Breaking News
Home / ਪੰਜਾਬ / ਹਰਿਆਣਾ ਦੇ ਗੁਰਦੁਆਰਿਆਂ ‘ਤੇ ਕਬਜ਼ੇ ਦਾ ਮਾਮਲਾ

ਹਰਿਆਣਾ ਦੇ ਗੁਰਦੁਆਰਿਆਂ ‘ਤੇ ਕਬਜ਼ੇ ਦਾ ਮਾਮਲਾ

ਸ਼੍ਰੋਮਣੀ ਕਮੇਟੀ ਨੇ ਪੰਜ ਮੈਂਬਰੀ ਕਮੇਟੀ ਬਣਾਈ
‘ਹਰਿਆਣਾ ਸਰਕਾਰ ਗੁਰਦੁਆਰਿਆਂ ਦੇ ਪ੍ਰਬੰਧਾਂ ‘ਚ ਦਖ਼ਲਅੰਦਾਜ਼ੀ ਬੰਦ ਕਰੇ’
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਹਰਿਆਣਾ ਵਿਚ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਅਤੇ ਸਿੱਖ ਮਿਸ਼ਨ ਦਫ਼ਤਰ ‘ਤੇ ਕਬਜ਼ੇ ਦੇ ਮਾਮਲੇ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਬਣਾਈ ਹੈ। ਇਸ ਗੰਭੀਰ ਮਾਮਲੇ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਗਈ ਸੀ।
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪੰਜ ਮੈਂਬਰੀ ਕਮੇਟੀ ਗੁਰਦੁਆਰੇ ਵਿਚ ਵਾਪਰੀ ਘਟਨਾ ਦਾ ਜਾਇਜ਼ਾ ਲਵੇਗੀ। ਕਮੇਟੀ ਦੀ ਰਿਪੋਰਟ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਗਲੇਰੀ ਕਾਰਵਾਈ ਲਈ ਅਪੀਲ ਕੀਤੀ ਜਾਵੇਗੀ। ਪੰਜ ਮੈਂਬਰੀ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰਾ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਅਤੇ ਬਾਵਾ ਸਿੰਘ ਗੁਮਾਨਪੁਰਾ ਸ਼ਾਮਲ ਹਨ।
ਅੰਤ੍ਰਿੰਗ ਕਮੇਟੀ ਨੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਚ ਕਬਜ਼ੇ ਲਈ ਕੀਤੀ ਗਈ ਧੱਕੇਸ਼ਾਹੀ ਅਤੇ ਸਿੱਖ ਮਰਿਆਦਾ ਦੀ ਉਲੰਘਣਾ ਦਾ ਸਖ਼ਤ ਨੋਟਿਸ ਲੈਂਦਿਆਂ ਹਰਿਆਣਾ ਸਰਕਾਰ ਨੂੰ ਗੁਰਦੁਆਰਾ ਪ੍ਰਬੰਧਾਂ ‘ਚ ਦਖ਼ਲ ਬੰਦ ਕਰਨ ਦੀ ਤਾੜਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਰਵਾਈ ਪ੍ਰਤੀ ਰੋਸ ਪ੍ਰਗਟਾਉਣ ਲਈ ਹਰਿਆਣਾ ਦੀ ਸੰਗਤ ਜਦੋਂ ਗੁਰਦੁਆਰੇ ਪੁੱਜੀ ਤਾਂ ਲਾਠੀਚਾਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਆਰੋਪ ਲਾਇਆ ਕਿ ਪੁਲਿਸ ਕਰਮੀਆਂ ਨੇ ਜੁੱਤੀਆਂ ਸਮੇਤ ਗੁਰਦੁਆਰੇ ਦੀ ਪਰਿਕਰਮਾ ‘ਚ ਦਾਖ਼ਲ ਹੋ ਕੇ ਮਰਿਯਾਦਾ ਦਾ ਘੋਰ ਉਲੰਘਣ ਕੀਤਾ ਹੈ। ਧਾਮੀ ਨੇ ਕਿਹਾ ਕਿ ਐਡਹਾਕ ਕਮੇਟੀ ਦੀ ਗੈਰਕਾਨੂੰਨੀ ਨਾਮਜ਼ਦਗੀ ਵਿਰੁੱਧ ਕਾਨੂੰਨੀ ਮਾਹਿਰਾਂ ਦੀ ਰਾਇ ਲਈ ਜਾਵੇਗੀ।

 

 

Check Also

ਚੰਡੀਗੜ੍ਹ ਗਰਨੇਡ ਹਮਲੇ ਦਾ ਪੰਜ ਲੱਖ ਰੁਪਏ ’ਚ ਹੋਇਆ ਸੀ ਸੌਦਾ

ਬਲਾਸਟ ਤੋਂ ਬਾਅਦ ਜੰਮੂ ਭੱਜਣ ਵਾਲੇ ਸਨ ਹਮਲਾਵਰ, ਪਾਕਿਸਤਾਨ ਆਏ ਸਨ ਹਥਿਆਰ ਚੰਡੀਗੜ੍ਹ/ਬਿਊਰੋ ਨਿਊਜ਼ : …