-1.9 C
Toronto
Thursday, December 4, 2025
spot_img
Homeਪੰਜਾਬਉਗਰਾਹਾਂ ਜਥੇਬੰਦੀ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ

ਉਗਰਾਹਾਂ ਜਥੇਬੰਦੀ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ

ਬੰਦੀ ਸਿੱਖਾਂ ਸਮੇਤ ਸਜ਼ਾ ਪੂਰੀ ਕਰਨ ਵਾਲੇ ਸਾਰੇ ਕੈਦੀਆਂ ਦੀ ਰਿਹਾਈ ਮੰਗੀ
ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪੇ
ਚੰਡੀਗੜ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਸਣੇ ਸਾਰੇ ਕੈਦੀਆਂ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕਰਦਿਆਂ ਸੋਮਵਾਰ ਨੂੰ 19 ਜ਼ਿਲਿਆਂ ਵਿੱਚ 20 ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ। ਜਥੇਬੰਦੀ ਨੇ ਪਟਿਆਲਾ, ਮੁਹਾਲੀ, ਸੰਗਰੂਰ, ਲੁਧਿਆਣਾ, ਮਾਲੇਰਕੋਟਲਾ, ਮਾਨਸਾ, ਬਰਨਾਲਾ, ਬਠਿੰਡਾ, ਮੋਗਾ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਫ਼ਤਹਿਗੜ ਸਾਹਿਬ ਤੇ ਹੁਸ਼ਿਆਰਪੁਰ ‘ਚ ਵੱਡੇ ਇਕੱਠ ਕੀਤੇ ਹਨ। ਇਸ ਮੌਕੇ ਕਿਸਾਨ ਆਗੂਆਂ ਨੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਦੇ ਨਾਮ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪੇ।
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ ਤੇ ਜਗਤਾਰ ਸਿੰਘ ਕਾਲਾਝਾੜ ਨੇ ਵੱਖ-ਵੱਖ ਥਾਵਾਂ ‘ਤੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਬੰਦੀ ਸਿੰਘਾਂ ਸਣੇ ਹਰ ਧਰਮ, ਜਾਤ ਅਤੇ ਇਲਾਕੇ ਨਾਲ ਸਬੰਧਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਫੌਰੀ ਰਿਹਾਅ ਕੀਤਾ ਜਾਵੇ, ਅਦਾਲਤੀ ਸੁਣਵਾਈ ਤੋਂ ਬਿਨਾਂ ਹੀ ਸਾਲਾਂ-ਬੱਧੀ ਜੇਲਾਂ ‘ਚ ਡੱਕੇ ਹੋਏ ਕੈਦੀਆਂ ਦੀ ਸੁਣਵਾਈ ਤੁਰੰਤ ਸ਼ੁਰੂ ਕਰਵਾਈ ਜਾਵੇ ਤੇ ਬਣਦੀ ਕਾਨੂੰਨੀ ਸਜ਼ਾ ਤੋਂ ਵੱਧ ਸਮਾਂ ਜੇਲ ਕੱਟ ਚੁੱਕੇ ਕੈਦੀਆਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਭਵਿੱਖ ਵਿੱਚ ਕੈਦੀਆਂ ਨਾਲ ਅਜਿਹੀ ਬੇਇਨਸਾਫ਼ੀ ਨਾ ਹੋਣ ਦੀ ਗਾਰੰਟੀ ਦਿੱਤੀ ਜਾਵੇ। ਉਨਾਂ ਕਿਹਾ ਕਿ ਪੰਜਾਬ ਸਮੇਤ ਦੇਸ਼ ਭਰ ਦੀਆਂ ਜੇਲਾਂ ‘ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਨਾ ਕਰਕੇ ਕੇਂਦਰੀ ਤੇ ਸੂਬਾ ਸਰਕਾਰਾਂ ਉਨਾਂ ਦੇ ਮਨੁੱਖੀ ਅਧਿਕਾਰਾਂ ਦਾ ਦਮਨ ਕਰ ਰਹੀਆਂ ਹਨ। ਇਨਾਂ ਕੈਦੀਆਂ ਵਿੱਚ ਪੰਜਾਬ ਦੇ 22 ਕੈਦੀ ਵੀ ਸ਼ਾਮਲ ਹਨ। ਇਨਾਂ ਰੋਸ ਪ੍ਰਦਰਸ਼ਨਾਂ ਵਿੱਚ ਅਧਿਆਪਕ, ਬਿਜਲੀ ਮੁਲਾਜ਼ਮ, ਖੇਤ ਮਜ਼ਦੂਰ, ਸਨਅਤੀ ਮਜ਼ਦੂਰ, ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਸਣੇ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਤੇ ਸ਼ਹੀਦ ਰੰਧਾਵਾ ਵਿਦਿਆਰਥੀ ਜਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ।
ਕੈਦੀਆਂ ਦੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਉਠਾਉਣਾ ਵੀ ਜ਼ਰੂਰੀ: ਉਗਰਾਹਾਂ
ਮਾਨਸਾ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਫੌਰੀ ਰਿਹਾਈ ਦੀ ਮੰਗ ਤਹਿਤ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਮਾਨਸਾ ਵਿੱਚ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਥੇਬੰਦੀ ਦੀ ਸਮਝ ਹੈ ਕਿ ਫਿਰਕੂ ਕਤਲਾਂ ਦੇ ਆਰੋਪੀਆਂ ਦੇ ਮਨੁੱਖੀ ਅਧਿਕਾਰਾਂ ਲਈ ਆਵਾਜ਼ ਉਠਾਉਣਾ ਵੀ ਸਾਰੀਆਂ ਜਮਹੂਰੀ ਤਾਕਤਾਂ ਦਾ ਸਾਂਝਾ ਕਾਰਜ ਹੈ। ਉਨਾਂ ਦੱਸਿਆ ਕਿ ਜਥੇਬੰਦੀ ਵੱਲੋਂ ਪਹਿਲਾਂ ਹੀ ਇਸ ਤਹਿਤ ਆਵਾਜ਼ ਉਠਾਈ ਜਾਂਦੀ ਰਹੀ ਹੈ ਤੇ ਹੁਣ ਸਾਲ ਦੇ ਅੰਦਰ-ਅੰਦਰ ਹੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ 2021 ਨੂੰ ਟਿਕਰੀ ਬਾਰਡਰ ਦਿੱਲੀ ਵਿੱਚ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ 2022 ਨੂੰ ਬਰਨਾਲਾ ਵਿੱਚ ਭਾਰੀ ਇਕੱਠਾਂ ਦੌਰਾਨ ਇਨਾਂ ਮੰਗਾਂ ਸਬੰਧੀ ਮਤੇ ਪਾਸ ਕਰਕੇ ਜ਼ੋਰਦਾਰ ਆਵਾਜ਼ ਉਠਾਈ ਗਈ ਹੈ।

 

RELATED ARTICLES
POPULAR POSTS