ਖਹਿਰਾ ਨੇ ਰਾਜਪਾਲ ਬੀਐਲ ਪੁਰੋਹਿਤ ਨੂੰ ਲਿਖਿਆ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦਾ ਨਾਂ ‘ਆਮ ਆਦਮੀ ਕਲੀਨਿਕ’ ਰੱਖਣ ਦੀ ਆਲੋਚਨਾ ਕੀਤੀ ਹੈ। ਇਸ ਬਾਰੇ ਖਹਿਰਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਸਰਕਾਰੀ ਸਿਹਤ ਸਹੂਲਤਾਂ ਦਾ ਨਾਮ ‘ਆਮ ਆਦਮੀ ਕਲੀਨਿਕ’ ਰੱਖਣ ਦੇ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਪੰਜਾਬ ਵਿੱਚ ‘ਆਪ’ ਸਰਕਾਰ ਨੇ ਸਿਹਤ ਸਹੂਲਤਾਂ ਦਾ ਨਾਮ ਬਦਲ ਕੇ ਆਪਣੀ ਪਾਰਟੀ ਦੇ ਨਾਮ ‘ਤੇ ਰੱਖ ਦਿੱਤਾ ਹੈ। ਇਹ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਹੂਲਤਾਂ ਦਾ ਨਾਂ ਕਿਸੇ ਸਿਆਸੀ ਪਾਰਟੀ ਦੇ ਨਾਮ ‘ਤੇ ਨਹੀਂ ਰੱਖਿਆ ਜਾ ਸਕਦਾ ਹੈ।
ਇਸਦੇ ਨਾਲ ਹੀ ਖਹਿਰਾ ਨੇ ‘ਆਮ ਆਦਮੀ ਕਲੀਨਿਕ’ ਦੇ ਬੋਰਡਾਂ ‘ਤੇ ਮੁੱਖ ਮੰਤਰੀ ਦੀ ਤਸਵੀਰ ਲਗਾਉਣ ਬਾਰੇ ਵੀ ਸਵਾਲ ਉਠਾਏ ਹਨ। ਖਹਿਰਾ ਨੇ ਰਾਜਪਾਲ ਕੋਲੋਂ ਮੰਗ ਕੀਤੀ ਕਿ ਉਹ ਆਪਣੀ ਸੰਵਿਧਾਨਕ ਸ਼ਕਤੀਆਂ ਤੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਵਿੱਚ ਸਰਕਾਰੀ ਸਿਹਤ ਸੂਹਲਤਾਂ ਤੋਂ ਪਾਰਟੀ ਦਾ ਨਾਮ ਹਟਾਉਣ ਦੇ ਆਦੇਸ਼ ਜਾਰੀ ਕਰਨ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਜਦੋਂ ਵੀ ਚੰਗੀਆਂ ਸਹੂਲਤਾਂ ਆਮ ਲੋਕਾਂ ਨੂੰ ਮਿਲਦੀਆਂ ਹਨ ਤਾਂ ਵਿਰੋਧੀ ਧਿਰ ਦੇ ਆਗੂਆਂ ਨੂੰ ਚੁੱਭਦੀਆਂ ਹਨ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂਆਂ ਵੱਲੋਂ ਲਗਾਤਾਰ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।