ਕਿਹਾ : ਮਾਮਲਾ ਦਬਾਉਣ ਦੀ ਥਾਂ, ਰਾਜਪਾਲ ਦੇ ਸਵਾਲਾਂ ਦਾ ਜਵਾਬ ਦੇਣ ਮੁੱਖ ਮੰਤਰੀ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਛਿੜੀ ਜੰਗ ’ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਕੁੱਦ ਪਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਰਾਜਪਾਲ ਪੁਰੋਹਿਤ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦੇਣ ਅਤੇ ਮਾਮਲੇ ਨੂੰ ਸੂਬੇ ਦਾ ਵਿਸ਼ਾ ਦੱਸ ਕੇ ਘੁਮਾਉਣ ਦਾ ਯਤਨ ਨਾ ਕਰੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕੋਲ ਰਾਜਪਾਲ ਦੀ ਸੰਵਿਧਾਨਕ ਨਿਯੁਕਤੀ ’ਤੇ ਸਵਾਲ ਚੁੱਕਣ ਦਾ ਕੋਈ ਹੱਕ ਨਹੀਂ। ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ ਪ੍ਰੰਤੂ ਰਾਜਪਾਲ ਵੱਲੋਂ ਜਿਨ੍ਹਾਂ ਮੁੱਦਿਆਂ ਨੂੰ ਚੁੱਕਿਆ ਗਿਆ ਹੈ, ਉਨ੍ਹਾਂ ਦਾ ਜਵਾਬ ਮੁੱਖ ਮੰਤਰੀ ਨੂੰ ਦੇਣਾ ਚਾਹੀਦਾ ਹੈ। ਕਿਉਂਕਿ ਰਾਜਪਾਲ ਨੇ ਸੰਵਿਧਾਨਕ ਦਾਇਰੇ ’ਚ ਰਹਿੰਦੇ ਹੋਏ ਇਹ ਮੁੱਦੇ ਚੁੱਕੇ ਹਨ। ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਰਾਜਪਾਲ ਅਤੇ ਕੇਂਦਰ ਸਰਕਾਰ ਨਾਲ ਟਕਰਾਅ ਤੋਂ ਬਚਣ ਦੀ ਸਲਾਹ ਵੀ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਨੂੰ ਪੰਜਾਬ ਦੀ ਬੇਹਤਰੀ ਲਈ ਦਿੱਲੀ ਮਾਡਲ ਨੂੰ ਨਾ ਅਪਨਾਉਣ ਦੀ ਅਪੀਲ ਵੀ ਕੀਤੀ। ਰਾਜ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭਰੋਸਾ ਦਿੱਤਾ ਕਿ ਜਦੋਂ ਵੀ ਪੰਜਾਬ ਦੇ ਹਿਤਾਂ ਦੀ ਰਾਖੀ ਦੀ ਗੱਲ ਹੋਵੇਗੀ ਤਾਂ ਕਾਂਗਰਸ ਪਾਰਟੀ ਸੂਬਾ ਸਰਕਾਰ ਦੀ ਡਟ ਕੇ ਹਮਾਇਤ ਕਰੇਗੀ। ਪ੍ਰੰਤੂ ਕਾਂਗਰਸ ਪਾਰਟੀ ਰਾਜਪਾਲ ਜਾਂ ਕੇਂਦਰ ਸਰਕਾਰ ਨਾਲ ਕਿਸੇ ਵੀ ਅਣਸੁਖਾਵੇਂ ਟਕਰਾਅ ’ਤੇ ਪੰਜਾਬ ਸਰਕਾਰ ਦਾ ਸਮਰਥਨ ਨਹੀਂ ਕਰੇਗੀ।