ਕਿਹਾ : ਪੰਜਾਬੀਆਂ ਨੂੰ ਮੂਰਖ ਬਣਾਉਣ ਤੋਂ ਬਾਜ਼ ਆਉਣ ਮੁੱਖ ਮੰਤਰੀ ਭਗਵੰਤ ਮਾਨ
ਜਲੰਧਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੋਹਾਲੀ ਵਿਚ ਚੱਲ ਰਹੇ ‘ਇਨਵੈਸਟ ਪੰਜਾਬ’ ਸੰਮੇਲਨ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੇ ਖੋਖਲੇ ਦਾਅਵਿਆਂ ਰਾਹੀਂ ਪੰਜਾਬੀਆਂ ਨੂੰ ਮੂਰਖ ਬਣਾਉਣ ਤੋਂ ਬਾਜ਼ ਆਉਣ। ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਸਲਾਹ ਦਿੱਤੀ ਕਿ ਉਹ ਪਹਿਲਾਂ ਪੰਜਾਬ ਅੰਦਰ ਕਾਨੂੰਨ ਵਿਵਸਥਾ ਨੂੰ ਠੀਕ ਕਰਨ, ਇੰਡਸਟਰੀ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਹੂਲਤ ਨੂੰ ਯਕੀਨੀ ਬਣਾਉਣ ਅਤੇ ਫਿਰ ‘ਇਨਵੈਸਟ ਪੰਜਾਬ’ ਸੰਮੇਲਨ ਕਰਵਾਉਣ। ਉਨ੍ਹਾਂ ਮੋਹਾਲੀ ਵਿਚ ਸ਼ੁਰੂ ਹੋਏ ਇਨਵੈਸਟ ਪੰਜਾਬ ਸੰਮੇਲਨ ’ਤੇ ਤੰਜ ਕਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਝੂਠੇ ਇਸ਼ਤਿਹਾਰਾਂ ’ਤੇ ਜਨਤਾ ਦਾ ਪੈਸਾ ਬਰਬਾਦ ਕਰਨ ਦਾ ਡਰਾਮਾ ਬੰਦ ਕਰਨ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਪੰਜਾਬ ਵੱਲ ਖਿੱਚਣ ਲਈ ਸਹੂਲਤਾਂ ਦੇਣ ਦੀ ਬਜਾਏ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਇਨਵੈਸਟ ਪੰਜਾਬ ਦੀ ਸਫ਼ਲਤਾ ਦੇ ਇਸ਼ਤਿਹਾਰ ਦੇਣ ਵਿਚ ਜ਼ਿਆਦਾ ਦਿਲਚਸਪੀ ਦਿਖਾ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜਿਸ ਸਰਕਾਰ ਦੇ ਆਗੂ ਸਿੱਧੇ ਤੌਰ ’ਤੇ ਆਬਕਾਰੀ ਘਪਲੇ, ਮਾਈਨਿੰਗ ਘਪਲੇ ਅਤੇ ਫਿਰੌਤੀਆਂ ਵਰਗੇ ਅਪਰਾਧਾਂ ਵਿਚ ਸ਼ਾਮਲ ਹੋਣ ਤਾਂ ਫਿਰ ਕੋਈ ਵੀ ਇਨਵੈਸਟਰ ਪੰਜਾਬ ਵਿਚ ਨਿਵੇਸ਼ ਕਰਨ ਬਾਰੇ ਕਿਵੇਂ ਸੋਚ ਸਕਦਾ ਹੈ।

