-0.5 C
Toronto
Saturday, February 28, 2026
spot_img
Homeਪੰਜਾਬਕਰਨੈਲ ਸਿੰਘ ਪੰਜੋਲੀ ਨੂੰ ਸ਼੍ਰੋਮਣੀ ਅਕਾਲੀ ਦਲ 'ਚੋਂ ਕੱਢਿਆ

ਕਰਨੈਲ ਸਿੰਘ ਪੰਜੋਲੀ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋਂ ਕੱਢਿਆ

ਅਨੁਸ਼ਾਸਨੀ ਕਮੇਟੀ ਨੇ ਪਾਰਟੀ ਵਿਰੋਧੀ ਕਾਰਵਾਈਆਂ ਦੇ ਲਾਏ ਆਰੋਪ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਦੇ ਆਰੋਪ ਤਹਿਤ ਛੇ ਸਾਲਾਂ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ।
ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਜਾਰੀ ਬਿਆਨ ‘ਚ ਦੱਸਿਆ ਕਿ ਪੰਜੋਲੀ ਕਈ ਦਫ਼ਾ ਪਹਿਲਾਂ ਵੀ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਅਤੇ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦਾ ਆਰੋਪੀ ਪਾਇਆ ਗਿਆ ਸੀ ਪਰ ਉਦੋਂ ਪਾਰਟੀ ਨੇ ਸਹਿਣਸ਼ੀਲਤਾ ਰੱਖਦਿਆਂ ਕੋਈ ਕਾਰਵਾਈ ਨਹੀਂ ਕੀਤੀ ਸੀ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਰਤਨ ਸਿੰਘ ਅਜਨਾਲਾ, ਬੀਬੀ ਜਗੀਰ ਕੌਰ ਅਤੇ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਗਿਆ ਸੀ।
ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਮਲੂਕਾ ਨੇ ਕਿਹਾ ਕਿ ਹੁਣ ਪੰਜੋਲੀ ਅਨੁਸ਼ਾਸਨਹੀਣਤਾ ਦੀਆਂ ਸਾਰੀਆਂ ਹੱਦਾਂ ਟੱਪ ਚੁੱਕੇ ਸਨ ਅਤੇ ਮਜਬੂਰ ਹੋ ਕੇ ਪਾਰਟੀ ਨੂੰ ਸਖ਼ਤ ਕਦਮ ਚੁੱਕਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਇਸ ਬਾਰੇ ਅਨੁਸ਼ਾਸਨੀ ਕਮੇਟੀ ਦੀ 13 ਫਰਵਰੀ ਨੂੰ ਹੋਈ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਹੈ। ਮਲੂਕਾ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਚਾਹੇ ਆਗੂ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ।
ਅਨੁਸ਼ਾਸਨੀ ਕਮੇਟੀ ਨੇ ਇਹ ਖ਼ੁਲਾਸਾ ਨਹੀਂ ਕੀਤਾ ਹੈ ਕਿ ਕਰਨੈਲ ਸਿੰਘ ਪੰਜੋਲੀ ਵੱਲੋਂ ਕਿਥੇ ਕਿਥੇ ਅਤੇ ਕਿਸ ਗੱਲ ‘ਤੇ ਪਾਰਟੀ ਦਾ ਅਨੁਸ਼ਾਸਨ ਤੋੜਿਆ ਹੈ। ਦੇਖਿਆ ਜਾਵੇ ਤਾਂ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਭਾਜਪਾ ਦਾ ਪੱਲਾ ਵੀ ਫੜ ਚੁੱਕੇ ਹਨ ਅਤੇ ਵਿਧਾਨ ਸਭਾ ਚੋਣਾਂ ਵਿਚ ਤਿੰਨ ਸੀਟਾਂ ਤੱਕ ਸੀਮਤ ਰਹਿਣ ਮਗਰੋਂ ਅਕਾਲੀ ਦਲ ਸੰਗਰੂਰ ਦੀ ਜ਼ਿਮਨੀ ਚੋਣ ਵਿਚ ਪੰਜਵੇਂ ਨੰਬਰ ‘ਤੇ ਆਇਆ ਸੀ। ਵਿਧਾਨ ਸਭਾ ਚੋਣਾਂ ਵਿਚ ਹਾਰ ਮਗਰੋਂ ਬਣੀ ਝੂੰਦਾ ਕਮੇਟੀ ਦੀ ਰਿਪੋਰਟ ਨੂੰ ਲੈ ਕੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿਚ ਰੌਲਾ ਪਿਆ ਸੀ।
ਸ਼੍ਰੋਮਣੀ ਅਕਾਲੀ ਦਲ ਨੇ ਉਦੋਂ ਐਲਾਨ ਕੀਤਾ ਸੀ ਕਿ ਝੂੰਦਾ ਕਮੇਟੀ ਦੀ ਰਿਪੋਰਟ ਨੂੰ ਜਨਤਕ ਕੀਤਾ ਜਾਵੇਗਾ ਪ੍ਰੰਤੂ ਹਾਲੇ ਤੱਕ ਇਹ ਰਿਪੋਰਟ ਜਨਤਕ ਤੌਰ ‘ਤੇ ਨਸ਼ਰ ਨਹੀਂ ਕੀਤੀ ਗਈ ਹੈ। ਸੰਗਰੂਰ ਦੀ ਜ਼ਿਮਨੀ ਚੋਣ ਹਾਰਨ ਮਗਰੋਂ ਅਕਾਲੀ ਦਲ ਨਾਲ ਨਵੇਂ ਨੇਤਾ ਨਹੀਂ ਜੁੜ ਰਹੇ ਹਨ।
ਬੇੜੀਆਂ ‘ਚੋਂ ਮੁਕਤ ਹੋ ਕੇ ਖ਼ੁਸ਼ ਹਾਂ: ਪੰਜੋਲੀ
ਸੀਨੀਅਰ ਆਗੂ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਕੋਈ ਨੋਟਿਸ ਦਿੱਤੇ ਇਹ ਫ਼ੈਸਲਾ ਲਿਆ ਗਿਆ ਹੈ ਜਿਸ ਤੋਂ ਸਾਫ਼ ਹੈ ਕਿ ਪਾਰਟੀ ਹੁਣ ਪ੍ਰਾਈਵੇਟ ਲਿਮਟਿਡ ਕੰਪਨੀ ਬਣ ਗਈ ਹੈ। ਉਹ ਬੇੜੀਆਂ ‘ਚੋਂ ਮੁਕਤ ਹੋ ਕੇ ਹੁਣ ਖ਼ੁਸ਼ ਹਨ ਅਤੇ ਉਹ ਪੰਥ ਦੀ ਸੇਵਾ ਵਿਚ ਜੁਟਣਗੇ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ, ਪੁਲਿਸ ਫਾਇਰਿੰਗ ਕੇਸ ਅਤੇ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ ਕੀਤੇ ਜਾਣ ਦੇ ਮੁੱਦੇ ‘ਤੇ ਉਹ ਹਮੇਸ਼ਾ ਬੋਲਦੇ ਰਹੇ ਹਨ ਅਤੇ ਇਨ੍ਹਾਂ ਮੁੱਦਿਆਂ ‘ਤੇ ਸਭ ਨੂੰ ਪੰਥ ਅੱਗੇ ਪੇਸ਼ ਹੋਣ ਦਾ ਮਸ਼ਵਰਾ ਵੀ ਦੇ ਚੁੱਕੇ ਹਨ ਜਿਸ ਕਰਕੇ ਉਨ੍ਹਾਂ ਖ਼ਿਲਾਫ਼ ਇਹ ਕਦਮ ਚੁੱਕਿਆ ਗਿਆ ਹੈ।

 

 

RELATED ARTICLES
POPULAR POSTS