ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੀ ਪ੍ਰਾਰਥਨਾ
ਜਲੰਧਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਵਰਾਤਰੀ ਮੌਕੇ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਜਲੰਧਰ ਅਤੇ ਸ੍ਰੀ ਮਹਾਲਕਸ਼ਮੀ ਮੰਦਰ ਵਿਖੇ ਮੱਥਾ ਟੇਕ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ।
ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਦੋ ਦਿਨ ਜਲੰਧਰ ਜ਼ਿਲ੍ਹੇ ਦੇ ਦੌਰੇ ‘ਤੇ ਰਹੇ। ਮੁੱਖ ਮੰਤਰੀ ਸ਼ਿਵਰਾਤਰੀ ਮੌਕੇ ਜਲੰਧਰ ਦੇ ਮੰਦਰਾਂ ਵਿੱਚ ਮੱਥਾ ਟੇਕਣ ਪਹੁੰਚੇ ਸਨ।
ਮੁੱਖ ਮੰਤਰੀ ਨੇ ਮੰਦਰਾਂ ਵਿੱਚ ਮੱਥਾ ਟੇਕਿਆ ਅਤੇ ਸ਼ਿਵਰਾਤਰੀ ਦੇ ਤਿਉਹਾਰ ਦੀਆਂ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਲੋਕਾਂ ਨੂੰ ਸੱਚ ਦੀ ਪ੍ਰਾਪਤੀ ਲਈ ਯਤਨਸ਼ੀਲ ਹੋਣ ਲਈ ਪ੍ਰੇਰਿਤ ਕਰਦਾ ਹੈ, ਜੋ ਭਗਵਾਨ ਸ਼ਿਵ ਦੁਆਰਾ ਦਰਸਾਈ ਗਈ ਪਰਮ ਚੇਤਨਾ ਵੱਲ ਲਿਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸ਼ਰਧਾ, ਆਪਸੀ ਪਿਆਰ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ‘ਤੇ ਜ਼ੋਰ ਦਿੰਦਾ ਹੈ। ਉਨ੍ਹਾਂ ਮਹਾਲਕਸ਼ਮੀ ਮੰਦਰ ਵਿਖੇ ਪੂਜਾ ਅਰਚਨਾ ਕੀਤੀ। ਉਨ੍ਹਾਂ ਕਿਹਾ ਕਿ ਪਰਮਾਤਮਾ ਦੀ ਮਿਹਰ ਸਦਕਾ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਅਤੇ ਸਰਕਾਰ ਵੱਲੋਂ ਲੋਕ ਪੱਖੀ ਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਮੌਕੇ ਵਿਧਾਇਕ ਰਮਨ ਅਰੋੜਾ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੇ ਹੋਰ ਹਾਜ਼ਰ ਸਨ।