ਚੰਡੀਗੜ੍ਹ : ਪੰਜਾਬ ਦੇ ਭਾਜਪਾ ਆਗੂ ਸੁਨੀਲ ਜਾਖੜ ਪਾਕਿਸਤਾਨ ਦੇ ਹੱਕ ਵਿਚ ਉਤਰ ਆਏ ਹਨ। ਉਨ੍ਹਾਂ ਨੇ ਪਾਕਿਸਤਾਨ ਦੀ ਮੱਦਦ ਕਰਨ ਲਈ ਅਪੀਲ ਕੀਤੀ ਹੈ। ਜਾਖੜ ਹੋਰਾਂ ਨੇ ਟਵੀਟ ਕਰਕੇ ਕਿਹਾ ਕਿ ਸਾਰਿਆਂ ਨੂੰ ਪਤਾ ਹੈ ਕਿ ਪਾਕਿਸਤਾਨ ਵਿਚ ਲੱਖਾਂ ਲੋਕਾਂ ਨੂੰ ਭੋਜਨ ਦੀ ਕਮੀ ਹੈ ਅਤੇ ਪਾਕਿ ਨੂੰ ਮੱਦਦ ਦੀ ਸਖਤ ਜ਼ਰੂਰਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੇਸ਼ੱਕ ਪਾਕਿਸਤਾਨ ਸਾਡਾ ਬਹੁਤ ਹੀ ਕੱਟੜ ਦੁਸ਼ਮਣ ਹੈ, ਪਰ ਉਸਦੇ ਇਸ ਰਵੱਈਏ ਨੂੰ ਇਕ ਪਾਸੇ ਰੱਖ ਕੇ ਭਾਰਤ ਨੂੰ ਸੰਕਟਗ੍ਰਸਤ ਗੁਆਂਢੀ ਦੇਸ਼ ਦਾ ਸਮਰਥਨ ਕਰਨਾ ਚਾਹੀਦਾ ਹੈ। ਧਿਆਨ ਰਹੇ ਕਿ ਸੁਨੀਲ ਜਾਖੜ ਪਹਿਲਾਂ ਕਾਂਗਰਸ ਪਾਰਟੀ ਵਿਚ ਸਨ ਅਤੇ ਹੁਣ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਜਾਖੜ ਦਾ ਪਰਿਵਾਰ ਤਿੰਨ ਪੀੜ੍ਹੀਆਂ ਤੋਂ ਕਾਂਗਰਸ ਪਾਰਟੀ ਨਾਲ ਜੁੜਿਆ ਰਿਹਾ।
ਹੋਲੇ ਮਹੱਲੇ ਲਈ ਪੁਖ਼ਤਾ ਪ੍ਰਬੰਧ ਕਰਨ ਦੇ ਹੁਕਮ
ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਅਧਿਕਾਰੀਆਂ ਨੂੰ ਸ੍ਰੀ ਆਨੰਦਪੁਰ ਸਾਹਿਬ ‘ਚ ਹੋਣ ਵਾਲੇ ਹੋਲਾ-ਮੁਹੱਲਾ ਸਮਾਗਮਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਸਮਾਗਮ ਸਬੰਧੀ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਮੁੱਖ ਮੰਤਰੀ ਵੱਲੋਂ ਉੱਚ ਪੱਧਰੀ ਮੀਟਿੰਗ ਸੱਦੀ ਗਈ ਸੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮਾਨ ਨੇ ਕਿਹਾ ਕਿ ਹੋਲਾ-ਮਹੱਲਾ ਪੰਜਾਬੀਆਂ ਅਤੇ ਖਾਸ ਤੌਰ ‘ਤੇ ਸਿੱਖ ਭਾਈਚਾਰੇ ਦੇ ਜੁਝਾਰੂ ਜਜ਼ਬੇ ਦਾ ਪ੍ਰਤੀਕ ਹੈ। ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਹੋਣ ਵਾਲੇ ਸਮਾਗਮਾਂ ‘ਚ ਵੱਡੀ ਗਿਣਤੀ ‘ਚ ਵੱਖ-ਵੱਖ ਵਰਗਾਂ ਦੇ ਸ਼ਰਧਾਲੂ ਸ਼ਾਮਲ ਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਲਈ ਟਰੈਫਿਕ ਪ੍ਰਬੰਧ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧ, ਠਹਿਰਨ ਦੀ ਵਿਵਸਥਾ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੁਚੱਜੀ ਵਿਉਂਤਬੰਦੀ ਅਤੇ ਇਸ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਕਿਹਾ।