ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ; ਅੱਠ ਮੈਂਬਰੀ ਟੀਮ ਨੇ ਘੋਖੇ ਦਸਤਾਵੇਜ਼
ਅੰਮ੍ਰਿਤਸਰ/ਬਿਊਰੋ ਨਿਊਜ਼ : ਵਿਜੀਲੈਂਸ ਬਿਊਰੋ ਨੇ ਕਥਿਤ ਤੌਰ ‘ਤੇ ਆਮਦਨ ਤੋਂ ਵੱਧ ਜਾਇਦਾਦ ਦੀ ਸ਼ਿਕਾਇਤ ਦੇ ਆਧਾਰ ‘ਤੇ ਪੰਜਾਬ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓਪੀ ਸੋਨੀ ਦੀਆਂ ਜਾਇਦਾਦਾਂ ਦਾ ਮੁਲਾਂਕਣ ਕਰਨਾ ਸ਼ੁਰੂ ਕਰ ਦਿੱਤਾ ਹੈ। ਬਿਊਰੋ ਨੇ ਪਿਛਲੇ ਸਾਲ ਨਵੰਬਰ ‘ਚ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ।
ਬਿਊਰੋ ਦੀ ਇੱਕ ਤਕਨੀਕੀ ਟੀਮ ਸੋਮਵਾਰ ਨੂੰ ਏਅਰਪੋਰਟ ਰੋਡ ਸਥਿਤ ਕਾਂਗਰਸੀ ਆਗੂ ਦੇ ਨਿਰਮਾਣ ਅਧੀਨ ਫਾਰਮ ਹਾਊਸ ਅਤੇ ਉਸ ਦੇ ਹੋਟਲ ‘ਤੇ ਪਹੁੰਚੀ। ਇਸ ਜਾਂਚ ਦੀ ਨਿਗਰਾਨੀ ਕਰ ਰਹੇ ਐੱਸਐੱਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਮੁਲਾਂਕਣ ਕਰਨ ਵਾਲੀ ਅੱਠ ਮੈਂਬਰੀ ਟੀਮ ਵਿੱਚ ਚੰਡੀਗੜ੍ਹ ਦੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵਿਜੀਲੈਂਸ ਦੇ ਅਧਿਕਾਰੀ ਵੀ ਸ਼ਾਮਲ ਹਨ। ਵਿਜੀਲੈਂਸ ਸੂਤਰਾਂ ਨੇ ਦੱਸਿਆ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਵੱਲੋਂ ਪੇਸ਼ ਕੀਤੇ ਗਏ ਦਸਤਾਵੇਜ਼ਾਂ ਅਤੇ ਚੋਣਾਂ ਦੌਰਾਨ ਕੀਤੇ ਐਲਾਨ ਅਨੁਸਾਰ ਪਿਛਲੇ ਡੇਢ ਦਹਾਕੇ ਦੌਰਾਨ ਉਸ ਦੀ ਚੱਲ ਤੇ ਅਚੱਲ ਜਾਇਦਾਦ ਵਿੱਚ ਕਈ ਗੁਣਾਂ ਵਾਧਾ ਹੋਇਆ ਹੈ।