ਪੰਜਾਬੀਆਂ ਨੂੰ ਘਰ ਬੈਠੇ ਹੀ ਮਿਲਣਗੀਆਂ 40 ਸਹੂਲਤਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਛੇਤੀ ਹੀ ‘ਸਰਕਾਰ ਤੁਹਾਡੇ ਦੁਆਰ’ ਯੋਜਨਾ ਦੀ ਸ਼ੁਰੂਆਤ ਕਰਨ ’ਤੇ ਵਿਚਾਰ ਕਰ ਰਹੀ ਹੈ। ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ 40 ਨਾਗਰਿਕ ਕੇਂਦਰਿਤ ਸੇਵਾਵਾਂ ਘਰ ਬੈਠੇ ਹੀ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਐਪ ਜ਼ਰੀਏ ਆਨਲਾਈਨ ਮੁਹੱਈਆ ਕਰਵਾਈ ਜਾਵੇਗੀ ਅਤੇ ਪੰਜਾਬੀਆਂ ਨੂੰ ਸਿਰਫ਼ ਇਕ ਫੋਨ ਕਾਲ ਕਰਨ ’ਤੇ ਹੀ ਇਸ ਯੋਜਨਾ ਦਾ ਲਾਭ ਮਿਲੇਗਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਠੇਕੇ ’ਤੇ ਕੰਮ ਕਰਦੇ 14 ਹਜ਼ਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਹੈ ਅਤੇ ਕੈਬਨਿਟ ਨੇ ਇੰਨੀ ਹੀ ਗਿਣਤੀ ’ਚ ਹੋਰ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਵੀ ਮਨਜੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੇਤੀਬਾੜੀ ਨਾਲ ਸਬੰਧਤ ਸਹਾਇਕ ਕੰਮਾਂ ਨੂੰ ਉਤਸ਼ਾਹਿਤ ਕਰਨ ਵੱਲ ਵੀ ਧਿਆਨ ਦੇ ਰਹੀ ਹੈ ਅਤੇ ਫੂਡ ਪ੍ਰੋਸੈਸਿੰਗ ਸੈਕਟਰ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਗੰਨਾ, ਲੀਚੀ, ਲਸਣ ਅਤੇ ਕਿੰਨੂ ਸਮੇਤ ਹੋਰ ਫਲਾਂ ਲਈ ਛੇਤੀ ਹੀ ਪ੍ਰੋਸੈਸਿੰਗ ਪਲਾਂਟ ਸਥਾਪਿਤ ਕੀਤੇ ਜਾ ਸਕਣ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …