ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪ੍ਰੀਖਿਆ ਕੀਤੀ ਮੁਲਤਵੀ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਕਰਵਾਈ ਜਾਣ ਵਾਲੀ 10+2 ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਐਨ ਮੌਕੇ ਮੁਲਤਵੀ ਕਰ ਦਿੱਤੀ ਗਈ। ਇਹ ਜਾਣਕਾਰੀ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇ.ਆਰ. ਮਹਿਰੋਕ ਨੇ ਮੀਡੀਆ ਨਾਲ ਸਾਂਝੀ ਕੀਤੀ। ਮੀਡੀਆ ਰਿਪੋਰਟਾਂ ਅਨੁਸਾਰ ਅੱਜ ਹੋਣ ਵਾਲਾ ਬਾਰ੍ਹਵੀਂ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਲੀਕ ਹੋਣ ਕਾਰਨ ਬੋਰਡ ਮੈਨੇਜਮੈਂਟ ਨੇ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਕੀਤਾ। ਬੋਰਡ ਨੇ ਕਿਹਾ ਕਿ ਅੱਜ ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 5:15 ਵਜੇ ਤੱਕ ਕਰਵਾਈ ਜਾਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੇ ਅੰਗਰੇਜ਼ੀ ਲਾਜ਼ਮੀ ਵਿਸ਼ੇ ਦੀ ਪ੍ਰੀਖਿਆ ਕੁੱਝ ਪ੍ਰਸ਼ਾਸਨਿਕ ਕਾਰਨਾਂ ਕਰਕੇ ਹਾਲ ਦੀ ਘੜੀ ਮੁਲਤਵੀ ਕਰ ਦਿੱਤੀ ਗਈ ਹੈ। ਇਸ ਵਿਸ਼ੇ ਦੀ ਪ੍ਰੀਖਿਆ ਦੀ ਅਗਲੀ ਤਰੀਕ ਬਾਰੇ ਸਬੰਧਤ ਪ੍ਰੀਖਿਆਰਥੀਆਂ ਅਤੇ ਪ੍ਰੀਖਿਆ ਅਮਲੇ ਨੂੰ ਬਾਅਦ ਵਿੱਚ ਸੂਚਿਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 20 ਫਰਵਰੀ ਤੋਂ ਸ਼ੁਰੂ ਹੋ ਚੁੱਕੀਆਂ ਹਨ।