17 C
Toronto
Friday, September 12, 2025
spot_img
Homeਹਫ਼ਤਾਵਾਰੀ ਫੇਰੀਕੇਂਦਰ ਸਰਕਾਰ ਨੇ ਪੰਜਾਬ ਦੇ 546 ਕਰੋੜ ਰੁਪਏ ਰੋਕੇ

ਕੇਂਦਰ ਸਰਕਾਰ ਨੇ ਪੰਜਾਬ ਦੇ 546 ਕਰੋੜ ਰੁਪਏ ਰੋਕੇ

ਕਿਹਾ : ਸਿਹਤ ਲਈ ਆਇਆ ਪੈਸਾ ਮੁਹੱਲਾ ਕਲੀਨਿਕਾਂ ‘ਤੇ ਖਰਚਿਆ
ਜਲੰਧਰ/ਬਿਊਰੋ ਨਿਊਜ਼ : ਪੰਜਾਬ ‘ਚ ਦਹਾਕਿਆਂ ਤੋਂ ਚੱਲੀਆਂ ਆ ਰਹੀਆਂ ਸਰਕਾਰੀ ਡਿਸਪੈਂਸਰੀਆਂ ਅਤੇ ਸਿਹਤ ਕੇਂਦਰਾਂ ਨੂੰ ਰੰਗ ਰੋਗਨ ਕਰਕੇ ‘ਆਮ ਆਦਮੀ ਕਲੀਨਿਕ’ ਦਾ ਨਾਂਅ ਦੇਣ ‘ਤੇ ਭਗਵੰਤ ਮਾਨ ਸਰਕਾਰ ਪਹਿਲਾਂ ਹੀ ਵਿਵਾਦਾਂ ‘ਚ ਘਿਰ ਗਈ ਹੈ। ਮੀਡੀਆ ਰਿਪੋਰਟ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਵਾਰ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਕੌਮੀ ਸਿਹਤ ਮਿਸ਼ਨ ਤਹਿਤ ਭੇਜੇ ਗਏ ਕਰੋੜਾਂ ਰੁਪਏ ਦੇ ਫ਼ੰਡਾਂ ਨੂੰ ਮੁਹੱਲਾ ਕਲੀਨਿਕਾਂ ‘ਤੇ ਖ਼ਰਚ ਕਰਕੇ ਕੇਂਦਰੀ ਫ਼ੰਡਾਂ ਦਾ ਦੁਰਉਪਯੋਗ ਹੀ ਨਹੀਂ ਕੀਤਾ ਸਗੋਂ ਇਸ ਮਾਮਲੇ ‘ਚ ਸੂਬੇ ਦੇ ਕਰੋੜਾਂ ਲੋਕਾਂ ਨੂੰ ਗੁੰਮਰਾਹ ਵੀ ਕੀਤਾ ਹੈ।
ਇਥੇ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਕੌਮੀ ਸਿਹਤ ਮਿਸ਼ਨ ਤਹਿਤ ਆਪਣੇ ਹਿੱਸੇ ਦੇ 438 ਕਰੋੜ ਰੁਪਏ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਗਏ ਸਨ ਪਰ ਪੰਜਾਬ ਸਰਕਾਰ ਨੇ ਇਨ੍ਹਾਂ ਪੈਸਿਆਂ ਨੂੰ ਰਾਜ ਦੇ ਸਿਹਤ ਤੇ ਭਲਾਈ ਕੇਂਦਰਾਂ ‘ਤੇ ਖ਼ਰਚ ਕਰਨ ਦੀ ਬਜਾਏ ਮੁਹੱਲਾ ਕਲੀਨਿਕ ਖੋਲ੍ਹਣ ‘ਤੇ ਖ਼ਰਚ ਕਰ ਦਿੱਤਾ ਤੇ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ‘ਮਾਲ ਮਾਲਕਾਂ ਦਾ ਤੇ ਮਸ਼ਹੂਰੀ ਕੰਪਨੀ ਦੀ’ ਕਹਾਵਤ ਵਾਂਗ ਸੂਬੇ ‘ਚ ਖੋਲ੍ਹੇ ਗਏ 500 ਆਮ ਆਦਮੀ ਕਲੀਨਿਕਾਂ ਨੂੰ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ ਦੱਸਦਿਆਂ ਇਨ੍ਹਾਂ ਦਾ ਖੂਬ ਪ੍ਰਚਾਰ ਕੀਤਾ ਗਿਆ ਸੀ। ਪਰ ਹੁਣ ਅਸਲੀਅਤ ਸਾਹਮਣੇ ਆਉਣ ‘ਤੇ ਪੰਜਾਬ ਸਰਕਾਰ ਦੀ ਇਕ ਵਾਰ ਫਿਰ ਕਿਰਕਿਰੀ ਹੋਈ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ‘ਚ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਨਾ ਕੇਵਲ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਹੈ ਬਲਕਿ ਕੌਮੀ ਸਿਹਤ ਮਿਸ਼ਨ ਤਹਿਤ ਮਿਲਣ ਵਾਲੀ 546 ਕਰੋੜਰੁਪਏ ਅਗਲੀ ਕਿਸ਼ਤ ਨੂੰ ਰੋਕਣ ਤੱਕ ਦੀ ਵੀ ਚਿਤਾਵਨੀ ਦੇ ਦਿੱਤੀ ਹੈ।
ਅਜਿਹੇ ‘ਚ ਜੇਕਰ ਕੇਂਦਰ ਸਰਕਾਰ ਫ਼ੰਡ ਰੋਕ ਦਿੰਦੀ ਹੈ ਤਾਂ ਸੂਬੇ ‘ਚ ਸਿਹਤ ਸਹੂਲਤਾਂ ‘ਤੇ ਵੀ ਇਸ ਦਾ ਅਸਰ ਪੈਣ ਦੀ ਸੰਭਾਵਨਾ ਹੈ ਤੇ ਲੋਕ ਸਿਹਤ ਸਹੂਲਤਾਂ ਤੋਂ ਵਾਂਝੇ ਹੋ ਸਕਦੇ ਹਨ। ਉਧਰ ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨੇ ਕੇਂਦਰੀ ਫ਼ੰਡਾਂ ਨੂੰ ਮੁਹੱਲਾ ਕਲੀਨਿਕਾਂ ‘ਤੇ ਖ਼ਰਚ ਕੀਤੇ ਜਾਣ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਮਾਮਲੇ ‘ਚ ਪੰਜਾਬ ਸਰਕਾਰ ‘ਤੇ ਕੌਮੀ ਸਿਹਤ ਮਿਸ਼ਨ ਤਹਿਤ ਭੇਜੇ ਗਏ ਫ਼ੰਡਾਂ ਦੇ ਦੁਰਉਪਯੋਗ ਕਰਨ ਦਾ ਵੀ ਗੰਭੀਰ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ ਦੇ ਪੈਸਿਆਂ ਦਾ ਦੁਰਉਪਯੋਗ ਕੀਤਾ ਹੈ ਤੇ ਇਨ੍ਹਾਂ ਪੈਸਿਆਂ ਨਾਲ ਸੂਬੇ ਅੰਦਰ 500 ਮੁਹੱਲਾ ਕਲੀਨਿਕ ਖੋਲ੍ਹ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ‘ਚ ਕੇਂਦਰ ਸਰਕਾਰ ਕੋਲ ਪੰਜਾਬ ਸਰਕਾਰ ਦੇ ਖ਼ਿਲਾਫ਼ ਕਾਰਵਾਈ ਕਰਨ ਤੋਂ ਇਲਾਵਾ ਕੋਈ ਹੋਰ ਕੋਈ ਚਾਰਾ ਨਹੀਂ ਰਹਿ ਜਾਂਦਾ।

RELATED ARTICLES
POPULAR POSTS