Breaking News
Home / ਪੰਜਾਬ / ਕੁਲਦੀਪ ਸਿੰਘ ਧਾਲੀਵਾਲ ਵੱਲੋਂ ‘ਪੰਜਾਬੀ ਦਿਵਸ’ ਦੀ ਸਮੁੱਚੇ ਪੰਜਾਬੀਆਂ ਨੂੰ ਵਧਾਈ

ਕੁਲਦੀਪ ਸਿੰਘ ਧਾਲੀਵਾਲ ਵੱਲੋਂ ‘ਪੰਜਾਬੀ ਦਿਵਸ’ ਦੀ ਸਮੁੱਚੇ ਪੰਜਾਬੀਆਂ ਨੂੰ ਵਧਾਈ

ਕਿਹਾ : ਆਪਣੀ ਮਾਂ ਬੋਲੀ ਨੂੰ ਮਾਣ ਸਤਿਕਾਰ ਅਤੇ ਤਰਜੀਹ ਦੇਣਾ ਸਾਡਾ ਇਖਲਾਕੀ ਫਰਜ਼
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਿਚ ਖੇਤੀਬਾੜੀ ਅਤੇ ਪਰਵਾਸੀ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੇ ਅਧੀਨ ਆਉਂਦੇ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਸਮੁੱਚਾ ਦਫਤਰੀ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਧਾਲੀਵਾਲ ਨੇ ਸਮੁੱਚੇ ਪੰਜਾਬੀਆਂ ਨੂੰ ‘ਪੰਜਾਬੀ ਦਿਵਸ’ (21 ਫਰਵਰੀ) ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਵੱਡਾ ਫੈਸਲਾ ਕਰਦਿਆਂ ਸੂਬੇ ਭਰ ਵਿੱਚ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜੀਹ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਹਰ ਤਰ੍ਹਾਂ ਦੇ ਸਰਕਾਰੀ, ਪ੍ਰਾਈਵੇਟ ਜਾਂ ਹੋਰ ਬੋਰਡਾਂ ਉੱਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਕੀਤੀ ਹੈ, ਇਸ ਤੋਂ ਬਾਅਦ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ਉਤੇ ਜੁਰਮਾਨੇ ਵੀ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੇ ਦਫ਼ਤਰਾਂ ਦੇ ਸਾਰੇ ਬੋਰਡਾਂ, ਨੋਟਿਸ ਬੋਰਡਾਂ ਅਤੇ ਦਫ਼ਤਰਾਂ ਦੇ ਨਾਂ ਲਿਖਣ ਵਿੱਚ ਪੰਜਾਬੀ ਨੂੰ ਪਹਿਲ ਦਿੱਤੀ ਜਾਵੇ ਅਤੇ ਬਾਕੀ ਭਾਸ਼ਾਵਾਂ ਪੰਜਾਬੀ ਤੋਂ ਬਾਅਦ ਲਿਖੀਆਂ ਜਾਣ। ਧਾਲੀਵਾਲ ਨੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਸੱਦਾ ਦਿਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਆਪਣੀ ਮਾਂ ਬੋਲੀ ਨੂੰ ਮਾਣ ਸਤਿਕਾਰ ਅਤੇ ਤਰਜੀਹ ਦੇਣਾ ਸਾਡਾ ਸਭਨਾਂ ਦਾ ਇਖਲਾਕੀ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ 150 ਦੇਸ਼ਾਂ ਵਿੱਚ ਬੋਲੀ ਜਾਂਦੀ ਹੈ।

 

 

 

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …