9.8 C
Toronto
Tuesday, October 28, 2025
spot_img
Homeਪੰਜਾਬਸਜ਼ਾਵਾਂ ਭੁਗਤ ਚੁੱਕੇ ਕੈਦੀਆਂ ਦੀ ਰਿਹਾਈ ਲਈ ਨਿੱਤਰੀ ਬੀਕੇਯੂ ਉਗਰਾਹਾਂ

ਸਜ਼ਾਵਾਂ ਭੁਗਤ ਚੁੱਕੇ ਕੈਦੀਆਂ ਦੀ ਰਿਹਾਈ ਲਈ ਨਿੱਤਰੀ ਬੀਕੇਯੂ ਉਗਰਾਹਾਂ

ਬਠਿੰਡਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ‘ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੇ ਮਨੁੱਖੀ ਅਧਿਕਾਰ’ ਮੁੱਦੇ ‘ਤੇ ਬਠਿੰਡਾ ਵਿਚ ਕਨਵੈਨਸ਼ਨ ਕੀਤੀ ਗਈ। ਇਸ ਮੌਕੇ ਜਥੇਬੰਦੀ ਦੀ ਸੂਬਾਈ ਲੀਡਰਸ਼ਿਪ ਨੇ ਸਿੱਖ ਕੈਦੀਆਂ ਸਣੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਰਿਹਾਈ ਲਈ 13 ਫਰਵਰੀ ਨੂੰ ਜ਼ਿਲ੍ਹਾ ਮੁਕਾਮਾਂ ‘ਤੇ ਧਰਨੇ ਲਾਉਣ ਅਤੇ ਪ੍ਰਸ਼ਾਸਨ ਨੂੰ ਮੰਗ ਪੱਤਰ ਦੇਣ ਦਾ ਐਲਾਨ ਕੀਤਾ।
ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਜਮਹੂਰੀ ਹੱਕਾਂ ਦੀ ਕਾਰਕੁਨ ਡਾ. ਨਵਸ਼ਰਨ ਨੇ ਕਿਹਾ ਕਿ ਮੁਲਕ ਭਰ ਦੀਆਂ ਜੇਲ੍ਹਾਂ ‘ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀ ਵੱਡੀ ਗਿਣਤੀ ‘ਚ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ‘ਚ ਸਿੱਖ ਕੈਦੀਆਂ ਸਣੇ ਦਲਿਤ, ਆਦਿਵਾਸੀ, ਮੁਸਲਮਾਨ ਅਤੇ ਸਮਾਜ ਦੇ ਹੋਰ ਦੱਬੇ-ਕੁਚਲੇ ਵਰਗ ਦੇ ਲੋਕ ਸ਼ਾਮਲ ਹਨ। ਉਨ੍ਹਾਂ ਇਸ ਸਬੰਧੀ ਵਿਸ਼ਾਲ ਜਮਹੂਰੀ ਸੰਘਰਸ਼ ਦੀ ਲੋੜ ‘ਤੇ ਜ਼ੋਰ ਦਿੱਤਾ। ਐਡਵੋਕੇਟ ਐਨ.ਕੇ ਜੀਤ ਨੇ ਕਿਹਾ ਕਿ ਜੇਲ੍ਹਾਂ ‘ਚ ਬੰਦ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਉਠਾਉਣਾ ਵੀ ਸਾਰੀਆਂ ਜਮਹੂਰੀ ਤਾਕਤਾਂ ਦਾ ਸਾਂਝਾ ਕਾਰਜ ਹੈ।
ਜਥੇਬੰਦੀ ਦੇ ਸੂਬਾ ਜਰਨਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਜਥੇਬੰਦੀ ਸਿੱਖ ਕੈਦੀਆਂ ਦੀ ਰਿਹਾਈ ਦੇ ਮੁੱਦੇ ਨੂੰ ਮੁਲਕ ਭਰ ਦੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭ ਜਾਤਾਂ, ਧਰਮਾਂ ਤੇ ਇਲਾਕਿਆਂ ਦੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੇ ਵਡੇਰੇ ਪ੍ਰਸੰਗ ‘ਚ ਦੇਖਦੀ ਹੈ ਤੇ ਇਸ ਮੰਗ ਨੂੰ ਸੌੜੇ ਧਾਰਮਿਕ ਤੇ ਫਿਰਕੂ ਪੈਂਤੜੇ ਦੀ ਥਾਂ ਧਰਮ ਨਿਰਪੱਖ ਤੇ ਜਮਹੂਰੀ ਪੈਂਤੜੇ ਤੋਂ ਉਠਾਉਣ ਦੀ ਧਾਰਨੀ ਹੈ।
ਜਥੇਬੰਦੀ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਸਿੱਖ ਕੈਦੀਆਂ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਰਿਹਾਈ ਦੀ ਮੰਗ ਬਾਰੇ ਮਤਾ ਪੇਸ਼ ਕੀਤਾ ਜਿਸ ਨੂੰ ਇਕੱਠ ਨੇ ਸਰਬਸੰਮਤੀ ਨਾਲ ਪਾਸ ਕੀਤਾ। ਅਖੀਰ ‘ਚ ਜਥੇਬੰਦੀ ਦੇ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਆਏ ਹੋਏ ਕਾਰਕੁਨਾਂ ਤੇ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਮੰਗ ਲਈ 13 ਫਰਵਰੀ ਨੂੰ ਜ਼ਿਲ੍ਹਾ ਪੱਧਰੀ ਧਰਨਿਆਂ ਦਾ ਐਲਾਨ ਕਰਦਿਆਂ, ਵੱਡੀ ਗਿਣਤੀ ਵਰਕਰਾਂ ਨੂੰ ਜ਼ਿਲ੍ਹਾ ਹੈਡਕੁਆਰਟਰਾਂ ‘ਤੇ ਪੁੱਜਣ ਦੀ ਅਪੀਲ ਕੀਤੀ।

 

RELATED ARTICLES
POPULAR POSTS