ਬਜਟ ’ਚ ਮਹਿਲਾਵਾਂ ਅਤੇ ਸਰਕਾਰੀ ਕਰਮਚਾਰੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਤਿਆਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ 2024 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਵਿਚ ਜੁਟ ਗਈਆਂ ਹਨ ਅਤੇ ਸਾਰੀਆਂ ਪਾਰਟੀਆਂ ਵੱਲੋਂ ਆਪਣੇ-ਆਪਣੇ ਜਥੇਬੰਦਕ ਢਾਚਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵੀ ਬਜਟ ਸੈਸ਼ਨ ਦੌਰਾਨ ਮਹਿਲਾਵਾਂ ਅਤੇ ਸਰਕਾਰੀ ਕਰਮਚਾਰੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਤਿਆਰੀ ਵਿਚ ਜੁਟ ਗਈ ਹੈ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਜਟ ਸੈਸ਼ਨ ਦੌਰਾਨ ਜਿਨ੍ਹਾਂ ਸਕੀਮ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਚੁੱਕੇ ਹਨ ਉਨ੍ਹਾਂ ਨੂੰ ਲਾਗੂ ਕਰਨ ਅਤੇ ਜਿਹੜੀਆਂ ਗਰੰਟੀਆਂ ਬਾਕੀ ਬਚੀਆਂ ਹਨ ਉਨ੍ਹਾਂ ਨੂੰ ਪੂਰਾ ਕਰਨ ਬਾਰੇ ਵਿਚਾਰ-ਵਟਾਂਦਰਾ ਹੋ ਸਕਦਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਮਹਿਲਾਵਾਂ ਦੇ ਖਾਤਿਆਂ ’ਚ 1-1 ਹਜ਼ਾਰ ਰੁਪਏ ਪਾਉਣ ਦਾ ਵਾਅਦਾ ਵੀ ਕੀਤਾ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਭਗਵੰਤ ਮਾਨ ਸਰਕਾਰ ਇਸ ਵਾਅਦੇ ਨੂੰ ਪੂਰਾ ਕਰ ਸਕਦੀ ਹੈ। ਮਾਨ ਸਰਕਾਰ ਨੇ ਆਪਣੇ ਪਹਿਲੇ ਬਜਟ ’ਚ 600 ਯੂਨਿਟ ਮੁਫ਼ਤ ਬਿਜਲੀ ਦੇਣ ਵਾਲੇ ਵਾਅਦੇ ਨੂੰ ਪੂਰਾ ਕੀਤਾ ਸੀ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਹੁਣ ਆਪਣਾ ਦੂਜਾ ਬਜਟ ਪੇਸ਼ ਕੀਤਾ ਜਾਵੇਗਾ।