ਭਾਜਪਾ ‘ਚ ਸ਼ਾਮਲ ਹੋ ਚੁੱਕੇ ਹਨ ਮਨੀਸ਼ਾ ਗੁਲਾਟੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਜਾਣਕਾਰੀ ਅਨੁਸਾਰ ਸਮਾਜਿਕ ਨਿਆਂ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਪੱਤਰ ਜਾਰੀ ਕਰਦਿਆਂ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿੱਚ ਵਾਧੇ ਲਈ 18 ਸਤੰਬਰ 2020 ਨੂੰ ਜਾਰੀ ਕੀਤੇ ਪੱਤਰ ਨੂੰ ਵਾਪਸ ਲੈ ਲਿਆ ਹੈ। ਉਂਜ ਇਹ ਵਾਧਾ ਇਸ ਸਾਲ ਸਤੰਬਰ ਮਹੀਨੇ ਤੱਕ ਕੀਤਾ ਗਿਆ ਸੀ। ਇਹ ਹੁਕਮ ਸਮਾਜਿਕ ਨਿਆਂ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ-2020 ‘ਚ ਮਨੀਸ਼ਾ ਗੁਲਾਟੀ ਦੇ ਕਾਰਜਕਾਲ ਵਿੱਚ ਤਿੰਨ ਸਾਲ ਦਾ ਵਾਧਾ ਕੀਤਾ ਸੀ। ਇਸ ਸਬੰਧੀ ਸਮਾਜਿਕ ਨਿਆਂ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਪੱਤਰ ਜਾਰੀ ਕਰਦਿਆਂ ਸਪਸ਼ਟ ਕੀਤਾ ਕਿ ਸਰਕਾਰੀ ਨਿਯਮਾਂ ਅਨੁਸਾਰ ਅਜਿਹਾ ਕੋਈ ਨਿਯਮ ਨਹੀਂ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਜਾ ਸਕੇ। ਇਸ ਕਰਕੇ ਸਾਲ 2020 ਵਿੱਚ ਜਾਰੀ ਪੱਤਰ ਨੂੰ ਵਾਪਸ ਲੈ ਕੇ ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਗਿਆ ਹੈ।
ਕਾਬਿਲੇਗੌਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਮਾਰਚ 2018 ਵਿੱਚ ਮਨੀਸ਼ਾ ਗੁਲਾਟੀ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਸੀ। ਉਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ-2022 ਸਮੇਂ ਮਨੀਸ਼ਾ ਗੁਲਾਟੀ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।