਰਿਹਾਅ ਕੀਤੇ ਜਾਣ ਤੇ ਬਿਜਲੀ ਸੋਧ ਬਿੱਲ-2020 ਦਾ ਖਰੜਾ ਰੱਦ ਕੀਤਾ ਜਾਵੇ। ਕਿਸਾਨ ਆਗੂ ਬਾਜ਼ ਸਿੰਘ, ਲਖਵਿੰਦਰ ਸਿੰਘ ਤੇ ਸਕੱਤਰ ਸਿੰਘ ਕੋਟਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨਿਆ ਗੰਨੇ ਦਾ ਭਾਅ 380 ਰੁਪਏ ਦੇ ਹਿਸਾਬ ਨਾਲ ਦਿੱਤਾ ਜਾਵੇ। ਇਸ ਤੋਂ ਇਲਾਵਾ ਸਨਅਤੀ ਇਕਾਈਆਂ ਵੱਲੋਂ ਕੀਤੇ ਜਾ ਰਹੇ ਹਵਾ ਤੇ ਪਾਣੀ ਪ੍ਰਦੂਸ਼ਣ ਦੀ ਰੋਕਥਾਮ ਲਈ ਕਾਨੂੰਨ ਸਖਤੀ ਨਾਲ ਲਾਗੂ ਕੀਤੇ ਜਾਣ। ਇਸ ਦੇ ਨਾਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 29 ਜਨਵਰੀ 2021 ਨੂੰ ਸਿੰਘੂ ਬਾਰਡਰ ‘ਤੇ ਜਥੇਬੰਦੀ ਦੀ ਸਟੇਜ ‘ਤੇ ਹਮਲਾ ਕਰਨ ਵਾਲਿਆਂ ਵਿਰੁੱਧ ਵੀ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

 

RELATED ARTICLES
POPULAR POSTS