ਕਿਹਾ : ਪੰਜਾਬੀ ਭਾਸ਼ਾ ਨੂੰ ਤਰਜੀਹ ਲਈ ਸੀਐਮ ਭਗਵੰਤ ਮਾਨ ਗੰਭੀਰ
ਚੰਡੀਗੜ੍ਹ/ਬਿਊਰੋ ਨਿਊਜ਼ : ਮਾਂ ਬੋਲੀ ਪੰਜਾਬੀ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਚੰਡੀਗੜ੍ਹ ਵਿਖੇ ਵਿਧਾਇਕਾਂ, ਸਾਹਿਤਕਾਰਾਂ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮਾਂ ਬੋਲੀ ਪੰਜਾਬੀ ਦੀ ਮਜ਼ਬੂਤੀ ਲਈ ਅਤੇ ਉਸ ਨੂੰ ਹੋਰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਗੰਭੀਰਤਾ ਨਾਲ ਚਰਚਾ ਕੀਤੀ ਗਈ। ਸੰਧਵਾਂ ਨੇ ਮੀਟਿੰਗ ਦੌਰਾਨ ਮੌਜੂਦ ਸਾਰਿਆਂ ਦੀ ਸਲਾਹ ਲੈਣ ਅਤੇ ਉਨ੍ਹਾਂ ਦੇ ਵਿਚਾਰ ਜਾਨਣ ਤੋਂ ਬਾਅਦ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਪੰਜਾਬੀ ਭਾਸ਼ਾ ਦੀ ਮਜ਼ਬੂਤੀ ਲਈ ਪੂਰੀ ਤਰ੍ਹਾਂ ਗੰਭੀਰ ਹਨ ਅਤੇ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਪੰਜਾਬੀ ਭਾਸ਼ਾ ਦੀ ਮਜ਼ਬੂਤੀ ਲਈ ਸਾਲ 2022 ’ਚ ਹੁਕਮ ਜਾਰੀ ਕੀਤੇ ਸਨ। ਇਸੇ ਦੌਰਾਨ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਾਰੇ ਸਰਕਾਰੀ ਦਫ਼ਤਰਾਂ ਅਤੇ ਗੈਰ ਸਰਕਾਰੀ ਇਮਾਰਤਾਂ ਅਤੇ ਹੋਰ ਥਾਵਾਂ ’ਤੇ ਪੰਜਾਬੀ ਭਾਸ਼ਾ ’ਚ ਬੋਰਡ ਲਗਾਉਣ ਦੇ ਵੀ ਹੁਕਮ ਦਿੱਤੇ ਗਏ ਸਨ।