ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸ਼ਿਕਾਇਤ ਤੋਂ ਬਾਅਦ ਸ਼ਰਾਬ ਫੈਕਟਰੀ ਨੂੰ ਕੀਤਾ ਗਿਆ ਸੀ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਜੀਰਾ ਸ਼ਰਾਬ ਫੈਕਟਰੀ ਦੇ ਲਾਇਸੈਂਸ ਦੀ ਸਮੀਖਿਆ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਾਈਕੋਰਟ ’ਚ ਜਾਣਕਾਰੀ ਦਿੱਤੀ ਕਿ ਫੈਕਟਰੀ ਦੀ ਜਾਂਚ ਲਈ ਬਣਾਈਆਂ ਗਈਆਂ ਚਾਰ ਕਮੇਟੀਆਂ ਵਿੱਚੋਂ ਦੋ ਨੇ ਆਪਣੀਆਂ ਰਿਪੋਰਟਾਂ ਸੌਂਪ ਦਿੱਤੀਆਂ ਹਨ। ਧਿਆਨ ਰਹੇ ਕਿ ਪੰਜਾਬ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰਿਪੋਰਟ ਦੇ ਆਧਾਰ ’ਤੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਫੈਸਲਾ ਲਿਆ ਸੀ। ਇਸ ਤੋਂ ਪਹਿਲਾਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਇਥੇ ਲੰਬੇ ਸਮੇਂ ਤੱਕ ਕਿਸਾਨ ਮੋਰਚਾ ਲਗਾਇਆ ਗਿਆ ਸੀ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਸ਼ਰਾਬ ਫੈਕਟਰੀ ਦੇ ਪ੍ਰਦੂਸ਼ਣ ਕਾਰਨ ਨੇੜਲੇ ਪਿੰਡਾਂ ਦੇ ਧਰਤੀ ਹੇਠਲੇ ਪਾਣੀ ਨੂੰ ਬਹੁਤ ਨੁਕਸਾਨ ਹੋ ਰਿਹਾ ਹੈ, ਜਿਸ ਨੂੰ ਪੀਣ ਕਾਰਨ ਇਲਾਕੇ ਦੇ ਲੋਕ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਜਿਸ ਲਈ ਇਲਾਕਾ ਵਾਸੀਆਂ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਸੀ। ਜਿਸ ਦੇ ਚਲਦਿਆਂ ਭਗਵੰਤ ਮਾਨ ਸਰਕਾਰ ਨੇ ਲੰਘੇ ਦਿਨੀਂ ਇਸ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਸੀ।