ਖੇਡ ਮੰਤਰੀ ਮੀਤ ਹੇਅਰ ਨੇ ਕਿਹਾ, ਮੁੱਖ ਮੰਤਰੀ ਜਲਦੀ ਹੀ ਸੌਂਪਣਗੇ ਨਿਯੁਕਤੀ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗ਼ਾ ਜੇਤੂ ਪੰਜਾਬ ਨਾਲ ਸਬੰਧਤ ਹਾਕੀ ਖਿਡਾਰੀਆਂ ਨੂੰ ਦਰਜਾ ਇਕ ਦੀਆਂ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪਣਗੇ। ਮੀਤ ਹੇਅਰ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੋਈ ਕਸਰ ਨਹੀਂ ਬਾਕੀ ਛੱਡੇਗੀ ਅਤੇ ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਸੂਬਾ ਪੰਜਾਬ ਇਸ ਖੇਡ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਉਨ੍ਹਾਂ ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰ੍ਰਫੁੱਲਿਤ ਕਰਨ ਲਈ ਖਿਡਾਰੀਆਂ ਦੇ ਸੁਝਾਅ ਵੀ ਮੰਗੇ। ਇਸ ਮੌਕੇ ਹਾਕੀ ਖੇਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਹਾਕੀ ਲੀਗ ਸ਼ੁਰੂ ਕਰਨ ਬਾਰੇ ਵੀ ਵਿਚਾਰਾਂ ਕੀਤੀਆਂ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਟੀਮ ਵਿੱਚ ਕਪਤਾਨ ਸਮੇਤ ਸੂਬੇ ਦੇ 10 ਖਿਡਾਰੀ ਹਨ। ਖਿਡਾਰੀਆਂ ਨੂੰ ਇਸ ਸਾਲ ਹੋਣ ਵਾਲੀਆਂ ਏਸ਼ੀਆਈ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਹਾਕੀ ਖਿਡਾਰੀਆਂ ਵੱਲੋਂ ਖੇਡ ਮੰਤਰੀ ਨੂੰ ਆਪਣੇ ਆਟੋਗ੍ਰਾਫ ਵਾਲੀ ਟੀ ਸ਼ਰਟ ਤੇ ਹਾਕੀ ਸਟਿੱਕ ਭੇਂਟ ਕੀਤੀ ਗਈ।