ਕਿਹਾ : ਅਸੀਂ ਹਰ ਬਜਟ ’ਚ ਗਰੀਬਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ
ਅਸੀਂ ਹਰ ਬਜਟ ’ਚ ਗਰੀਬਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ : ਨਰਿੰਦਰ ਮੋਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੇਸ਼ ਕੀਤੇ ਹਰ ਬਜਟ ਵਿੱਚ ਗਰੀਬਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਗਈ ਹੈ। ਕੇਂਦਰੀ ਬਜਟ ਪੇਸ਼ ਕਰਨ ਤੋਂ ਬਾਅਦ ਨਵੀਂ ਦਿੱਲੀ ’ਚ ਭਾਜਪਾ ਦੀ ਸੰਸਦੀ ਦਲ ਦੀ ਪਹਿਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਇਸ ਨੂੰ ਚੋਣ ਬਜਟ ਨਹੀਂ ਕਹਿ ਰਿਹਾ, ਹਾਲਾਂਕਿ ਇਹ ਅਗਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਖਰੀ ਪੂਰਨ ਬਜਟ ਹੈ। ਧਿਆਨ ਰਹੇ ਕਿ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੰਘੀ ਇਕ ਫਰਵਰੀ ਨੂੰ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦਾ ਬਜਟ ਪੇਸ਼ ਕੀਤਾ ਸੀ। ਇਸੇ ਦੌਰਾਨ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪ੍ਰਧਾਨ ਮੰਤਰੀ ਦੇ ਹਵਾਲੇ ਨਾਲ ਕਿਹਾ ਕਿ ਜੋ ਲੋਕ ਵਿਚਾਰਕ ਤੌਰ ’ਤੇ ਭਾਜਪਾ ਦੇ ਵਿਰੋਧੀ ਰਹੇ ਹਨ, ਉਨ੍ਹਾਂ ਨੇ ਵੀ ਬਜਟ ਦਾ ਸਵਾਗਤ ਕੀਤਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਵੀ ਭਾਜਪਾ ਦੇ ਸੰਸਦ ਮੈਂਬਰਾਂ ਨੂੰ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸੰਸਦ ਮੈਂਬਰ ਆਪਣੇ-ਆਪਣੇ ਹਲਕਿਆਂ ਵਿਚ ਜਾਣ ਅਤੇ ਜਨਤਾ ਨਾਲ ਜੁੜੇ ਰਹਿਣ। ਇਸ ਤੋਂ ਪਹਿਲਾਂ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦੀ ਮੀਟਿੰਗ ਵਿਚ ਵੀ ਪੀਐਮ ਮੋਦੀ ਨੇ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ ਲਈ ਕਿਹਾ ਸੀ। ਉਨ੍ਹਾਂ ਕਿਹਾ ਸੀ ਕਿ ਲੋਕ ਸਭਾ ਚੋਣਾਂ ਵਿਚ ਹੁਣ ਗਿਣਤੀ ਦੇ ਦਿਨ ਹੀ ਰਹਿ ਗਏ ਹਨ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …