ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਵੱਡਾ ਝਟਕਾ ਦਿੰਦਿਆਂ ਪਨਾਮਾ ਪੇਪਰਜ਼ ਮਾਮਲੇ ਦੀ ਜਾਂਚ ਦਾ ਹੁਕਮ ਦਿੱਤਾ ਹੈ। ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਦੇ ਪਰਿਵਾਰ ਉਪਰ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਇਸ ਦੌਰਾਨ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੇ ਆਪਣਾ ਸਰਕਾਰ ਵਿਰੋਧੀ ਪ੍ਰਦਰਸ਼ਨ ਵਾਪਸ ਲੈ ਲਿਆ ਅਤੇ ਜਸ਼ਨ ਮਨਾਉਣ ਦਾ ਐਲਾਨ ਕਰ ਦਿੱਤਾ। ਵਰਨਣਯੋਗ ਹੈ ਕਿ ਇਮਰਾਨ ਖ਼ਾਨ ਤੇ ਹੋਰਾਂ ਨੇ ਹੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਸੀ। ਚੀਫ ਜਸਟਿਸ ਅਨਵਰ ਜ਼ਹੀਰ ਜਮਾਲੀ ਦੀ ਅਗਵਾਈ ਹੇਠਲੇ ਪੰਜ ਮੈਂਬਰੀ ਬੈਂਚ ਨੇ ਕਈ ਕੈਬਨਿਟ ਮੰਤਰੀਆਂ, ਪਟੀਸ਼ਨਰਾਂ ਦੇ ਵਕੀਲਾਂ, ਤਹਿਰੀਕ-ਏ-ਇਨਸਾਫ ਦੇ ਸੀਨੀਅਰ ਨੇਤਾਵਾਂ ਦੀ ਹਾਜ਼ਰੀ ਵਿੱਚ ਸੁਣਵਾਈ ਕੀਤੀ। ਅਦਾਲਤ ਨੇ ਕਿਹਾ ਕਿ ਇਕ ਜੱਜ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਕਾਇਮ ਕਰਨ ਤੇ ਸੁਪਰੀਮ ਕੋਰਟ ਦੀਆਂ ਤਾਕਤਾਂ ਉਸ ਨੂੰ ਦੇਣ ਲਈ ਤਿਆਰ ਹੈ। ਸੁਪਰੀਮ ਕੋਰਟ ਨੇ ਸਰਕਾਰ ਤੇ ਪਟੀਸ਼ਨਰਾਂ ਨੂੰ ਇਹ ਵੀ ਹੁਕਮ ਦਿੱਤਾ ਕਿ ਉਹ ਜਾਂਚ ਕਮਿਸ਼ਨ ਲਈ ਆਪਣੀਆਂ ਸ਼ਰਤਾਂ ਤੈਅ ਕਰਨ। ਉਸ ਨੇ ਕਿਹਾ ਕਿ ਜੇ ਸ਼ਰਤਾਂ ਉਪਰ ਸਹਿਮਤੀ ਨਹੀਂ ਬਣਦੀ ਤਾਂ ਸੁਪਰੀਮ ਕੋਰਟ ਤਾਲਮੇਲ ਕਰਕੇ ਸ਼ਰਤਾਂ ਤੈਅ ਕਰੇਗੀ। ਸੁਪਰੀਮ ਕੋਰਟ ਦੇ ਹੁਕਮ ਬਾਅਦ ਇਮਰਾਨ ਖ਼ਾਨ ਨੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਉਸ ਨੇ ਆਪਣੇ ਨਿਵਾਸ ਦੇ ਬਾਹਰ ਕਿਹਾ ਕਿ ਇਹ ਜਿੱਤ ਦਾ ਜਸ਼ਨ ਮਨਾਉਣ ਤੇ ਸ਼ੁਕਰੀਆ ਅਦਾ ਕਰਨ ਦਾ ਸਮਾਂ ਹੈ। ਉਸ ਨੇ ਆਪਣੇ ਘਰ ਦੇ ਬਾਹਰ ਤਿੰਨ ਸੌ ਦੇ ਕਰੀਬ ਸਮਰਥਕਾਂ ਨੂੰ ਕਿਹਾ, ‘ਘਰਾਂ ਨੂੰ ਜਾਓ ਤੇ ਆਰਾਮ ਕਰੋ।’ ਪਨਾਮਾ ਪੇਪਰਜ਼ ਮੁਤਾਬਕ ਸ਼ਰੀਫ਼ ਦੇ ਚਾਰ ਵਿੱਚੋਂ ਤਿੰਨ ਪੁੱਤ ਵਿਦੇਸ਼ਾਂ ਵਿੱਚ ਸਥਿਤ ਕੰਪਨੀਆਂ ਦੇ ਮਾਲਕ ਹਨ। ਸ਼ਰੀਫ਼ ਤੇ ਉਨ੍ਹਾਂ ਦੇ ਪਰਿਵਾਰ ਨੇ ਕਾਲੇ ਧਨ ਤੇ ਕਿਸੇ ਹੋਰ ਗੜਬੜੀ ਦੋਸ਼ਾਂ ਤੋਂ ਇਨਕਾਰ ਨਹੀਂ ਕੀਤਾ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …