ਡਾ. ਜੋਗਾ ਸਿੰਘ ਨੇ ਕਿਹਾ : ਭਾਸ਼ਾਵਾਂ ਦਾ ਭਵਿੱਖ ਹਰ ਇੱਕ ਦੀਆਂ ਕੋਸ਼ਿਸ਼ਾਂ ਸਦਕਾ ਹੀ ਉੱਜਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬੀ ਲੇਖਕ ਸਭਾ ਚੰਡੀਗੜ੍ਹ ਅਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਚੰਡੀਗੜ੍ਹ ਵੱਲੋਂ ਕੋਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ‘ਖੇਤਰੀ ਭਾਸ਼ਾਵਾਂ ਦਾ ਭਵਿੱਖ ਤੇ ਕਲਮ ਨੂੰ ਚੁਣੌਤੀਆਂ’ ਵਿਸ਼ੇ ’ਤੇ ਵਿਚਾਰ ਗੋਸ਼ਟੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਸੈਕਟਰ 28 (ਚੰਡੀਗੜ੍ਹ) ਵਿੱਚ ਕਰਵਾਈ ਗਈ। ਸਮਾਗਮ ਵਿੱਚ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਉੱਘੇ ਭਾਸ਼ਾ ਵਿਗਿਆਨੀ ਡਾ. ਜੋਗਾ ਸਿੰਘ ਨੇ ਕਿਹਾ ਕਿ ਕੋਈ ਵੀ ਭਾਸ਼ਾ ਉਦੋਂ ਤੱਕ ਨਹੀਂ ਮਰਦੀ ਜਦੋਂ ਤੱਕ ਉਸ ਦੇ ਰੀਤੀ ਰਿਵਾਜਾਂ ਦੀ ਰਵਾਇਤ ਚਲਦੀ ਰਹੇਗੀ। ਸਰਕਾਰਾਂ ਦੇ ਨਾਲ-ਨਾਲ ਸਾਡਾ ਸਾਰਿਆਂ ਦਾ ਵੀ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਹਰ ਉਹ ਉਪਰਾਲਾ ਕਰਦੇ ਰਹੀਏ ਜਿਸ ਨਾਲ ਭਾਸ਼ਾ ਪ੍ਰਤੀ ਸਾਡਾ ਸਮਰਪਣ ਬਰਕਰਾਰ ਰਹੇ। ਇੰਡੀਅਨ ਜਰਨਲਿਸਟਸ ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਜੰਮੂ ਨੇ ਪੱਤਰਕਾਰਾਂ ਵੱਲੋਂ ਲੜੀ ਜਾ ਰਹੀ ਕਲਮ ਦੀ ਲੜਾਈ ਦੇ ਹਵਾਲੇ ਨਾਲ ਕਿਹਾ ਕਿ ਇਸ ਸਬੰਧ ਵਿੱਚ ਸਰਕਾਰੀ ਨੀਤੀਆਂ ਵਿੱਚ ਹੋਰ ਸੁਧਾਰ ਦੀ ਜ਼ਰੂਰਤ ਹੈ। ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਨੇ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨਾਲ ਹੋ ਰਹੇ ਵਿਤਕਰੇ ਦੀ ਗੱਲ ਕਰਦਿਆਂ ਕਿਹਾ ਕਿ ਚੰਡੀਗੜ੍ਹ ਤੋਂ ਇਲਾਵਾ ਦੇਸ਼ ਦੇ ਕਿਸੇ ਵੀ ਸੂਬੇ ਜਾਂ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਪ੍ਰਸ਼ਾਸਕੀ ਭਾਸ਼ਾ ਅੰਗਰੇਜ਼ੀ ਨਹੀਂ ਹੈ। ਸਰਕਾਰੀ ਕਾਲਜ ਚੰਡੀਗੜ੍ਹ ਦੇ ਡੀਨ ਡਾ. ਗੁਰਮੇਲ ਸਿੰਘ ਤੇੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਚੰਡੀਗੜ੍ਹ ਦੇ ਪ੍ਰਧਾਨ ਜੈ ਸਿੰਘ ਛਿੱਬਰ ਨੇ ਵੀ ਇਸ ਮੌਕੇ ਸੰਬੋਧਨ ਕੀਤਾ। ਉੱਘੇ ਚਿੰਤਕ ਡਾ. ਪਿਆਰਾ ਲਾਲ ਗਰਗ ਨੇ ਪੰਜਾਬੀ ਭਾਸ਼ਾ ਲਈ ਹੋਰ ਬਹੁਤ ਕੁਝ ਕੀਤੇ ਜਾਣ ਦੀ ਲੋੜ ਦੱਸੀ।