ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹਾਲ ਹੀ ਵਿੱਚ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਸਮਾਜ ਦੇ ਹਰ ਵਰਗ ਨੂੰ ਕੋਈ ਨਾ ਕੋਈ ਰਾਹਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੀ ਸਰਕਾਰ ਵੱਲੋਂ ਪੇਸ਼ ਕੀਤਾ ਜਾਂਦਾ ਹਰ ਬਜਟ ਗ਼ਰੀਬ ਵਰਗ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਤਿਆਰ ਕੀਤਾ ਜਾਂਦਾ ਹੈ। ਪਹਿਲੀ ਫਰਵਰੀ ਨੂੰ ਪੇਸ਼ ਕੀਤੇ ਗਏ ਬਜਟ ਮਗਰੋਂ ਮੋਦੀ ਭਾਜਪਾ ਦੀ ਸੰਸਦੀ ਪਾਰਟੀ ਦੀ ਪਹਿਲੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੋਈ ਵੀ ਇਹ ਨਹੀਂ ਕਹਿ ਸਕਦਾ ਕਿ ਇਹ ‘ਚੋਣਾਵੀ ਬਜਟ’ ਹੈ। ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਅਤੇ ਵਿਕਾਸ ਦੇ ਮੱਦੇਨਜ਼ਰ ਬਜਟ ਤਿਆਰ ਕੀਤਾ ਗਿਆ ਹੈ। ਮੋਦੀ ਵੱਲੋਂ ਸੰਸਦ ਮੈਂਬਰਾਂ ਨੂੰ ਕੀਤੇ ਗਏ ਸੰਬੋਧਨ ਦਾ ਹਵਾਲਾ ਦਿੰਦਿਆਂ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਜਿਹੜੇ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਦਾ ਵਿਰੋਧ ਕਰਦੇ ਹਨ, ਉਨ੍ਹਾਂ ਨੇ ਵੀ ਬਜਟ ਦਾ ਸਵਾਗਤ ਕੀਤਾ ਹੈ।