ਚੰਡੀਗੜ੍ਹ ’ਚ ਦਾਖਲ ਹੋ ਰਹੇ ਜਥੇ ’ਤੇ ਪੁਲਿਸ ਨੇ ਕੀਤਾ ਲਾਠੀਚਾਰਜ
ਚੰਡੀਗੜ੍ਹ/ਬਿਊਰੋ ਨਿਊਜ਼ : ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਲਈ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਅੱਜ ਕੌਮੀ ਇਨਸਾਫ ਮੋਰਚੇ ਦੇ ਕੁੱਝ ਮੈਂਬਰਾਂ ਨੇ ਜਦੋਂ
ਚੰਡੀਗੜ੍ਹ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਨੇ ਜਥੇ ਉਪਰ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ, ਜਿਸ ਤੋਂ ਬਾਅਦ ਇਥੇ ਮਾਹੌਲ ਤਣਾਅਪੂਰਨ ਹੋ ਗਿਆ। ਕੌਮੀ ਇਨਸਾਫ਼ ਮੋਰਚਾ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਜਾਣਾ ਚਾਹੁੰਦਾ ਸੀ ਪ੍ਰੰਤੂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਧਿਆਨ ਰਹੇ ਕਿ ਚੰਡੀਗੜ੍ਹ-ਮੋਹਾਲੀ ਦੀ ਸਾਂਝੀ ਹੱਦ ’ਤੇ ਲੰਘੀ 7 ਜਨਵਰੀ ਤੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਦੀ ਅਗਵਾਈ ਹੇਠ ਪੱਕਾ ਮੋਰਚਾ ਚੱਲ ਰਿਹਾ ਹੈ। ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦਾ ਕਹਿਣਾ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਬੇਅਦਬੀ ਮਾਮਲੇ ’ਚ ਇਨਸਾਫ਼ ਅਤੇ ਆਰੋਪੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਇਸ ਤੋਂ ਇਲਾਵਾ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖਤ ਕਾਨੂੰਨ ਬਣਾਉਣ ਦੀ ਵੀ ਮੰਗ ਕੀਤੀ ਜਾ ਰਹੀ ਹੈ।