ਕਸ਼ਮੀਰੀ ਪੰਡਤਾਂ ਦੀ ਤਰਜ਼ ‘ਤੇ ਸਿੱਖਾਂ ਲਈ ਰਾਹਤ ਪੈਕੇਜ ਮੰਗਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਨੂੰ ਕਸ਼ਮੀਰੀ ਪੰਡਤਾਂ ਦੀ ਤਰਜ਼ ‘ਤੇ ਘੱਟੋ-ਘੱਟ 1000 ਕਰੋੜ ਦੀ ਮਾਲੀ ਸਹਾਇਤਾ ਦੇਣ ਦੀ ਮੰਗ ਕੀਤੀ ਹੈ ਤੇ 1984 ਸਿੱਖ ਕਤਲੇਆਮ ਦੌਰਾਨ ਸਿੱਖਾਂ ਦੇ ਹੋਏ ਮਾਲੀ ਨੁਕਸਾਨ ਦੀ ਪੜਤਾਲ ਲਈ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਅਪੀਲ ਕੀਤੀ ਹੈ। ਇਸ ਸਬੰਧ ਵਿੱਚ ਮਨਜੀਤ ਸਿੰਘ ਜੀ.ਕੇ. ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜਿਆ ਹੈ।
ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਫੌਜਦਾਰੀ ਮਾਮਲਿਆਂ ਲਈ ਪਹਿਲਾਂ ਹੀ ਵਿਸ਼ੇਸ਼ ਜਾਂਚ ਟੀਮ ਬਣਾਈ ਹੋਈ ਹੈ ਪਰ ਇੱਕ ਨਵੰਬਰ ਤੋਂ 4 ਨਵੰਬਰ 1984 ਤਕ ਪੂਰੇ ਦੇਸ਼ ਵਿਚ ਹੋਏ ਸਿੱਖਾਂ ਦੇ ਕਤਲੇਆਮ ਦੇ ਨਾਲ ਹੀ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਵੀ ਲੁੱਟਿਆ ਅਤੇ ਜਲਾਇਆ ਗਿਆ ਸੀ ਜਿਸ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਕਿਸੇ ਵੀ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ। ਸਿੱਖਾਂ ਨੂੰ ਕਸ਼ਮੀਰੀ ਪੰਡਤਾਂ ਦੇ ਮੁਕਾਬਲੇ ਸਰਕਾਰ ਵੱਲੋਂ ਘੱਟ ਤਵੱਜੋ ਦਿੱਤੀ ਗਈ।
ਉਨ੍ਹਾਂ ਕਿਹਾ ਕਿ 1990 ਤੋਂ 2001 ਤੱਕ ਦੇ 11 ਸਾਲ ਦੇ ਸਮੇਂ ਦੌਰਾਨ 399 ਕਸ਼ਮੀਰੀ ਪੰਡਤ ਅੱਤਵਾਦ ਦਾ ਸ਼ਿਕਾਰ ਹੋ ਕੇ ਮਾਰੇ ਗਏ ਸਨ ਪਰ ਨਵੰਬਰ 1984 ਵਿਚ ਪੂਰੇ ਭਾਰਤ ਵਿਚ ਲਗਪਗ 8000 ਅਤੇ ਦਿੱਲੀ ਵਿਚ 4000 ਸਿੱਖਾਂ ਦਾ ਕਤਲ ਹੋਇਆ ਸੀ। ਉਨ੍ਹਾਂ ਦੱਸਿਆ ਕਿ ਕਸ਼ਮੀਰੀ ਪੰਡਤਾਂ ਦੇ ਮੁਕਾਬਲੇ ਸਿੱਖਾਂ ਦਾ ਜ਼ਿਆਦਾ ਨੁਕਸਾਨ ਹੋਇਆ ਸੀ।
ਉਨ੍ਹਾਂ ਇਕ ਹਜ਼ਾਰ ਕਰੋੜ ਦਾ ਰਾਹਤ ਪੈਕੇਜ ਦੇਣ ਦੀ ਮੰਗ ਕਰਦਿਆਂ ਸਾਫ਼ ਕੀਤਾ ਕਿ ਕਮੇਟੀ ਸਿੱਖਾਂ ਦੀ ਉਕਤ ਮੰਗ ਨੂੰ ਚੁੱਕਣ ਦੌਰਾਨ ਕਸ਼ਮੀਰੀ ਪੰਡਤਾਂ ਦਾ ਹਵਾਲਾ ਮਾੜੀ ਨੀਅਤ ਨਾਲ ਨਹੀਂ ਦੇ ਰਹੀ ਸਗੋਂ ਸਰਕਾਰ ਦੀਆਂ ਨੀਤੀਆਂ ਵਿਚ ਫਰਕ ਨੂੰ ਜਨਤਕ ਕਰਨਾ ਉਨ੍ਹਾਂ ਦੀ ਕੋਸ਼ਿਸ਼ ਹੈ। ਇਸ ਮੌਕੇ ਕਮੇਟੀ ਦੇ ਮੈਂਬਰ ਤੇ ਹੋਰ ਆਗੂ ਮੌਜੂਦ ਸਨ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …