ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਪੁਲਿਸ ਵਲੋਂ ਇਕ ਵੱਡੀ ਕਾਰਵਾਈ ਕਰਦਿਆਂ ਬਹੁਤ ਚਰਚਿਤ ਸਾਬਕਾ ਉਪ ਪੁਲਿਸ ਕਪਤਾਨ ਬਲਵਿੰਦਰ ਸਿੰਘ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਮਲ ਵਿਚ ਲਿਆਂਦੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਆਪਣੀਆਂ ਵੱਖ-ਵੱਖ ਕਾਰਵਾਈਆਂ ਕਾਰਨ ਚਰਚਾ ਵਿਚ ਰਹਿਣ ਵਾਲੇ ਬਲਵਿੰਦਰ ਸੇਖੋਂ ਨੇ ਬੀਤੇ ਦਿਨੀਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਨਿਆਇਕ ਅਧਿਕਾਰੀਆਂ ‘ਤੇ ਗੰਭੀਰ ਆਰੋਪ ਲਗਾਏ ਸਨ, ਉਸ ਤੋਂ ਬਾਅਦ ਹਾਈਕੋਰਟ ਵਲੋਂ ਇਸ ਦਾ ਸੂ ਮੋਟੋ ਨੋਟਿਸ ਲੈਂਦਿਆਂ ਸੇਖੋਂ ਨੂੰ ਨੋਟਿਸ ਜਾਰੀ ਕੀਤਾ ਸੀ। ਹਾਈਕੋਰਟ ਵਿਚ ਕੇਸ ਦੀ ਸੁਣਵਾਈ ਸੀ ਸੁਣਵਾਈ ਦੌਰਾਨ ਹਾਈਕੋਰਟ ਵਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਸੇਖੋਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਜਿਸ ‘ਤੇ ਪੁਲਿਸ ਵਲੋਂ ਸੇਖੋਂ ਨੂੰ ਗ੍ਰਿਫਤਾਰ ਕਰ ਲਿਆ ਗਿਆ।