Breaking News
Home / ਪੰਜਾਬ / ਭਗਵੰਤ ਮਾਨ ਨੇ 28 ਫਰਵਰੀ ਨੂੰ ਸੱਦੀ ਕੈਬਨਿਟ ਮੀਟਿੰਗ

ਭਗਵੰਤ ਮਾਨ ਨੇ 28 ਫਰਵਰੀ ਨੂੰ ਸੱਦੀ ਕੈਬਨਿਟ ਮੀਟਿੰਗ

ਰਾਜਪਾਲ ਪੁਰੋਹਿਤ ਨੇ ਪੰਜਾਬ ਦੇ ਬਜਟ ਇਜਲਾਸ ਦੀ ਨਹੀਂ ਦਿੱਤੀ ਹੈ ਪ੍ਰਵਾਨਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਆਉਂਦੀ 3 ਮਾਰਚ ਤੋਂ ਬਜਟ ਇਜਲਾਸ ਦਾ ਐਲਾਨ ਕੀਤਾ ਹੋਇਆ ਹੈ। ਪਰ ਰਾਜਪਾਲ ਬੀ.ਐਲ. ਪੁਰੋਹਿਤ ਨੇ ਬਜਟ ਇਜਲਾਸ ਲਈ ਪ੍ਰਵਾਨਗੀ ਨਹੀਂ ਦਿੱਤੀ ਅਤੇ ਕਿਹਾ ਹੈ ਕਿ ਉਹ ਕਾਨੂੰਨੀ ਸਲਾਹ ਲਏ ਬਿਨਾਂ ਬਜਟ ਸੈਸ਼ਨ ਸੱਦਣ ਦੀ ਇਜਾਜ਼ਤ ਨਹੀਂ ਦਿੰਦੇ। ਇਸਦੇ ਚੱਲਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਜਟ ਇਜਲਾਸ ਸੱਦਣ ਦੀ ਮਨਜ਼ੂਰੀ ਨਾ ਦੇਣ ਨੂੰ ਲੈ ਕੇ ਉਪਜੇ ਸਿਆਸੀ ਵਿਵਾਦ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ 28 ਫਰਵਰੀ ਨੂੰ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਇਸੇ ਦੌਰਾਨ ਮੁੱਖ ਸਕੱਤਰ ਵੀਕੇ ਜੰਜੂਆ ਵੱਲੋਂ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਕੈਬਨਿਟ ਦੀ ਮੀਟਿੰਗ 28 ਫਰਵਰੀ ਨੂੰ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ’ਚ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ 6 ਤੋਂ 7 ਮੁੱਦਿਆਂ ’ਤੇ ਜਵਾਬ ਮੰਗਿਆ ਸੀ, ਪਰ ਉਨ੍ਹਾਂ ਦਾ ਜਵਾਬ ਦੇਣ ਦੀ ਬਜਾਏ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ਪੰਜਾਬ ਦੇ 3 ਕਰੋੜ ਲੋਕ ਕੇਂਦਰ ਸਰਕਾਰ ਨੂੰ ਜਵਾਬਦੇਹ ਨਹੀਂ ਹਨ। ਹੁਣ ਰਾਜਪਾਲ ਵੱਲੋਂ ਮੁੱਖ ਮੰਤਰੀ ਨੂੰ ਭੇਜੀ ਗਈ 2 ਸਫਿਆਂ ਦੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਤੁਹਾਡੇ ਵੱਲੋਂ ਟਵੀਟ ਅਤੇ ਚਿੱਠੀ ਰਾਹੀਂ ਭੇਜਿਆ ਗਿਆ ਜਵਾਬ ਗੈਰ-ਸੰਵਿਧਾਨਿਕ ਵੀ ਹੈ ਅਤੇ ਅਪਮਾਨਜਨਕ ਭਾਸ਼ਾ ਵਾਲਾ ਵੀ ਹੈ। ਇਸ ਲਈ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਹੀ ਹੁਣ ਸੈਸ਼ਨ ਬਾਰੇ ਤੁਹਾਡੀ ਬੇਨਤੀ ’ਤੇ ਫ਼ੈਸਲਾ ਕਰਾਂਗਾ। ਇਸ ਤੋਂ ਬਾਅਦ ਹੁਣ ਰਾਜਪਾਲ ਬੀ.ਐਲ. ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਸਿਆਸੀ ਕਲੇਸ਼ ਹੋਰ ਵਧਣ ਦੀ ਸੰਭਾਵਨਾ ਹੈ।

 

Check Also

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ

ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ …