ਵਰਕਰਾਂ ਨੂੰ ਹੇਠਲੇ ਪੱਧਰ ਤੱਕ ਕੰਮ ਕਰਨ ਦਾ ਸੱਦਾ
ਸੰਗਰੂਰ : ਭਾਜਪਾ ਦੇ ਸੂਬਾਈ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਦਰਿਆ ਠੱਲ੍ਹਣ ਦਾ ਨਾਂ ਨਹੀਂ ਲੈ ਰਿਹਾ। ਆਮ ਆਦਮੀ ਪਾਰਟੀ ਵੀ ਨਸ਼ਿਆਂ ਖਿਲਾਫ਼ ਠੋਸ ਕਦਮ ਨਹੀਂ ਚੁੱਕ ਸਕੀ ਜਿਸ ਕਾਰਨ ਹੁਣ ਨਸ਼ਿਆਂ ਖਿਲਾਫ਼ ਭਾਜਪਾ ਮੈਦਾਨ ਵਿੱਚ ਨਿੱਤਰੇਗੀ ਅਤੇ ਨਸ਼ਿਆਂ ਦਾ ਲੱਕ ਤੋੜਨ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰੇਗੀ।ਸੰਗਰੂਰ ਵਿਚ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਦੀ ਅਗਵਾਈ ਵਿੱਚ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਾਂਗੜ ਨੇ ਕਿਹਾ ਕਿ ਪੰਜਾਬ ਵਿੱਚ ਹਰ ਦਿਨ ਕੋਈ ਨਾ ਕੋਈ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਿਹਾ ਹੈ ਅਤੇ ਦਿਨੋਂ ਦਿਨ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜ਼ਿਲ੍ਹਾ ਪੱਧਰ ‘ਤੇ ਨਸ਼ਿਆਂ ਖਿਲਾਫ਼ ਮੁਹਿੰਮ ਆਰੰਭ ਕਰ ਰਹੀ ਹੈ ਜਿਸ ਵਿੱਚ ਉਹ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਕਹੇਗੀ ਅਤੇ ਇਸ ਸਮੱਸਿਆ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰੇਗੀ। ਉਨ੍ਹਾਂ ਭਾਜਪਾ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਆਸੇ ਪਾਸੇ ਨਸ਼ਾ ਕਰਨ ਵਾਲੇ ਨੌਜਵਾਨਾਂ ਕੋਲ ਜਾ ਕੇ ਉਨ੍ਹਾਂ ਬਾਰੇ ਜਾਣਕਾਰੀ ਇਕੱਤਰ ਕਰਨ।
ਸੂਬਾਈ ਮੀਤ ਪ੍ਰਧਾਨ ਅਰਵਿੰਦ ਖੰਨਾ ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਹੁੰਗਾਰੇ ਤੋਂ ਸਪੱਸ਼ਟ ਹੈ ਪੰਜਾਬ ਵਿੱਚ ਅਗਲੀ ਸਰਕਾਰ ਭਾਜਪਾ ਦੀ ਹੀ ਹੋਵੇਗੀ। ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਵੀ ਮੁਹਿੰਮ ਆਰੰਭੀ ਜਾਵੇਗੀ, ਉਸ ਨੂੰ ਬੂਥ ਪੱਧਰ ਤੱਕ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਦੀਆਂ ਬੂਥ ਪੱਧਰ ਦੀਆਂ ਕਮੇਟੀਆਂ ਵੀ ਗਠਿਤ ਕੀਤੀਆਂ ਜਾਣਗੀਆਂ।