ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੇਰਾ ਮੁਖੀ ਦੀ ਪੈਰੋਲ ਖਿਲਾਫ ਪਾਈ ਸੀ ਪਟੀਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਖਿਲਾਫ ਪਾਈ ਗਈ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਨਹੀਂ ਹੋ ਸਕੀ। ਹਾਈ ਕੋਰਟ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 28 ਫਰਵਰੀ ਨੂੰ ਕੀਤੀ ਜਾਵੇਗੀ। ਇਸ ਮਾਮਲੇ ਵਿਚ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਨੂੰ ਆਪਣਾ ਜਵਾਬ ਦਾਖਲ ਕਰਨ ਲਈ ਹਾਈ ਕੋਰਟ ਵੱਲੋਂ ਕਿਹਾ ਗਿਆ ਸੀ। ਇਸ ਤੋਂ ਪਹਿਲਾਂ ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਸਮੇਤ ਹੋਰ ਵਿਰੋਧੀ ਧਿਰਾਂ ਨੂੰ 17 ਫਰਵਰੀ ਨੂੰ ਸੁਣਵਾਈ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਹਾਈ ਕੋਰਟ ਵੱਲੋਂ ਡੇਰਾ ਮੁਖੀ ਨੂੰ ਦਸਤੀ ਨੋਟਿਸ ਭੇਜਿਆ ਗਿਆ ਸੀ। ਜਦਕਿ ਐਸਜੀਪੀਸੀ ਵੱਲੋਂ ਦਾਇਰ ਪਟੀਸ਼ਨ ’ਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਪੁਲਿਸ ਕਮਿਸ਼ਨਰ ਅਤੇ ਪੰਜਾਬ ਗ੍ਰਹਿ ਵਿਭਾਗ ਸਮੇਤ ਸੁਨਾਰੀਆ ਜੇਲ੍ਹ ਦੇ ਅਧਿਕਾਰੀ ਅਤੇ ਡੀਸੀ ਰੋਹਤਕ ਸਮੇਤ ਡੇਰਾ ਮੁਖੀ ਨੂੰ ਧਿਰ ਬਣਾੲਆ ਸੀ। ਪਟੀਸ਼ਨ ’ਚ ਐਸਜੀਪੀਸੀ ਨੇ ਰੋਹਤਕ ਜੇਲ੍ਹ ਦੇ ਅਧਿਕਾਰੀਆਂ ’ਤੇ ਪੈਰੋਲ ਦੇਣ ’ਚ ਨਿਯਮਾਂ ਦੀ ਉਲੰਘਣਾ ਕਰਨ ਦਾ ਵੀ ਆਰੋਪ ਵੀ ਲਗਾਇਆ ਸੀ ਅਤੇ ਪੈਰੋਲ ਨੂੰ ਤੁਰੰਤ ਰੱਦ ਕਰਨ ਦੀ ਮੰਗ ਵੀ ਕੀਤੀ ਸੀ।