ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਹੋਈ ਕਾਰਵਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪਾਂ ਹੇਠ ਮੁੜ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਉਦੋਂ ਹੋਈ ਜਦੋਂ ਉਹ ਅਮਲੋਹ ਨੇੜਲੇ ਪਿੰਡ ਭੱਦਲਥੂਹਾ ਦੇ ਇਕ ਪੈਲੇਸ ਵਿੱਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਹੋਏ ਸਨ।
ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਅਤੇ ਜੰਗਲਾਤ ਵਿਭਾਗ ‘ਚ ਘਪਲੇ ਦੇ ਆਰੋਪਾਂ ਤਹਿਤ ਉਨ੍ਹਾਂ ਨੂੰ ਲੰਘੇ ਸਾਲ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਕੇਸ ਦਰਜ ਕਰ ਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 596 ਰੁਪਏ ਸੀ ਜਦਕਿ ਖਰਚਾ 8 ਕਰੋੜ 76 ਲੱਖ 30 ਹਜ਼ਾਰ 888 ਰੁਪਏ ਸੀ ਜੋ 6 ਕਰੋੜ 39 ਲੱਖ 18 ਹਜ਼ਾਰ 292 ਰੁਪਏ ਵੱਧ ਸੀ। ਭਾਵ ਉਨ੍ਹਾਂ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਵਿਜੀਲੈਂਸ ਵੱਲੋਂ ਕਾਂਗਰਸ ਦਾ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਦੇ ਖਿਲਾਫ ਸਰੋਤਾਂ ਤੋਂ ਜ਼ਿਆਦਾ ਮਾਮਲਿਆਂ ਦੀ ਜਾਂਚ ਵਿੱਢੀ ਹੋਈ ਹੈ।
ਆਉਂਦੇ ਦਿਨਾਂ ਦੌਰਾਨ ਹੋਰਾਂ ਕਾਂਗਰਸੀ ਆਗੂਆਂ ਦੀ ਵੀ ਗ੍ਰਿਫ਼ਤਾਰੀ ਸੰਭਵ ਹੈ। ਇਸ ਸਬੰਧੀ ਜਦੋਂ ਧਰਮਸੋਤ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਅਗਾਊਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਿਆਸੀ ਲਾਹਾ ਲੈਣ ਲਈ ਸਰਕਾਰ ਦੇ ਇਸ਼ਾਰੇ ‘ਤੇ ਸਾਰਾ ਕੁਝ ਕੀਤਾ ਜਾ ਰਿਹਾ ਹੈ ਜਦੋਂ ਕਿ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਕੇ ਪਹਿਲਾਂ ਵੀ ਪੁਲਿਸ ਰਿਮਾਂਡ ਹਾਸਲ ਕਰਕੇ ਵਿਜੀਲੈਂਸ ਪੁੱਛ-ਗਿੱਛ ਕਰ ਚੁੱਕੀ ਹੈ।
ਧਰਮਸੋਤ ਦਾ ਪੁਲਿਸ ਰਿਮਾਂਡ
ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਧਰਮਸੋਤ ਖ਼ਿਲਾਫ਼ ਜੰਗਲਾਤ ਵਿਭਾਗ ਵਿੱਚ ਕਾਂਗਰਸ ਵਜ਼ਾਰਤ ਸਮੇਂ ਹੋਏ ਵੱਖੋ-ਵੱਖ ਘੁਟਾਲਿਆਂ ਸਬੰਧੀ ਪਹਿਲਾਂ ਹੀ ਭ੍ਰਿਸ਼ਟਾਚਾਰ ਦਾ ਕੇਸ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਉਸ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਹੁਣ ਕਾਫ਼ੀ ਦਿਨਾਂ ਤੋਂ ਜ਼ਮਾਨਤ ‘ਤੇ ਸੀ। ਸਾਬਕਾ ਮੰਤਰੀ ‘ਤੇ ਪੈਸੇ ਲੈ ਕੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਤੇ ਬਦਲੀਆਂ ਕਰਨ ਦਾ ਵੀ ਆਰੋਪ ਹੈ।
ਬਦਨਾਮ ਕਰਨ ਲਈ ਝੂਠੇ ਕੇਸ ਵਿੱਚ ਫਸਾਇਆ: ਧਰਮਸੋਤ
ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਉਸ ਨੂੰ ਬਦਨਾਮ ਕਰਨ ਲਈ ਜਾਣ-ਬੁੱਝ ਕੇ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਂਜ ਉਨ੍ਹਾਂ ਮੀਡੀਆ ਨਾਲ ਜ਼ਿਆਦਾ ਗੱਲਬਾਤ ਕਰਨ ਤੋਂ ਸੰਕੋਚ ਕਰਦਿਆਂ ਸਿਰਫ਼ ਇੰਨਾ ਹੀ ਕਿਹਾ ਕਿ ਉਸ ਨੇ ਅਦਾਲਤ ਨੂੰ ਸਾਰਾ ਕੁਝ ਦੱਸ ਦਿੱਤਾ ਹੈ ਅਤੇ ਉਸ ਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ। ਅਦਾਲਤ ਦਾ ਜੋ ਵੀ ਫ਼ੈਸਲਾ ਹੋਵੇਗਾ, ਉਸ ਨੂੰ ਖਿੜੇ ਮੱਥੇ ਪ੍ਰਵਾਨ ਹੋਵੇਗਾ।