ਭਿ੍ਰਸ਼ਟਾਚਾਰ ਦੇ ਆਰੋਪਾਂ ਤਹਿਤ ਜੇਲ੍ਹ ’ਚ ਬੰਦ ਹਨ ਸਾਬਕਾ ਕਾਂਗਰਸੀ ਮੰਤਰੀ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ’ਚ ਕੈਬਨਿਟ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਵੀ ਭਿ੍ਰਸ਼ਟਾਚਾਰ ਦੇ ਮਾਮਲਿਆਂ ਵਿਚ ਘਿਰੇ ਹੋਏ ਹਨ ਅਤੇ ਅੱਜਕੱਲ੍ਹ ਉਹ ਜੇਲ੍ਹ ਵਿਚ ਬੰਦ ਹਨ। ਬਹੁਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਵਲੋਂ ਗਿ੍ਰਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਲੁਧਿਆਣਾ ਅਦਾਲਤ ਵਲੋਂ 16 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸਦੇ ਚੱਲਦਿਆਂ ਹਾਲ ਦੀ ਘੜੀ ਆਸ਼ੂ ਨੂੰ ਅਦਾਲਤ ਵਲੋਂ ਕੋਈ ਵੀ ਰਾਹਤ ਨਹੀਂ ਦਿੱਤੀ ਗਈ ਹੈ। ਧਿਆਨ ਰਹੇ ਕਿ ਪੰਜਾਬ ਵਿਚ ਹੁਣ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਹੈ। ਇਸੇ ਦੌਰਾਨ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਵਿਚ ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੋਏ ਭਿ੍ਰਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਭਿ੍ਰਸ਼ਟਾਚਾਰ ਖਿਲਾਫ ਚੱਲ ਰਹੀ ਜਾਂਚ ਵਿਚ ਕਾਂਗਰਸ ਦੇ ਕਈ ਸਾਬਕਾ ਮੰਤਰੀ ਅਤੇ ਵਿਧਾਇਕ ਘਿਰੇ ਹੋਏ ਹਨ। ਜਿਨ੍ਹਾਂ ਵਿਚ ਸਾਧੂ ਸਿੰਘ ਧਰਮਸੋਤ, ਕੁਸ਼ਲਦੀਪ ਸਿੰਘ ਢਿੱਲੋਂ, ਸੰਗਤ ਸਿੰਘ ਗਿਲਜ਼ੀਆਂ ਅਤੇ ਓਪੀ ਸੋਨੀ ਵੀ ਸ਼ਾਮਲ ਹਨ। ਇਸੇ ਦੌਰਾਨ ਹੁਣ ਸਾਬਕਾ ਕਾਂਗਰਸੀ ਮੰਤਰੀ ਬਲਬੀਰ ਸਿੰਘ ਸਿੱਧੂ ਖਿਲਾਫ ਵੀ ਵਿਜੀਲੈਂਸ ਦੀ ਜਾਂਚ ਸ਼ੁਰੂ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਇਸਦੇ ਚੱਲਦਿਆਂ ਕਾਂਗਰਸ ਦੇ ਕਈ ਸਾਬਕਾ ਮੰਤਰੀ ਹੁਣ ਭਾਰਤੀ ਜਨਤਾ ਪਾਰਟੀ ਵਿਚ ਵੀ ਸ਼ਾਮਲ ਹੋ ਚੁੱਕੇ ਹਨ।
Check Also
ਬੀਐੱਸਐੱਫ ਨੇ ਸਰਹੱਦ ਪਾਰ ਕਰਦਾ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
ਸਰਹੱਦੀ ਖੇਤਰ ’ਚ ਮਾਹੌਲ ਬਣਿਆ ਤਣਾਅਪੂਰਨ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਮਮਦੋਟ ਸੈਕਟਰ ਵਿਚ ਅੰਤਰਰਾਸ਼ਟਰੀ …