ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹੋਈ ਗੱਲਬਾਤ
ਅੰਮਿ੍ਰਤਸਰ/ਬਿਊਰੋ ਨਿਊਜ਼ : ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਪਹਿਲਾਂ ਅਕਾਲੀ ਆਗੂ ਬਿਕਰਮ ਮਜੀਠੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਗੱਲਬਾਤ ਦੌਰਾਨ ਅਕਾਲੀ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਪੰਥ ਦੀ ਚੜ੍ਹਦੀਕਲਾ ਅਤੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਗੱਲਬਾਤ ਹੋਈ ਹੈ। ਇਸ ਮੌਕੇ ਬਿਕਰਮ ਮਜੀਠੀਆ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਬਿਨਾ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇਗਾ। ਵਿਧਾਨ ਸਭਾ ’ਚ ਵਿਧਾਇਕ ਗੁਨੀਵ ਕੌਰ ਮਜੀਠੀਆ ਵੱਲੋਂ ਜਾਇਦਾਦ ਦੇ ਵੇਰਵੇ ਜਮ੍ਹਾਂ ਨਾ ਕਰਾਉਣ ’ਤੇ ਉਨ੍ਹਾਂ ਕਿਹਾ ਕਿ ਜਿਹੜੇ ਵੇਰਵੇ ਵਿਧਾਨ ਸਭਾ ਚੋਣਾਂ ਦੌਰਾਨ ਦਿੱਤੇ ਗਏ ਸਨ, ਉਹ ਵੇਰਵੇ ਸਾਲ 2022-23 ਦੇ ਹਨ। ਮਜੀਠੀਆ ਨੇ ਅੱਗੇ ਕਿਹਾ ਕਿ ਅਸੀਂ ਇਨਕਮ ਟੈਕਸ ਭਰਦੇ ਹਾਂ ਅਤੇ ਜੇਕਰ ਕਿਸੇ ਵੇਰਵੇ ਦੀ ਪੰਜਾਬ ਸਰਕਾਰ ਨੂੰ ਜਰੂਰਤ ਹੈ ਤਾਂ ਉਹ ਇਨਕਮ ਟੈਕਸ ਵਿਭਾਗ ਤੋਂ ਵੀ ਲਏ ਜਾ ਸਕਦੇ ਹਨ। ਮਜੀਠੀਆ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੰਮ ਕਰਨ ਦੀ ਬਜਾਏ ਇਧਰ-ਉਧਰ ਦੀਆਂ ਗੱਲਾਂ ਵਿਚ ਸਮਾਂ ਖਰਾਬ ਕਰ ਰਹੀ ਹੈ। ਉਧਰ ਸੁਪਰੀਮ ਕੋਰਟ ਨਸ਼ਿਆਂ ਦੇ ਮਾਮਲੇ ਵਿਚ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ’ਤੇ ਚਾਰ ਹਫ਼ਤਿਆਂ ਬਾਅਦ ਸੁਣਵਾਈ ਕਰੇਗੀ।