ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਲਿਆ ਸੀ ਵਾਪਸ
ਚੰਡੀਗੜ੍ਹ : ਮਨੀਸ਼ਾ ਗੁਲਾਟੀ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਚੰਡੀਗੜ੍ਹ ਵਿਚ ਆਪਣਾ ਅਹੁਦਾ ਮੁੜ ਸੰਭਾਲ ਲਿਆ ਹੈ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਪੰਜ ਸਾਲ ਪੂਰੀ ਮਿਹਨਤ ਨਾਲ ਕੰਮ ਕੀਤਾ ਹੈ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਰਵੱਈਏ ਕਰਕੇ ਬੇਹੱਦ ਦੁੱਖ ਹੋਇਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਫ਼ੈਸਲਾ ਵਾਪਸ ਲੈਣ ‘ਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਮੈਨੂੰ ਕੋਈ ਪਹਿਲੀ ਵਾਰ ਐਕਸਟੈਂਸ਼ਨ ਨਹੀਂ ਮਿਲੀ ਹੈ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਮੈਂ ਹਮੇਸ਼ਾ ਬਿਨਾਂ ਕਿਸੇ ਪੱਖਪਾਤ ਦੇ ਕੰਮ ਕੀਤਾ ਹੈ। ਜ਼ਿਕਰਯੋਗ ਹੈ ਕਿ ਲੰਘੇ ਬੁੱਧਵਾਰ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਪਾਈ ਗਈ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਵਾਲੇ ਆਪਣੇ ਫੈਸਲੇ ਨੂੰ ਵਾਪਸ ਲੈ ਲਿਆ ਸੀ।
ਧਿਆਨ ਰਹੇ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਗੁਲਾਟੀ ਦਾ ਕਾਰਜਕਾਲ ਖਤਮ ਹੋਣ ਤੋਂ 6 ਮਹੀਨੇ ਪਹਿਲਾਂ ਹੀ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਸਨ। ਸੂਬਾ ਸਰਕਾਰ ਦੇ ਇਸ ਫੈਸਲੇ ਨੂੰ ਮਨੀਸ਼ਾ ਗੁਲਾਟੀ ਵੱਲੋਂ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ।